ਲੱਖਾਂ ਰੁਪਏ ਦੀ ਹੈਰੋਇਨ ਸਣੇ ਅਤੇ ਨਸ਼ਾ ਕਰਦੇ 13 ਮੁਲਜ਼ਮ ਗ੍ਰਿਫ਼ਤਾਰ

Wednesday, Dec 24, 2025 - 02:18 PM (IST)

ਲੱਖਾਂ ਰੁਪਏ ਦੀ ਹੈਰੋਇਨ ਸਣੇ ਅਤੇ ਨਸ਼ਾ ਕਰਦੇ 13 ਮੁਲਜ਼ਮ ਗ੍ਰਿਫ਼ਤਾਰ

ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ) : ਜ਼ਿਲ੍ਹਾ ਫਿਰੋਜ਼ਪੁਰ ’ਚ ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਉਂਦੇ ਹੋਏ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਇਕ ਕਾਰ ’ਚ ਆ ਰਹੇ ਤਿੰਨ ਨੌਜਵਾਨਾਂ ਨੂੰ 35 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਥਾਣਾ ਫਿਰੋਜ਼ਪੁਰ ਕੈਂਟ, ਥਾਣਾ ਕੁੱਲਗੜ੍ਹੀ ਅਤੇ ਥਾਣਾ ਘੱਲ ਖੁਰਦ ਥਾਣਾ ਦੀ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਹੋਰ ਮੁਲਜ਼ਮਾਂ ਨੂੰ ਹੈਰੋਇਨ ਦਾ ਨਸ਼ਾ ਕਰਦੇ ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੇ ਆਸਿਫ ਵਾਲਾ ਪੈਟਰੋਲ ਪੰਪ ਨੇੜੇ ਪੰਜਾਬ ਨੰਬਰ ਦੀ ਕਰੇਟਾ ਕਾਰ ’ਚ 3 ਸ਼ੱਕੀ ਨੌਜਵਾਨਾਂ ਨੂੰ ਦੇਖਿਆ, ਜਦੋਂ ਉਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਪੁਲਸ ਨੂੰ ਆਪਣੇ ਨਾਂ ਸਿਮਰਨਜੀਤ ਸਿੰਘ ਉਰਫ਼ ਸਿੰਬਾ, ਗੁਰਸੇਵਕ ਸਿੰਘ ਅਤੇ ਬੇਅੰਤ ਸਿੰਘ ਦੱਸੇ, ਜਿਨ੍ਹਾਂ ਦੀ ਤਲਾਸ਼ੀ ਲੈਣ ’ਤੇ 35 ਗ੍ਰਾਮ ਹੈਰੋਇਨ ਬਰਾਮਦ ਹੋਈ।

ਦੂਜੇ ਪਾਸੇ ਥਾਣਾ ਫਿਰੋਜ਼ਪੁਰ ਛਾਉਣੀ ਦੇ ਏ. ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਪੰਕਜ ਕੁਮਾਰ ਉਰਫ਼ ਬਿੱਲਾ ਨਾਂ ਦਾ ਵਿਅਕਤੀ ਹੈਰੋਇਨ ਦਾ ਨਸ਼ਾ ਕਰਨ ਅਤੇ ਵੇਚਣ ਦਾ ਆਦੀ ਹੈ, ਜੋ ਇਸ ਸਮੇਂ ਫਿਰੋਜ਼ਪੁਰ ਛਾਉਣੀ ਦੇ ਸ਼ਮਸ਼ਾਨਘਾਟ ਰੋਡ ’ਤੇ ਬੇਅਬਾਦ ਆਰਮੀ ਡੇਅਰੀ ਫਾਰਮ ਦੇ ਨੇੜੇ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜਿਸ ’ਤੇ ਪੁਲਸ ਪਾਰਟੀ ਨੇ ਤੁਰੰਤ ਉੱਥੇ ਰੇਡ ਕਰਦੇ ਹੋਏ ਨਾਮਜ਼ਦ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੀ ਤਲਾਸ਼ੀ ਲੈਣ ’ਤੇ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਕੁਲਗੜ੍ਹੀ ਦੇ ਐੱਚ. ਸੀ. ਲਵਦੀਪ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਨੇ ਦਾਣਾ ਮੰਡੀ ਦੇ ਨੇੜੇ ਇਕ ਸ਼ੱਕੀ ਨੌਜਵਾਨ ਨੂੰ ਦੇਖਿਆ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ ਅਤੇ ਭੱਜਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫਤਾਰ ਕਰ ਕੇ ਤਲਾਸ਼ੀ ਲੈਣ ’ਤੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਧਰਮਪ੍ਰੀਤ ਸਿੰਘ ਉਰਫ਼ ਧੰਮੀ ਵਜੋਂ ਹੋਈ ਹੈ। ਥਾਣਾ ਘੱਲ ਖੁਰਦ ਦੇ ਐੱਚ. ਸੀ. ਅਮਨਦੀਪ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਨੇ ਦਾਣਾ ਮੰਡੀ ਦੇ ਇਕ ਵਰਾਂਡੇ ’ਚ ਹੈਰੋਇਨ ਦਾ ਨਸ਼ਾ ਕਰਦੇ ਹੋਏ ਮਨਪ੍ਰੀਤ ਸਿੰਘ ਉਰਫ਼ ਮਨੀ ਨੂੰ ਗ੍ਰਿਫ਼ਤਾਰ ਕੀਤਾ, ਜਿਸ ਦੇ ਕੋਲੋਂ 2.60 ਗ੍ਰਾਮ ਹੈਰੋਇਨ, ਇਕ ਲਾਈਟਰ, ਇਕ ਪੰਨੀ ਸਿਲਵਰ ਅਤੇ 10 ਰੁਪਏ ਦਾ ਇਕ ਨੋਟ ਬਰਾਮਦ ਹੋਇਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਫਿਰੋਜ਼ਪੁਰ ਛਾਉਣੀ, ਥਾਣਾ ਕੁਲਗੜ੍ਹੀ, ਥਾਣਾ ਘੱਲ ਖੁਰਦ ’ਚ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


author

Babita

Content Editor

Related News