ਨੌਜਵਾਨ ਵਰਗ ਨਸ਼ਿਆਂ ਤੋਂ ਦੂਰ ਰਹਿ ਕੇ ਨਿਰੋਆ ਸਮਾਜ ਸਿਰਜੇ ; ਡਿਪਟੀ ਕਮਿਸ਼ਨਰ

09/19/2018 1:28:25 AM

ਮੋਗਾ, (ਗੋਪੀ ਰਾਊਕੇ)- ਡਿਪਟੀ ਕਮਿਸ਼ਨਰ ਡੀ. ਪੀ. ਐੱਸ. ਖਰਬੰਦਾ ਨੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਨਿਰੋਏ ਸਮਾਜ ਦੀ ਸਿਰਜਣਾ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਰਾਸ਼ਟਰ ਦੇ ਨਵ ਨਿਰਮਾਣ ’ਚ ਵੱਧ-ਚਡ਼੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਇਹ ਪ੍ਰੇਰਨਾ ਅੱਜ ਬਾਬਾ ਈਸ਼ਰ ਸਿੰਘ ਸੰਸਥਾਵਾਂ ਗਗਡ਼ਾ ਵਿਖੇ ਪੰਜਾਬ ਸਰਕਾਰ ਅਤੇ ਪੰਜਾਬ ਅਨਏਡਿਡ ਤਕਨੀਕੀ ਸੰਸਥਾਵਾਂ ਐਸੋਸੀਏਸ਼ਨ ਵੱਲੋਂ ਸਾਂਝੇ ਤੌਰ ’ਤੇ ‘ਨਸ਼ੇ ਦੇ ਕਾਰਨ ਤੇ ਰੋਕ’ ਵਿਸ਼ੇ ’ਤੇ ਆਯੋਜਿਤ ਵਿਸ਼ੇਸ਼ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦਿੱਤੀ।  ਉਨ੍ਹਾਂ ਨਾਲ ਸੀਨੀਅਰ ਕਪਤਾਨ ਪੁਲਸ ਗੁਰਪ੍ਰੀਤ ਸਿੰਘ ਤੂਰ, ਗਲੋਬਲ ਅੰਬੈਸਡਰ ਵਰਲਡ ਕੈਂਸਰ ਕੇਅਰ ਦੇ ਬਾਨੀ ਕੁਲਵੰਤ ਸਿੰਘ ਧਾਲੀਵਾਲ, ਕਾਂਗਰਸ ਪ੍ਰਧਾਨ ਸ਼ਹਿਰੀ ਵਿਨੋਦ ਬਾਂਸਲ ਅਤੇ ਚਾਂਸਲਰ ਗੁਰੂ ਕਾਂਸੀ ਯੂਨੀਵਰਸਿਟੀ ਡਾ. ਜੇ. ਐੱਸ. ਧਾਲੀਵਾਲ ਵੀ ਮੌਜੂਦ ਸਨ। 
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜ ’ਚੋਂ ਨਸ਼ਿਆਂ ਦੀ ਅਲਾਮਤ ਨੂੰ ਜਡ਼੍ਹੋਂ ਖਤਮ ਕਰਨ ਲਈ ਲੋਕਾਂ ਦਾ ਨਸ਼ਿਆਂ ਵਿਰੁੱਧ ਜਾਗਰੂਕ ਹੋਣਾ ਅਤਿ ਜ਼ਰੂਰੀ ਹੈ। ਉਨ੍ਹਾਂ ਨੌਜਵਾਨ ਪੀਡ਼੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸੱਭਿਆਚਾਰਕ ਵਿਰਸੇ, ਕਲਾ ਤੇ ਖੇਡਾਂ ਨਾਲ ਜੁਡ਼ਨ ਲਈ ਵੀ ਆਖਿਆ। ਸੀਨੀਅਰ ਕਪਤਾਨ ਪੁਲਸ ਮੋਗਾ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਜ਼ਿਲਾ ਪੁਲਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਇਕ ਨਿਵੇਕਲੀ ਜਾਗ੍ਰਿਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਸਮਾਜ ’ਚੋਂ ਨਸ਼ਿਆਂ ਦੇ ਕੋਹਡ਼ ਨੂੰ ਖਤਮ ਕਰਨ ਲਈ ਨੌਜਵਾਨਾਂ ’ਚ ਜਾਗ੍ਰਿਤੀ ਪੈਦਾ ਕਰਨਾ ਸਮੇਂ ਦੀ ਮੁੱਖ ਲੋਡ਼ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪੁਲਸ ਪ੍ਰਸ਼ਾਸਨ ਵੱਲੋਂ ਗਲੋਬਲ ਵਰਲਡ ਕੈਂਸਰ ਕੇਅਰ ਦੇ ਬਾਨੀ ਕੁਲਵੰਤ ਸਿੰਘ ਧਾਲੀਵਾਲ ਦੇ ਸਹਿਯੋਗ ਨਾਲ ਲੋਕਾਂ ’ਚ ਨਸ਼ਿਆਂ ਵਿਰੁੱਧ ਜਾਗ੍ਰਿਤੀ ਪੈਦਾ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਥਾਵਾਂ ਦੇ ਮੈਨੇਜਿੰਗ ਡਾਇਰੈਕਟਰ ਡਾ. ਦਲਜੀਤ ਸਿੰਘ ਸੰਧੂ, ਕਨਵੀਨਰ ਦਵਿੰਦਰਪਾਲ ਸਿੰਘ ਰਿੰਪੀ, ਅਧਿਆਪਕ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।


Related News