ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਜਾਇਜ਼ਾ ਲੈਣ ਪਹੁੰਚੇ ਭਾਈ ਲੌਂਗੋਵਾਲ (ਵੀਡੀਓ)

09/18/2018 12:04:04 PM

ਅੰਮ੍ਰਿਤਸਰ (ਦੀਪਕ) : ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੇ ਲਾਂਘੇ ਸਬੰਧੀ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੀਆਂ ਸਰਗਰਮੀਆਂ ਦੌਰਾਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਸਮੇਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਡੇਰਾ ਬਾਬਾ ਨਾਨਕ ਸਥਿਤ ਭਾਰਤ-ਪਾਕਿਸਤਾਨ ਸਰਹੱਦ ਉੱਪਰ ਲਾਂਘਾ ਸਥੱਲ 'ਤੇ ਜਾ ਕੇ ਮੌਕੇ ਦਾ ਜਾਇਜ਼ਾ ਲਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੇਕਰ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਮੈਮੋਰੰਡਮ ਆਫ ਅੰਡਰਸਟੈਂਡਿੰਗ ਤਹਿਤ ਗੁ. ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਤਿਆਰ ਹੋ ਜਾਣ ਤਾਂ ਸ਼੍ਰੋਮਣੀ ਕਮੇਟੀ ਲਾਂਘਾ ਉਸਾਰੀ, ਰਾਵੀ ਦਰਿਆ 'ਤੇ ਪੁਲ ਦੀ ਉਸਾਰੀ ਸਮੇਤ ਹੋਰ ਹੋਣ ਵਾਲੀ ਸਾਫ਼-ਸਫ਼ਾਈ ਦੀ ਸੇਵਾ ਕਰਨ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਆਰੰਭਤਾ ਇਥੇ ਕੌਮਾਂਤਰੀ ਸਰਹੱਦ ਦੇ ਬਿਲਕੁਲ ਨਾਲ 10 ਅਤੇ 11 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਵੱਲੋਂ ਸਾਂਝੇ ਤੌਰ 'ਤੇ ਕੀਤੇ ਜਾਣ ਵਾਲੇ ਸਮਾਗਮ ਨਾਲ ਹੋਵੇਗੀ ਅਤੇ ਇਸ ਸਬੰਧੀ ਜਗ੍ਹਾ ਚੁਣਨ ਲਈ ਅਤੇ ਲੇਜ਼ਰ ਸ਼ੋਅ ਸਮੇਤ ਦੀਪਮਾਲਾ ਲਈ ਢੁੱਕਵੇਂ ਪ੍ਰਬੰਧਾਂ ਲਈ ਉਨ੍ਹਾਂ ਨੇ ਅੱਜ ਇਸ ਲਾਂਘਾ ਸਥੱਲ ਦਾ ਦੌਰਾ ਕੀਤਾ ਹੈ।

ਦਿੱਲੀ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਅਪੀਲ ਕੀਤੀ ਜਾਵੇਗੀ ਕਿ 10 ਨਵੰਬਰ ਨੂੰ ਹੋਣ ਵਾਲੇ ਸਮਾਗਮਾਂ ਸਮੇਂ ਜਿਥੇ ਗੁ. ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵੱਡੇ ਕੈਮਰਿਆਂ ਦਾ ਪ੍ਰਬੰਧ ਕੀਤਾ ਜਾਵੇ, ਉਥੇ ਹੀ ਪਾਕਿਸਤਾਨ ਸਰਕਾਰ ਨੂੰ ਵੀ ਕਿਹਾ ਜਾਵੇਗਾ ਕਿ ਉਹ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਵਾਲੇ ਪਾਸੇ ਦੀ ਸਰਕੰਡਾ ਆਦਿ ਕਟਵਾ ਕੇ ਸਫ਼ਾਈ ਕਰਵਾਈ ਜਾਵੇ ਤਾਂ ਜੋ ਸੰਗਤਾਂ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਪਰਮਜੀਤ ਸਿੰਘ ਰਾਣਾ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ।


Related News