ਅਫ਼ਸਰਾਂ ਨੇ ਆਪੋ-ਆਪਣੇ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ, ਕੰਮਕਾਜ ਤੋਂ ਕਰਵਾਇਆ ਜਾਣੂ

Monday, May 26, 2025 - 11:22 PM (IST)

ਅਫ਼ਸਰਾਂ ਨੇ ਆਪੋ-ਆਪਣੇ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ, ਕੰਮਕਾਜ ਤੋਂ ਕਰਵਾਇਆ ਜਾਣੂ

ਚੰਡੀਗੜ੍ਹ (ਅੰਕੁਰ) : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਇਕ ਦਿਨ, ਡੀ.ਸੀ./ਐੱਸ.ਐੱਸ.ਪੀ. ਦੇ ਸੰਗ’ ਪਹਿਲਕਦਮੀ ਤਹਿਤ ਸਰਕਾਰੀ ਸਕੂਲਾਂ ਦੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰਾਂ, ਪੁਲਸ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਸ ਮੁਖੀਆਂ ਨਾਲ ਇਕ ਦਿਨ ਬਿਤਾਇਆ। ਇਸ ਦੌਰਾਨ ਉਹ ਆਪਣੀਆਂ ਇੱਛਾਵਾਂ ਨੂੰ ਹੋਰ ਦ੍ਰਿੜ੍ਹ ਕਰਨ ਸਣੇ ਜੀਵਨ ’ਚ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਹੋਏ।

ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਪੁਲਸ ਕਮਿਸ਼ਨਰ ਜਲੰਧਰ ਤੇ ਐੱਸ.ਐੱਸ.ਪੀ. ਕਪੂਰਥਲਾ ਨੇ ਟਾਪਰ ਵਿਦਿਆਰਥੀਆਂ ਨਾਲ ਇਕ ਦਿਨ ਬਿਤਾਇਆ ਤੇ ਉਨ੍ਹਾਂ ਨੂੰ ਪ੍ਰਸ਼ਾਸਨਿਕ, ਅਨੁਸ਼ਾਸਨ ਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦਾ ਪ੍ਰਤੱਖ ਅਨੁਭਵ ਪ੍ਰਦਾਨ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਨਿੱਜੀ ਸੰਘਰਸ਼ਾਂ, ਪ੍ਰਾਪਤੀਆਂ ਤੇ ਚੁਣੌਤੀਆਂ ਬਾਰੇ ਵੀ ਜਾਣੂ ਕਰਵਾਇਆ ਤਾਂ ਜੋ ਵਿਦਿਆਰਥੀਆਂ ਨੂੰ ਪ੍ਰਸ਼ਾਸਨ ਤੇ ਜਨਤਕ ਸੇਵਾ ਦੀ ਡੂੰਘੀ ਸੂਝ ਪ੍ਰਦਾਨ ਕੀਤੀ ਜਾ ਸਕੇ।

ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ 12ਵੀਂ ਜਮਾਤ ਦੇ ਟਾਪਰਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਡੀ.ਸੀ. ਦਫ਼ਤਰ, ਐੱਸ.ਡੀ.ਐੱਮ. ਕੋਰਟ, ਸੇਵਾ ਕੇਂਦਰ, ਸਬ-ਰਜਿਸਟਰਾਰ ਦਫ਼ਤਰ ਦਾ ਦੌਰਾ ਕਰਵਾਇਆ ਤੇ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ।

PunjabKesari

ਇਸੇ ਤਰ੍ਹਾਂ ਪੁਲਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਜ਼ਿਲ੍ਹੇ ਦੀਆਂ 10ਵੀਂ ਜਮਾਤ ਦੀਆਂ ਟਾਪਰ ਵਿਦਿਆਰਥਣਾਂ ਨਾਲ ਦਿਨ ਬਿਤਾਇਆ ਤੇ ਉਨ੍ਹਾਂ ਨੂੰ ਕਾਨੂੰਨ ਲਾਗੂ ਕਰਨ, ਜਨਤਕ ਕਾਨੂੰਨ-ਵਿਵਸਥਾ ਬਣਾਈ ਰੱਖਣ ’ਚ ਪੁਲਸ ਦੀ ਭੂਮਿਕਾ ਬਾਰੇ ਦੱਸਿਆ।

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਦਸਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨਾਲ ਦਿਨ ਬਿਤਾਇਆ ਤੇ ਉਨ੍ਹਾਂ ਨੂੰ ਪ੍ਰਸ਼ਾਸਕੀ ਤੇ ਜਨਤਕ ਸੇਵਾ ਬਾਰੇ ਪ੍ਰਤੱਖ ਤਜਰਬਾ ਪ੍ਰਦਾਨ ਕੀਤਾ। ਆਪਣੀ ਰਿਹਾਇਸ਼ 'ਤੇ ਦੁਪਹਿਰ ਦੇ ਖਾਣੇ ਮੌਕੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਬਣਨ ਤੱਕ ਦੇ ਆਪਣੇ ਸਫ਼ਰ ਨੂੰ ਵਿਦਿਆਰਥੀਆਂ ਨਾਲ ਸਾਂਝਾ ਕਰਦਿਆਂ ਸਖ਼ਤ ਮਿਹਨਤ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਸੇ ਵੀ ਕਿਸਮ ਦੇ ਦਬਾਅ ਦੀ ਬਜਾਏ ਸਹੀ ਅਰਥਾਂ ’ਚ ਕਰੀਅਰ ਦੀ ਚੋਣ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਤਹਿਤ ਸੇਵਾ ਕਰਨ ਨਾਲ ਉਨ੍ਹਾਂ ਨੂੰ ਆਪਣੇ ਆਪ ਤੋਂ ਉੱਪਰ ਉੱਠ ਕੇ ਕੁਝ ਕਰਨ ਤੇ ਦੂਜਿਆਂ ਦੀ ਮਦਦ ਕਰ ਕੇ ਆਪਣੇ ਤਰੀਕੇ ਨਾਲ ਬਦਲਾਅ ਲਿਆਉਣ ਦਾ ਮੌਕਾ ਮਿਲਿਆ, ਜਿਸ ਨਾਲ ਉਨ੍ਹਾਂ ਨੂੰ ਬਹੁਤ ਸੰਤੁਸ਼ਟੀ ਮਿਲੀ।

ਹੁਸ਼ਿਆਰਪੁਰ ਜ਼ਿਲ੍ਹੇ ਤੋਂ ਦਸਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੇ ਆਪਣਾ ਪੂਰਾ ਦਿਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨਾਲ ਬਿਤਾਇਆ। ਡੀ.ਸੀ. ਨੇ ਉਨ੍ਹਾਂ ਨੂੰ ਨੌਕਰਸ਼ਾਹੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਕਾਜ, ਲੀਡਰਸ਼ਿਪ ਦੇ ਸਿਧਾਂਤਾਂ ਤੇ ਅਨੁਸ਼ਾਸਨ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ’ਚ ਲੋਕ ਸੇਵਾ ਦੀ ਭਾਵਨਾ ਪੈਦਾ ਕੀਤੀ।

ਕਪੂਰਥਲਾ ਦੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਆਪਣਾ ਦਿਨ 12ਵੀਂ ਜਮਾਤ ਦੀਆਂ ਟਾਪਰ ਵਿਦਿਆਰਥਣਾਂ ਨਾਲ ਬਿਤਾਇਆ। ਇਸ ਦੌਰਾਨ ਉਨ੍ਹਾਂ ਨੇ ਆਪਣੇ ਆਈ.ਏ.ਐਸ. ਬਣਨ ਦੇ ਸਫ਼ਰ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਤੇ ਕਦੇ ਹਾਰ ਨਾ ਮੰਨਣ ਵਾਲਾ ਰਵੱਈਆ ਅਪਣਾਉਣ ਦੀ ਸਲਾਹ ਦਿੱਤੀ। ਇਸੇ ਤਰ੍ਹਾਂ ਐੱਸ.ਐੱਸ.ਪੀ. ਕਪੂਰਥਲਾ ਗੌਰਵ ਤੂਰਾ ਨੇ 10ਵੀਂ ਜਮਾਤ ਦੀਆਂ ਟਾਪਰ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਆਪਣੇ ਚੁਣੇ ਹੋਏ ਖੇਤਰਾਂ ’ਚ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾ।
 


author

Inder Prajapati

Content Editor

Related News