2 ਹਜ਼ਾਰ ਪੁਲਸ ਮੁਲਾਜ਼ਮ ਸੰਭਾਲਣਗੇ 433 ਪੋਲਿੰਗ ਬੂਥਾਂ ਦੀ ਸੁਰੱਖਿਆ ਦੀ ਕਮਾਨ

09/18/2018 11:10:01 AM

ਜਲਾਲਾਬਾਦ, (ਗੁਲਸ਼ਨ)—ਜ਼ਿਲਾ ਫਾਜ਼ਿਲਕਾ ਦੇ ਸੀਨੀਅਰ ਪੁਲਸ ਕਪਤਾਨ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਭਲਕੇ ਹੋਣ ਜਾ ਰਹੀਆਂ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਜ਼ਿਲਾ ਪੁਲਸ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਚੋਣਾਂ ਦੌਰਾਨ ਅਮਨ ਸ਼ਾਂਤੀ ਵਿਵਸਥਾ ਭੰਗ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਸ਼੍ਰੀ ਖੁਰਾਣਾ ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਵੱਲੋਂ ਰਿਹਰਸਲ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਫਾਜ਼ਿਲਕਾ 'ਚ 433 ਪੋਲਿੰਗ ਸਟੇਸ਼ਨਾਂ ਤੇ 689 ਪੋਲਿੰਗ ਬੂਥ ਬਣਾਏ ਗਏ ਹਨ। ਸੁਰੱਖਿਆ ਦੇ ਮੱਦੇਨਜ਼ਰ ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਬੂਥਾਂ ਦੀ ਪਛਾਣ ਕਰ ਕੇ ਸੁਰੱਖਿਆ ਵਿਵਸਥਾ ਵਧਾ ਦਿੱਤੀ ਗਈ ਹੈ। ਸ਼੍ਰੀ ਖੁਰਾਣਾ ਨੇ ਦੱਸਿਆ ਕਿ ਸ਼ਾਂਤੀਪੂਰਨ ਚੋਣਾਂ ਕਰਵਾਉਣੀਆਂ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੈ। ਜ਼ਿਲੇ ਅੰਦਰ 43 ਪੁਲਸ ਪਾਰਟੀਆਂ ਨੂੰ ਸੁਰੱਖਿਆ ਵਿਵਸਥਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਤੇ ਅਤਿ ਸੰਵੇਦਨਸ਼ੀਲ ਬੂਥਾਂ ਤੇ ਪੁਲਸ ਪਾਰਟੀਆਂ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਪੁਲਸ ਉਪਕਪਤਾਨ ਤੇ ਸਬੰਧਤ ਥਾਣਾ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਇਲਾਕੇ 'ਚ ਚੋਣਾਂ ਦੋਰਾਨ ਪੂਰੀ ਚੌਕਸੀ ਵਰਤਣ ਤੇ ਪੋਲਿੰਗ ਬੂਥਾਂ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ। ਕਰੀਬ 2 ਹਜ਼ਾਰ ਪੁਲਸ ਮੁਲਾਜ਼ਮਾਂ ਨੂੰ ਚੋਣਾਂ ਲਈ ਤਾਇਨਾਤ ਕੀਤਾ ਗਿਆ ਹੈ।


Related News