‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇਕ ਮਹੀਨੇ ਅੰਦਰ 100 FIR ਦਰਜ, 121 ਸਮੱਗਲਰ ਹੋਏ ਗ੍ਰਿਫ਼ਤਾਰ

Thursday, Apr 03, 2025 - 05:51 PM (IST)

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇਕ ਮਹੀਨੇ ਅੰਦਰ 100 FIR ਦਰਜ, 121 ਸਮੱਗਲਰ ਹੋਏ ਗ੍ਰਿਫ਼ਤਾਰ

ਜਲੰਧਰ (ਚੋਪੜਾ, ਸੁਧੀਰ )–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਸਾਂਝੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਇਕ ਮਹੀਨੇ ਅੰਦਰ ਸਿਵਲ ਅਤੇ ਪੁਲਸ ਪ੍ਰਸ਼ਾਸਨ ਨੇ ਜ਼ਮੀਨੀ ਪੱਧਰ ’ਤੇ ਨਸ਼ੇ ਦੀ ਸਪਲਾਈ ਚੇਨ ਨੂੰ ਸਫਲਤਾਪੂਰਵਕ ਤੋੜ ਦਿੱਤਾ ਹੈ, ਜਿਸ ਨਾਲ ਵੱਡੀਆਂ ਗ੍ਰਿਫ਼ਤਾਰੀਆਂ ਅਤੇ ਆਪ੍ਰੇਸ਼ਨ ਹੋਏ ਹਨ। ਡਿਪਟੀ ਕਮਿਸ਼ਨਰ ਅਤੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਸ ਨੇ ਪਿਛਲੇ ਇਕ ਮਹੀਨੇ ਦੌਰਾਨ 101 ਐੱਫ਼. ਆਈ. ਆਰਜ਼ ਦਰਜ ਕੀਤੀਆਂ ਅਤੇ 121 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਜ਼ਮੀਨੀ ਪੱਧਰ ’ਤੇ ਨਸ਼ੇ ਦੇ ਨੈੱਟਵਰਕ ਨੂੰ ਪ੍ਰਭਾਵੀ ਢੰਗ ਨਾਲ ਖ਼ਤਮ ਕੀਤਾ ਗਿਆ ਹੈ। ਨਸ਼ੀਲੇ ਪਦਾਰਥਾਂ ਦੀ ਸਪਲਾਈ ’ਤੇ ਰੋਕ ਲਗਾਉਣ ਲਈ ਨਸ਼ਿਆਂ ਪ੍ਰਤੀ ਸੰਵੇਦਨਸ਼ੀਲ ਖੇਤਰਾਂ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਰਾਧਾ ਸੁਆਮੀ ਡੇਰਾ ਬਿਆਸ 'ਚ ਹੋਣ ਵਾਲੇ ਸਤਿਸੰਗ ਨੂੰ ਲੈ ਕੇ ਨਵੀਂ ਅਪਡੇਟ, ਇਨ੍ਹਾਂ ਤਾਰੀਖ਼ਾਂ ਨੂੰ...

ਉਨ੍ਹਾਂ ਕਿਹਾ ਕਿ ਜਲੰਧਰ ਸ਼ਹਿਰ ਵਿਚ ਨਸ਼ਾ ਸਮੱਗਲਰਾਂ ਵੱਲੋਂ ਕਬਜ਼ਾ ਕੀਤੀ ਗਈ ਸਰਕਾਰੀ ਜ਼ਮੀਨ ’ਤੇ ਬਣੇ 3 ਨਾਜਾਇਜ਼ ਨਿਰਮਾਣਾਂ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੁਲਸ ਵਿਭਾਗ ਨੇ ਡਰੱਗ ਸਮੱਗਲਰਾਂ ਦੀ 3.51 ਕਰੋੜ ਰੁਪਏ ਦੀ ਨਾਜਾਇਜ਼ ਜਾਇਦਾਦ ਜ਼ਬਤ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ 9 ਪ੍ਰਸਤਾਵ ਭੇਜੇ ਹਨ। ਡਿਪਟੀ ਕਮਿਸ਼ਨਰ ਅਤੇ ਪੁਲਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਖ਼ਤ ਕਾਰਵਾਈ ਕਾਰਨ ਪੁਨਰਵਾਸ ਚਾਹੁਣ ਵਾਲੇ ਲੋਕਾਂ ਦੀ ਗਿਣਤੀ ਵਿਚ ਕਾਫ਼ੀ ਵਾਧਾ ਹੋਇਆ ਹੈ। ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਸਿਵਲ ਹਸਪਤਾਲ ਦੇ ਨਸ਼ਾ-ਮੁਕਤੀ ਕੇਂਦਰ ਵਿਚ ਓ. ਪੀ. ਡੀ. ਵਿਚ 20 ਫ਼ੀਸਦੀ ਅਤੇ ਦਾਖ਼ਲੇ ਵਿਚ 65 ਫ਼ੀਸਦੀ ਦਾ ਵਾਧਾ ਹੋਇਆ ਹੈ। ਇਸ ਮੁਹਿੰਮ ਤੋਂ ਬਾਅਦ ਸ਼ੇਖੇ ਪਿੰਡ ਦੇ ਪੁਨਰਵਾਸ ਕੇਂਦਰ ਵਿਚ ਪੁਨਰਵਾਸ ਲਈ ਭਰਤੀ ਹੋਣ ਵਾਲੇ ਲੋਕਾਂ ਦੀ ਗਿਣਤੀ ਅਤੇ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਵਿਚ 40 ਫ਼ੀਸਦੀ ਦਾ ਵਾਧਾ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਚ ਗ੍ਰਸਤ ਨੌਜਵਾਨਾਂ ਦੇ ਪੁਨਰਵਾਸ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੜੀ ਵਿਚ ਅਗਲੇ 2 ਮਹੀਨਿਆਂ ਵਿਚ ਜਲੰਧਰ ’ਚ ਇਕ ਮਾਡਲ ਨਸ਼ਾ-ਮੁਕਤੀ ਕੇਂਦਰ ਅਤੇ ਇਕ ਮਾਡਲ ਪੁਨਰਵਾਸ ਕੇਂਦਰ ਸਥਾਪਤ ਕੀਤਾ ਜਾਵੇਗਾ। ਇਨ੍ਹਾਂ ਕੇਂਦਰਾਂ ਵਿਚ ਜਿਮਨੇਜ਼ੀਅਮ, ਹੁਨਰ ਵਿਕਾਸ ਪ੍ਰੋਗਰਾਮ, ਕੌਂਸਲਿੰਗ ਸੈਸ਼ਨ, ਨਸ਼ਾ ਛੱਡ ਚੁੱਕੇ ਲੋਕਾਂ ਦਾ ਤਜਰਬਾ ਸਾਂਝਾ ਕਰਨਾ ਅਤੇ ਠੀਕ ਹੋ ਚੁੱਕੇ ਮਰੀਜ਼ਾਂ ਲਈ ਨੌਕਰੀ ਦੇ ਮੌਕੇ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਸਿਵਲ ਸਰਜਨ ਡਾ. ਗੁਰਮੀਤ ਲਾਲ, ਜੁਆਇੰਟ ਸੀ. ਪੀ. ਸੰਦੀਪ ਸ਼ਰਮਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਪੰਜਾਬ ਦੀ ਇਸ ਤਸਵੀਰ ਨੂੰ ਵੇਖ ਹਰ ਅੱਖ ਹੋਈ ਭਾਵੁਕ, ਸੋਸ਼ਲ ਮੀਡੀਆ 'ਤੇ ਹੋ ਰਹੀ ਖ਼ੂਬ ਵਾਇਰਲ

12 ਮੈਡੀਕਲ ਸਟੋਰਾਂ ਦੇ ਲਾਇਸੈਂਸ ਮੁਅੱਤਲ ਅਤੇ 2 ਨੂੰ ਕੀਤਾ ਰੱਦ
ਡਿਪਟੀ ਕਮਿਸ਼ਨਰ ਅਤੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਕੁਝ ਦਵਾਈਆਂ ਦੀ ਨਸ਼ੀਲੇ ਪਦਾਰਥਾਂ ਵਜੋਂ ਦੁਰਵਰਤੋਂ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਅਜਿਹੀਆਂ 3 ਦਵਾਈਆਂ ਪ੍ਰੈਗਬਲਿਨ ਕੈਪਸੂਲ, ਗਬਾਪੈਂਟਿੰਗ ਅਤੇ ਐਨਾਫੋਰਟਨ ਇੰਜੈਕਸ਼ਨ ਦੀ ਵਿਕਰੀ ਨੂੰ ਲੈ ਕੇ ਮੈਡੀਕਲ ਸਟੋਰਾਂ ਨੂੰ ਬਿਨਾਂ ਡਾਕਟਰ ਦੀ ਪਰਚੀ ਦੇ ਇਨ੍ਹਾਂ ਨੂੰ ਨਾ ਵੇਚਣ ਅਤੇ ਉਚਿਤ ਰਿਕਾਰਡ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਸਿਹਤ ਿਵਭਾਗ ਵੱਲੋਂ 32 ਮੈਡੀਕਲ ਸਟੋਰਾਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਗਏ ਹਨ ਅਤੇ 2 ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਨਾਜਾਇਜ਼ ਵਿਕਰੀ ’ਤੇ ਨਜ਼ਰ ਰੱਖਣ ਲਈ 6 ਤਲਾਸ਼ੀ ਅਤੇ ਜ਼ਬਤੀ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ।

ਨਸ਼ੇ ਵਿਚ ਗ੍ਰਸਤ ਮਰੀਜ਼ਾਂ ਤੋਂ ਇਨਪੁੱਟ ਹਾਸਲ ਕਰਕੇ ਨਸ਼ਿਆਂ ਦੇ ਹਾਟਸਪਾਟਸ ਲੱਭੇ
ਡਿਪਟੀ ਕਮਿਸ਼ਨਰ ਅਤੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਾ ਕਰਨ ਵਾਲਿਆਂ ਦੀ ਕੌਂਸਲਿੰਗ ਦੇ ਆਧਾਰ ’ਤੇ ਨਸ਼ਿਆਂ ਦੇ ਹਾਟਸਪਾਟਸ ਦੀ ਪਛਾਣ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਕੋਲ ਹੁਣ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਸਥਾਨਾਂ ਅਤੇ ਇਸ ਵਿਚ ਸ਼ਾਮਲ ਵਿਅਕਤੀਆਂ ਬਾਰੇ ਵਿਸਤ੍ਰਿਤ ਜਾਣਕਾਰੀ ਹੈ। ਉਨ੍ਹਾਂ ਨੇ ਇਨ੍ਹਾਂ ਹਾਟਸਪਾਟਸ ਸਥਾਨਾਂ ਨੂੰ ਗੋਦ ਲੈਣ ਦਾ ਐਲਾਨ ਕੀਤਾ ਤਾਂ ਜੋ ਇਨ੍ਹਾਂ ਸਥਾਨਾਂ ਨੂੰ ਬਿਹਤਰ ਬੁਨਿਆਦੀ ਢਾਂਚੇ, ਪਾਰਕ, ਜਿੰਮ, ਸਿਹਤ ਸੇਵਾਵਾਂ ਅਤੇ ਚੰਗੀਆਂ ਸੜਕਾਂ ਪ੍ਰਦਾਨ ਕਰ ਕੇ ਮਾਡਲ ਸਥਾਨਾਂ ਵਿਚ ਬਦਲਿਆ ਜਾ ਸਕੇ, ਜਦਕਿ ਪੁਲਸ ਵੱਲੋਂ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਲਈ ਗੰਭੀਰ ਯਤਨ ਜਾਰੀ ਰਹਿਣਗੇ।

ਇਹ ਵੀ ਪੜ੍ਹੋ: ਹੰਸ ਰਾਜ ਹੰਸ ਦੀ ਪਤਨੀ ਪੰਜ ਤੱਤਾਂ 'ਚ ਵਿਲੀਨ, ਕਈ ਮਸ਼ਹੂਰ ਹਸਤੀਆਂ ਨੇ ਕੀਤੀ ਸ਼ਿਰਕਤ

ਮੈਰਾਥਨ ਆਯੋਜਿਤ ਕਰ ਕੇ ਸ਼ਹਿਰ ਵਾਸੀਆਂ ਨੂੰ ਨਸ਼ਾ ਵਿਰੋਧੀ ਮੁਹਿੰਮ ਨਾਲ ਜੋੜਿਆ ਜਾਵੇਗਾ
ਡਿਪਟੀ ਕਮਿਸ਼ਨਰ ਅਤੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿਚ ਸ਼ਾਮਲ ਕਰਨ ਦੇ ਉਦੇਸ਼ ਨਾਲ ਇਸੇ ਮਹੀਨੇ ਮੈਰਾਥਨ ਵੀ ਆਯੋਜਿਤ ਕੀਤੀ ਜਾਵੇਗੀ। ਪੁਲਸ ਵਿਭਾਗ ਨੇ ਨਾਗਰਿਕਾਂ ਦੀ ਹਿੱਸੇਦਾਰੀ ਲਈ ਸੰਪਰਕ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਇਸ ਪਹਿਲ ਤਹਿਤ 8 ਜਨ-ਹਿੱਸੇਦਾਰੀ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ।

ਨਸ਼ਾ ਸਮੱਗਲਰਾਂ ਦੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ ਕੀਤਾ ਜਨਤਕ
ਡਾ. ਹਿਮਾਂਸ਼ੂ ਅਗਰਵਾਲ ਅਤੇ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਾ ਸਮੱਗਲਰਾਂ ਬਾਰੇ ਜਾਣਕਾਰੀ ਦੇਣ ਲਈ ਪੰਜਾਬ ਸਰਕਾਰ ਦਾ ਸੁਰੱਖਿਅਤ ਪੰਜਾਬ ਹੈਲਪਲਾਈਨ ਨੰਬਰ 97791-00200 ਵੀ ਜਨਤਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਤੋਂ ਇਲਾਵਾ ਨਸ਼ਾ ਮੁਕਤੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਨਸ਼ਾ ਮੁਕਤੀ ਕੇਂਦਰ ਦਾ ਹੈਲਪਲਾਈਨ ਨੰਬਰ 0181-2911960 ਵੀ ਉਪਲੱਬਧ ਹੈ।

ਇਹ ਵੀ ਪੜ੍ਹੋ: Punjab: ਪੈਟਰੋਲ ਪੰਪ ਸੰਚਾਲਕਾਂ ਨੂੰ ਨੋਟਿਸ ਜਾਰੀ, 3 ਦਿਨ ਦਾ ਦਿੱਤਾ ਸਮਾਂ ਨਹੀਂ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News