ਲੱਖਾਂ ਰੁਪਏ ਦੀ ਹੈਰੋਇਨ ਸਣੇ 11 ਮੁਲਜ਼ਮ ਗ੍ਰਿਫ਼ਤਾਰ
Thursday, Mar 12, 2026 - 10:36 AM (IST)
ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਆਨੰਦ) : ਫਿਰੋਜ਼ਪੁਰ ਜ਼ਿਲ੍ਹੇ ’ਚ ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਉਂਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਮਧਰੇ ਦੇ ਫਾਟਕ ਕੋਲ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਮੁਲਜ਼ਮ ਵਿਸ਼ਾਲ ਪੁੱਤਰ ਰੇਸ਼ਮ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਦੂਜੇ ਪਾਸੇ ਥਾਣਾ ਆਰਿਫ ਕੇ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਦਾਣਾ ਮੰਡੀ ਨੇੜੇ ਪਹੁੰਚੀ ਤਾਂ ਪੁਲਸ ਪਾਰਟੀ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਦਾ ਨਸ਼ਾ ਕਰਦੇ ਦੇਖਿਆ।
ਜਦੋਂ ਉਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਦੇ ਨਾਂ ਪੰਮਾ ਅਤੇ ਰਵੀਦਾਸ ਹਨ। ਇਨ੍ਹਾਂ ਦੀ ਤਲਾਸ਼ੀ ਲੈਣ ’ਤੇ 2 ਗ੍ਰਾਮ ਹੈਰੋਇਨ, ਇਕ ਲਾਈਟਰ, ਇਕ ਪੰਨੀ ਸਿਲਵਰ ਅਤੇ 20 ਰੁਪਏ ਦਾ ਨੋਟ ਬਰਾਮਦ ਹੋਇਆ। ਥਾਣਾ ਕੁਲਗੜ੍ਹੀ ਦੇ ਐੱਚ. ਸੀ. ਲਵਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਸਤੀਏਵਾਲਾ ਲਿੰਕ ਰੋਡ ’ਤੇ ਇਕ ਬੇਆਬਾਦ ਕਾਲੋਨੀ ਨੇੜੇ ਗਸ਼ਤ ਕਰ ਰਹੀ ਸੀ ਤਾਂ ਪੁਲਸ ਨੇ ਇਕ ਸ਼ੱਕੀ ਨੌਜਵਾਨ ਨੂੰ ਉੱਥੇ ਖੜ੍ਹਾ ਦੇਖਿਆ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ ਤੇ ਭੱਜਣ ਲੱਗਾ।
ਜਦੋਂ ਉਸ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਨਾਂ ਰਾਹਤ ਉਰਫ ਦੁੱਲਾ ਹੈ, ਜਿਸ ਦੇ ਕੋਲੋਂ ਤਲਾਸ਼ੀ ਲੈਣ ’ਤੇ 4.20 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ, ਥਾਣਾ ਆਰਿਫਕੇ ਅਤੇ ਥਾਣਾ ਕੁਲਗੜ੍ਹੀ ਵਿਖੇ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
