550ਵੇਂ ਪ੍ਰਕਾਸ਼ ਪੁਰਬ ਸਬੰਧੀ ਡੇਰਾ ਬਾਬਾ ਨਾਨਕ ਤੋਂ ਹੋਵੇਗੀ ਸਮਾਗਮਾਂ ਦੀ ਸ਼ੁਰੂਆਤ

09/18/2018 2:44:11 PM

ਅੰਮ੍ਰਿਤਸਰ (ਦੀਪਕ, ਅਨਿਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਆਰੰਭਤਾ ਡੇਰਾ ਬਾਬਾ ਨਾਨਕ ਸਥਿਤ ਭਾਰਤ-ਪਾਕਿ ਸਰਹੱਦ 'ਤੇ ਕਰਤਾਰਪੁਰ ਸਾਹਿਬ ਦੇ ਲਾਂਘਾ ਦਰਸ਼ਨ ਸਥੱਲ ਤੋਂ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ  ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਮੁੱਢਲੀ ਰੂਪ-ਰੇਖਾ ਸਬੰਧੀ ਵਿਸ਼ੇਸ਼ ਇਕੱਤਰਤਾ ਕੀਤੀ, ਜਿਸ ਤੋਂ ਬਾਅਦ ਇਕ ਪ੍ਰੈੱਸ ਕਾਨਫਰੰਸ ਦੌਰਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਸੰਤ ਸਮਾਜ ਅਤੇ ਸਮੂਹ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ 550 ਸਾਲਾ ਪ੍ਰਕਾਸ਼ ਪੁਰਬ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ।

ਭਾਈ ਲੌਂਗੋਵਾਲ ਨੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਰੂਪ-ਰੇਖਾ ਦਾ ਐਲਾਨ ਕਰਦਿਆਂ ਦੱਸਿਆ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਆਰੰਭਤਾ 10 ਅਤੇ 11 ਨਵੰਬਰ ਨੂੰ ਭਾਰਤ-ਪਾਕਿਸਤਾਨ ਸਰਹੱਦ 'ਤੇ ਵਸੇ ਇਤਿਹਾਸਕ ਕਸਬੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਚ ਹੋਵੇਗੀ, ਜਿਥੇ ਵਿਸ਼ੇਸ਼ ਲੇਜ਼ਰ ਸ਼ੋਅ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਆਰੰਭਤਾ ਭਾਰਤ-ਪਾਕਿ ਸਰਹੱਦ 'ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘਾ ਦਰਸ਼ਨ ਸਥੱਲ ਤੋਂ ਕੀਤੀ ਜਾਵੇ, ਜਿਥੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਲੰਬਾ ਸਮਾਂ ਗੁਜ਼ਾਰਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ 23 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਵਿਸ਼ਾਲ ਨਗਰ ਕੀਰਤਨ ਵੀ ਸਜਾਏ ਜਾਣਗੇ, ਜਿਸ ਤਹਿਤ 1 ਅਕਤੂਬਰ ਨੂੰ ਗੁਰਦੁਆਰਾ ਕੋੜੀ ਘਾਟ ਉੱਤਰ ਪ੍ਰਦੇਸ਼ ਤੋਂ ਪਹਿਲਾ ਵਿਸ਼ਾਲ ਨਗਰ ਕੀਰਤਨ ਆਰੰਭ ਹੋ ਕੇ ਹਰਿਆਣਾ ਤੋਂ ਹੁੰਦਾ ਹੋਇਆ 8 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ। ਇਸ ਤੋਂ ਪਹਿਲਾਂ 30 ਸਤੰਬਰ ਨੂੰ ਗੁਰਦੁਆਰਾ ਕੋੜੀ ਘਾਟ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਵੀ ਹੋਵੇਗਾ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ, ਸੱਜਣ ਸਿੰਘ ਬੱਜੂਮਾਨ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪਨੂੰ, ਮਨਜੀਤ ਸਿੰਘ ਬੱਪੀਆਣਾ, ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ, ਕੁਲਮੋਹਨ ਸਿੰਘ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਦਰਸ਼ਨ ਸਿੰਘ ਲੌਂਗੋਵਾਲ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ ਤੇ ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਹੋਰ ਮੌਜੂਦ ਸਨ।


Related News