ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਟਲੀ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

09/16/2018 10:48:26 PM

ਇਟਲੀ (ਕੈਥ)— ਸਿੱਖ ਧਰਮ ਦੇ ਮਹਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ (ਲਾਤੀਨਾ) ਵੱਲੋਂ ਵਿਸ਼ਾਲ ਨਗਰ ਕੀਰਤਨ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ, ਜਿਸ ਵਿੱਚ ਇਟਲੀ ਭਰ ਤੋਂ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ । ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ਾਲ ਕੀਰਤਨ ਦਰਬਾਰ ਸਜਾਏ ਗਏ ਜਿਸ ਉਪਰੰਤ ਇਹ ਨਗਰ ਕੀਰਤਨ ਦੁਪਹਿਰ ਸਮੇਂ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਨਗਰ ਦੀ ਪ੍ਰਕਰਮਾ ਕਰਦਾ ਵਾਪਸ ਗੁਰਦੁਆਰਾ ਸਾਹਿਬ ਹੀ ਸਮਾਪਤ ਹੋਇਆ । ਨਗਰ ਕੀਰਤਨ ਦੇ ਵੱਖ-ਵੱਖ ਪੜਾਵਾਂ ਮੌਕੇ ਸੇਵਾਦਾਰਾਂ ਵੱਲੋਂ ਸੰਗਤਾਂ ਨੂੰ ਅਨੇਕਾਂ ਪ੍ਰਕਾਰ ਦੇ ਪ੍ਰਸ਼ਾਦ ਵਰਤਾਏ ਗਏ ਇਸ ਨਗਰ ਕੀਰਤਨ ਵਿਚ ਭਾਰਤੀ ਕਮਿਊਨਿਟੀ ਤੋਂ ਇਲਾਵਾ ਇਤਾਲੀਅਨ ਤੇ ਹੋਰ ਦੇਸ਼ਾਂ ਦੀ ਸੰਗਤ ਵੀ ਸ਼ਾਮਲ ਸੀ। ਜਿਨ੍ਹਾਂ ਇਸ ਸਮੁੱਚੇ ਨਗਰ ਕੀਰਤਨ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਦੇਖਿਆ ਅਤੇ ਸਮਝਿਆ । ਨਗਰ ਕੀਰਤਨ ਦੀਆਂ ਸੰਗਤਾਂ ਵੱਲੋਂ ਸਿਰ ਉਪੱਰ ਸਜਾਈਆਂ ਨੀਲੇ-ਪੀਲੇ ਰੰਗ ਦੀਆਂ ਦਸਤਾਰਾਂ ਜਿੱਥੇ ਸ਼ਹਿਰ ਵਿੱਚ ਵੱਖ ਨਜ਼ਾਰਾਂ ਪੇਸ਼ ਕਰ ਰਹੀਆਂ ਸਨ ਉੱਥੇ ਸੰਗਤਾਂ ਵੱਲੋਂ ਲਗਾਏ ਜਾ ਰਹੇ “ਬੋਲੇ ਸੋ ਨਿਹਾਲ “ਦੇ ਜੈਕਾਰਿਆਂ ਨਾਲ ਪੂਰਾ ਸ਼ਹਿਰ ਬੋਰਗੋ ਹਰਮਾਦਾ ਗੂੰਜ ਰਿਹਾ ਸੀ । ਇਸ ਨਗਰ ਕੀਰਤਨ ਵਿੱਚ ਸਥਾਨਕ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਨੇ ਵੀ ਸਮੂਲੀਅਤ ਕੀਤੀ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਵਸ ਦੀ ਸੰਗਤਾਂ ਨੂੰ ਵਧਾਈਆਂ ਦਿੱਤੀਆਂ । ਨਗਰ ਕੀਰਤਨ ਦੀਆਂ ਸੰਗਤਾਂ ਨੂੰ ਪੰਥ ਦੇ ਪ੍ਰਸਿੱਧ ਕੀਰਤਨ, ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਮਹਾਨ ਸਿੱਖ ਇਤਿਹਾਸ ਸਰਵਣ ਕਰਵਾਉਂਦਿਆਂ ਅੰਮ੍ਰਿਤ ਛੱਕਣ ਲਈ ਪ੍ਰੇਰਿਆ । ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਦੀ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ ਤੇ ਸੰਗਤਾਂ ਨੂੰ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਵਧਾਈਆਂ ਦਿੰਦਿਆਂ ਨਗਰ ਕੀਰਤਨ ਵਿੱਚ ਸਮਾਂ ਕੱਢ ਕੇ ਸਮੂਲੀਅਤ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ।


Related News