ਕੈਪਟਨ ਦਾ ਐਲਾਨ, ਪੰਜਾਬ ਪਰਤਣ ਵਾਲੇ ਲੋਕਾਂ ਲਈ 14 ਦਿਨਾਂ ਦਾ ''ਇਕਾਂਤਵਾਸ'' ਲਾਜ਼ਮੀਂ

05/24/2020 10:09:15 AM

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਰਦੇਸ਼ ਦਿੱਤੇ ਹਨ ਕਿ ਘਰੇਲੂ ਉਡਾਣਾਂ, ਰੇਲਾਂ ਅਤੇ ਬੱਸਾਂ ਰਾਹੀਂ ਸੂਬੇ 'ਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ ’ਤੇ 14 ਦਿਨਾਂ ਲਈ ਘਰੇਲੂ ਇਕਾਂਤਵਾਸ 'ਚ ਰਹਿਣਾ ਪਵੇਗਾ। ਫੇਸਬੁੱਕ ’ਤੇ ‘ਕੈਪਟਨ ਨੂੰ ਸਵਾਲ’ ਨਾਂ ਦੇ ਲਾਈਵ ਪ੍ਰੋਗਰਾਮ ਦੌਰਾਨ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ 'ਚ ਦਾਖਲ ਹੋਣ ਵਾਲੇ ਲੋਕਾਂ ਦੀ ਜਾਂਚ ਸੂਬੇ ਅਤੇ ਜ਼ਿਲ੍ਹਿਆਂ ਦੇ ਪ੍ਰਵੇਸ਼ ਲਾਂਘਿਆਂ ਦੇ ਨਾਲ-ਨਾਲ ਰੇਲਵੇ ਸਟੇਸ਼ਨ ਅਤੇ ਹਵਾਈ ਅੱਡਿਆਂ ’ਤੇ ਵੀ ਕੀਤੀ ਜਾਵੇਗੀ ਅਤੇ ਜਿਨ੍ਹਾਂ 'ਚ ਕੋਰੋਨਾ ਦੇ ਲੱਛਣ ਪਾਏ ਜਾਣਗੇ, ਉਨ੍ਹਾਂ ਨੂੰ ਸੰਸਥਾਗਤ ਇਕਾਂਤਵਾਸ 'ਚ ਰੱਖਿਆ ਜਾਵੇਗਾ, ਜਦੋਂ ਕਿ ਬਾਕੀਆਂ ਨੂੰ ਦੋ ਹਫਤਿਆਂ ਲਈ ਘਰ 'ਚ ਇਕਾਂਤਵਾਸ ’ਚ ਰਹਿਣਾ ਪਵੇਗਾ।

PunjabKesari

ਕੈਪਟਨ ਨੇ ਕਿਹਾ ਕਿ ਰੈਪਿਡ ਟੈਸਟਿੰਗ ਟੀਮਾਂ ਘਰਾਂ 'ਚ ਇਕਾਂਤਵਾਸ ਰੱਖੇ ਵਿਅਕਤੀਆਂ ਦੀ ਜਾਂਚ ਕਰਨਗੀਆਂ, ਜਦੋਂ ਕਿ ਲੱਛਣ ਵਾਲੇ ਵਿਅਕਤੀਆਂ ਦੀ ਵਿਸਥਾਰਤ ਜਾਂਚ ਹਸਪਤਾਲਾਂ/ਅਲਹਿਦਗੀ ਕੇਂਦਰਾਂ 'ਚ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਿਸ਼ਵ ਜਾਂ ਮੁਲਕ ਦੇ ਕਿਸੇ ਵੀ ਹਿੱਸੇ ਵੱਲੋਂ ਟੈਸਟ ਸਬੰਧੀ ਜਾਰੀ ਕੀਤੇ ਸਰਟੀਫਿਕੇਟ ’ਤੇ ਭਰੋਸਾ ਨਹੀਂ ਕਰੇਗੀ। ਉਨ੍ਹਾਂ ਨੇ ਮਹਾਂਰਾਸ਼ਟਰ ਅਤੇ ਰਾਜਸਥਾਨ ਦੇ ਨਾਲ-ਨਾਲ ਹਾਲ ਹੀ 'ਚ ਦੁਬਈ ਤੋਂ ਆਉਣ ਵਾਲਿਆਂ ਬਾਰੇ ਪੰਜਾਬ ਦਾ ਪਿਛਲਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਇਨਾਂ ਥਾਵਾਂ ਤੋਂ ਸੂਬੇ 'ਚ ਪਰਤਣ ਵਾਲੇ ਪੰਜਾਬੀਆਂ ਕੋਲ ਨੈਗੇਟਿਵ ਟੈਸਟ ਦਰਸਾਉਂਦੇ ਮੈਡੀਕਲ ਸਰਟੀਫਿਕੇਟ ਹੋਣ ਦੇ ਬਾਵਜੂਦ ਇੱਥੇ ਪਾਜ਼ੇਟਿਵ ਟੈਸਟ ਸਾਹਮਣੇ ਆਏ। ਇੱਥੇ ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੀਆਂ ਸੇਧਾਂ ਮੁਤਾਬਕ ਕੌਮਾਂਤਰੀ ਉਡਾਣਾਂ ਰਾਹੀਂ ਭਾਰਤ ਪਰਤਣ ਵਾਲਿਆਂ ਨੂੰ ਸੰਸਥਾਗਤ ਇਕਾਂਤਵਾਸ 'ਚੋਂ ਲੰਘਣਾ ਪਵੇਗਾ।
 


Babita

Content Editor

Related News