ਹੁਸ਼ਿਆਰਪੁਰ ਜ਼ਿਲ੍ਹੇ ''ਚ ਕੋਰੋਨਾ ਨੇ ਦਿਖਾਇਆ ਵਿਕਰਾਲ ਰੂਪ, 103 ਨਵੇਂ ਕੇਸਾਂ ਦੀ ਹੋਈ ਪੁਸ਼ਟੀ
Thursday, Aug 27, 2020 - 07:26 PM (IST)

ਹੁਸ਼ਿਆਰਪੁਰ, (ਘੁੰਮਣ)- ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਨੇ ਅੱਜ ਆਪਣਾ ਵਿਕਰਾਲ ਰੂਪ ਦਿਖਾਇਆ। ਪਾਜ਼ੇਟਿਵ ਮਰੀਜ਼ਾਂ ਦੇ 103 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਨੂੰ ਹਾਸਲ ਹੋਈ 1542 ਸੈਂਪਲਾਂ ਦੀ ਰਿਪੋਰਟ ਵਿਚ ਅੱਜ ਸ਼ਾਮ ਇਹ ਖੁਲਾਸਾ ਹੋਇਆ। ਇਸਦੇ ਨਾਲ ਹੀ ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਕੱੁਲ ਗਿਣਤੀ 1327 ਹੋ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਵਿਚ ਕੋਰੋਨਾ ਪਾਜ਼ੇਟਿਵ 2 ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 35 ਤੱਕ ਪਹੁੰਚ ਗਈ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਨਵੇਂ ਆਏ ਕੇਸਾਂ ਵਿਚ ਹੁਸ਼ਿਆਰਪੁਰ ਸ਼ਹਿਰੀ ਇਲਾਕੇ ਤੋਂ 46, ਹਾਜੀਪੁਰ ਤੋਂ 2, ਬੁੱਲ੍ਹੋਵਾਲ ਤੋਂ 3, ਮੁਕੇਰੀਆਂ ਤੋਂ 13, ਹਾਰਟਾ ਬਡਲਾ ਤੇ ਚੱਕੋਵਾਲ ਤੋਂ 4-4, ਟਾਂਡਾ ਤੇ ਦਸੂਹਾ ਤੋਂ 9-9, ਤਲਵਾਡ਼ਾ ਤੋਂ 5, ਗਡ਼੍ਹਸ਼ੰਕਰ ਤੋਂ 1 ਅਤੇ 7 ਮਰੀਜ਼ ਜ਼ਿਲੇ ਦੋ ਹੋਰਨਾਂ ਇਲਾਕਿਆਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਅੱਜ 1100 ਸ਼ੱਕੀ ਮਰੀਜ਼ਾਂ ਦੇ ਨਵੇਂ ਸੈਂਪਲ ਲਏ ਗਏ ਹਨ। ਜ਼ਿਲੇ ਵਿਚ ਹੁਣ ਤੱਕ ਲਏ ਗਏ 55,138 ਸੈਂਪਲਾਂ ਵਿਚੋਂ 50,785 ਦੀ ਰਿਪੋਰਟ ਨੈਗੇਟਿਵ ਆਈ ਹੈ। ਜਦਕਿ 3044 ਸੈਂਪਲਾਂ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ। ਜ਼ਿਲੇ ਵਿਚ 920 ਮਰੀਜ਼ ਰਿਕਵਰ ਕਰ ਚੁੱਕੇ ਹਨ ਅਤੇ ਐਕਟਿਵ ਕੇਸਾਂ ਦੀ ਗਿਣਤੀ 372 ਹੋ ਗਈ ਹੈ।
ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕ ਸਰਕਾਰੀ ਸਿਹਤ ਕੇਂਦਰਾਂ ’ਚੋਂ ਆਪਣਾ ਟੈਸਟ ਕਰਵਾਉਣ। ਇਸਦੀ ਵਿਵਸਥਾ ਬਿਲਕੁਲ ਮੁਫ਼ਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਗਰਭਵਤੀ ਔਰਤਾਂ, ਬਜ਼ੁਰਗਾਂ ਅਤੇ 10 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਘਰਾਂ ਤੋਂ ਬਾਹਰ ਨਾ ਆਉਣ ਦਿੱਤਾ ਜਾਵੇ। ਘਰਾਂ ਤੋਂ ਨਿਕਲਦੇ ਸਮੇਂ ਮਾਸਕ ਦਾ ਇਸਤੇਮਾਲ ਯਕੀਨੀ ਬਣਾਇਆ ਜਾਵੇ ਅਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਵੋ। ਸਮਾਜਿਕ ਦੂਰੀ ਦਾ ਵੀ ਵਿਸ਼ੇਸ਼ ਧਿਆਨ ਰੱਖੋ ਤਾਂ ਕਿ ਕੋਰੋਨਾ ਵਾਇਰਸ ਦੀ ਅੱਗੇ ਵਧਦੀ ਚੇਨ ਨੂੰ ਤੋਡ਼ਿਆ ਜਾ ਸਕੇ।