SIT ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ 200 ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕਰੇਗੀ: ਕੈਪਟਨ

09/18/2018 10:55:29 AM

ਜਲੰਧਰ (ਧਵਨ)— ਪੰਜਾਬ 'ਚ ਪਿਛਲੇ ਸਮੇਂ ਵਿਚ ਧਾਰਮਿਕ ਗ੍ਰੰਥਾਂ ਦੀਆਂ ਹੋਈਆਂ ਬੇਅਦਬੀ  ਦੀਆਂ ਘਟਨਾਵਾਂ ਨੂੰ ਵੇਖਦਿਆਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਸਰਕਾਰ ਵਲੋਂ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) 200 ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕਰੇਗੀ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ  ਜੀ, ਸ੍ਰੀ ਗੁਟਕਾ ਸਾਹਿਬ, ਸ਼੍ਰੀਮਦ ਭਗਵਦ ਗੀਤਾ ਅਤੇ ਕੁਰਾਨ ਸ਼ਰੀਫ ਦੀ ਬੇਅਦਬੀ ਦੀਆਂ ਘਟਨਾਵਾਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਅਸਲ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਧਾਰਮਿਕ ਕੱਟੜਤਾ ਦੀ ਭਾਵਨਾ ਨੂੰ ਸੂਬੇ ਵਿਚ ਬੜ੍ਹਾਵਾ ਦੇਣ ਵਿਚ ਲੱਗੇ ਹਨ ਪਰ ਉਨ੍ਹਾਂ ਦੀ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਸ਼ਾਮਲ ਕਿਸੇ ਕਸੂਰਵਾਰ ਨੂੰ ਬਖਸ਼ਣ ਵਾਲੀ ਨਹੀਂ ਭਾਵੇਂ ਉਹ ਕਿੰਨਾ ਵੀ ਰਸੂਖਦਾਰ ਵਿਅਕਤੀ ਕਿਉਂ ਨਾ  ਹੋਵੇ। ਅਜਿਹੀਆਂ ਘਟਨਾਵਾਂ ਦੇ ਮਾਮਲੇ 'ਚ ਕਾਨੂੰਨ ਆਪਣਾ ਕੰਮ ਕਰੇਗਾ। ਲੰਬੀ ਰੈਲੀ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਬਾਦਲਾਂ ਵਲੋਂ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਵਿਗਾੜਨ ਦੀਆਂ ਘਟਨਾਵਾਂ ਨੂੰ ਉਜਾਗਰ ਕਰਨਾ ਹੈ।

ਵੱਡੇ ਬਾਦਲ ਵਲੋਂ ਪੰਜਾਬ ਖਾਤਰ ਆਪਣੀ ਕੁਰਬਾਨੀ ਦੇਣ ਦਾ ਜ਼ਿਕਰ ਕੀਤੇ ਜਾਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਲਟਾ ਬਾਦਲ ਕੋਲੋਂ ਪੁੱਛਿਆ ਕਿ ਉਨ੍ਹਾਂ ਦੀ ਕੁਰਬਾਨੀ ਕਿਸ ਨੇ ਮੰਗੀ ਹੈ। ਪੰਜਾਬ ਸ਼ਾਂਤ ਸੂਬਾ ਹੈ ਅਤੇ ਕਾਂਗਰਸ ਸਰਕਾਰ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਭੰਗ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਕਾਫੀ ਦੁਖਾਂਤ ਝੱਲਿਆ ਹੈ ਅਤੇ ਹੁਣ ਪੰਜਾਬ 'ਤੇ ਅਕਾਲੀਆਂ ਨੂੰ ਤਰਸ ਖਾਣਾ ਚਾਹੀਦਾ ਹੈ। ਮੁੱਖ ਮੰਤਰੀ ਜ਼ੀਰਕਪੁਰ ਵੀ ਗਏ, ਜਿਥੇ ਉਨ੍ਹਾਂ ਸਾਬਕਾ ਕਾਂਗਰਸੀ ਵਿਧਾਇਕ ਕੇਵਲ ਸਿੰਘ ਢਿੱਲੋਂ ਵਲੋਂ ਖੋਲ੍ਹੇ ਗਏ ਪਲਾਜ਼ਾ ਆਈਨਾਕਸ ਮਲਟੀਪਲੈਕਸ ਦਾ ਉਦਘਾਟਨ ਕੀਤਾ। ਚੰਡੀਗੜ੍ਹ ਏਅਰਪੋਰਟ ਕੋਲ ਹੋਣ ਕਾਰਨ ਇਹ ਕੌਮਾਂਤਰੀ ਅਤੇ ਕੌਮੀ ਸੈਲਾਨੀਆਂ ਨੂੰ ਆਪਣੇ ਵੱਲ  ਖਿੱਚੇਗਾ। ਇਸ ਮੌਕੇ ਕੰਵਰ ਢਿੱਲੋਂ, ਕਰਨ ਢਿੱਲੋਂ, ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਤੇ  ਹੋਰ ਅਧਿਕਾਰੀ ਵੀ ਮੌਜੂਦ ਸਨ।


Related News