ਬਿਜਲੀ ਬਿੱਲਾਂ ਦੀਆਂ ਕਾਪੀਆਂ ਫੂਕ ਕੇ ਸਰਕਾਰ ਖ਼ਿਲਾਫ਼ ਕੱਢਿਆ ਗੁੱਸਾ

09/17/2018 1:31:20 PM

ਭਵਾਨੀਗੜ੍ਹ(ਵਿਕਾਸ)— ਬਿਜਲੀ ਦੇ ਭਾਰੀ ਰਕਮਾਂ ਦੇ ਬਿੱਲ ਭੇਜੇ ਜਾਣ 'ਤੇ ਸੋਮਵਾਰ ਨੂੰ ਪਿੰਡ ਰੋਸ਼ਨਵਾਲਾ ਵਿਖੇ ਦਲਿਤ ਭਾਈਚਾਰੇ ਅਤੇ ਮਜ਼ਦੂਰ ਵਰਗ ਦੇ ਲੋਕਾਂ ਵੱਲੋਂ ਪੰਜਾਬ ਸਰਕਾਰ ਤੇ ਬਿਜਲੀ ਮਹਿਕਮੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਬਿੱਲਾਂ ਦੀਆਂ ਕਾਪੀਆਂ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ 'ਆਪ' ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਫੱਗੂਵਾਲਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚੁੱਪ-ਚਪੀਤੇ ਪਹਿਲਾਂ ਬਿਜਲੀ ਦਰਾਂ ਵਿਚ ਵਾਧਾ ਕਰਕੇ ਸੂਬੇ ਦੀ ਜਨਤਾ ਦਾ ਕਚੂੰਬਰ ਕੱਢਿਆ ਤੇ ਹੁਣ ਮਜ਼ਦੂਰ ਅਤੇ ਦਲਿਤ ਪਰਿਵਾਰਾਂ ਨੂੰ ਬਿਜਲੀ ਦੇ ਬੇਤਹਾਸ਼ਾ ਬਿੱਲ ਭੇਜ ਕੇ ਗਰੀਬ ਲੋਕਾਂ ਨੂੰ ਕਰਜ਼ ਹੇਠ ਦੱਬ ਕੇ ਖੁਦਕੁਸ਼ੀਆਂ ਦੇ ਰਾਹ ਤੋਰਨ 'ਤੇ ਤੁੱਲੀ ਹੈ।

ਇਸ ਮੌਕੇ 'ਆਪ' ਦੇ ਸੂਬਾ ਜਨਰਲ ਸਕੱਤਰ ਤੇ ਹਲਕਾ ਪ੍ਰਧਾਨ ਦਿਨੇਸ਼ ਬਾਂਸਲ ਨੇ ਵੀ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਜੰਮ ਕੇ ਆਲੋਚਨਾ ਕਰਦਿਆਂ ਕਿਹਾ ਕਿ ਦਿੱਲੀ ਵਿਚ ਕੇਜਰੀਵਾਲ ਸਰਕਾਰ ਪੰਜਾਬ ਸੂਬੇ ਦੇ ਮੁਕਾਬਲੇ ਬਿਜਲੀ ਯੂਨਿਟ ਦੀਆਂ ਦਰਾਂ ਬਹੁਤ ਹੀ ਘੱਟ ਰੇਟ 'ਤੇ ਲੋਕਾਂ ਨੂੰ ਮੂਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੈਪਟਨ ਸਰਕਾਰ ਮਜ਼ਦੂਰ ਤੇ ਦਲਿਤ ਵਿਰੋਧੀ ਸਾਬਤ ਹੋ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਔਰਤਾਂ ਤੋਂ ਇਲਾਵਾ ਰਜਿੰਦਰ ਸਿੰਘ ਚਾਹਲ, ਜਸਵਿੰਦਰ ਸਿੰਘ, ਇਕਬਾਲ ਸਿੰਘ ਆਦਿ ਹਾਜ਼ਰ ਸਨ।


Related News