19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ, ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜ ਜੰਗੀ ਪੱਧਰ ’ਤੇ ਜਾਰੀ

Tuesday, Jul 18, 2023 - 07:41 PM (IST)

 ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੀ ਮਸ਼ੀਨਰੀ ਸੂਬੇ ਵਿਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਮੁੜ ਲੀਹ ’ਤੇ ਲਿਆਉਣ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ। ਸੂਬੇ ਵਿਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26,280 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚੋਂ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਕਰੰਟ ਲੱਗਣ ਨਾਲ ਨੌਜਵਾਨ ਦੀ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 18 ਜੁਲਾਈ ਨੂੰ ਸਵੇਰੇ 8 ਵਜੇ ਤੱਕ 1432 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਸੂਬੇ ਵਿਚ ਕੁਲ 155 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ’ਚ 3828 ਲੋਕ ਠਹਿਰੇ ਹੋਏ ਹਨ। ਜ਼ਿਕਰਯੋਗ ਹੈ ਕਿ ਤਰਨਤਾਰਨ, ਫ਼ਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐੱਸ. ਏ. ਐੱਸ. ਨਗਰ, ਜਲੰਧਰ, ਸੰਗਰੂਰ, ਐੱਸ. ਬੀ. ਐੱਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ।

ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਜਾਣੋ ਪੂਰਾ ਮਾਮਲਾ

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ’ਚ ਹੜ੍ਹਾਂ ਕਾਰਨ ਕੁਲ 38 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ, ਜਦਕਿ 2 ਅਜੇ ਵੀ ਲਾਪਤਾ ਹਨ। ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ’ਚ ਕੁੱਲ 2198 ਪਸ਼ੂਆਂ ਦਾ ਇਲਾਜ ਅਤੇ 7243 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 458 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਸ਼ਾਰਪ ਸ਼ੂਟਰ ਦੀਪਕ ਰਾਠੀ ਗ੍ਰਿਫ਼ਤਾਰ

ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ’ਚ 244 ਮੈਡੀਕਲ ਕੈਂਪ ਲਗਾਏ ਹਨ ਅਤੇ ਓ. ਪੀ. ਡੀਜ਼ ਦੀ ਕੁੱਲ ਗਿਣਤੀ 8531 ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲਗਾਤਾਰ ਡ੍ਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿਚ 21,971, ਪਟਿਆਲਾ ਵਿਚ 64,000 ਅਤੇ ਐੱਸ. ਏ. ਐੱਸ. ਨਗਰ ਵਿਚ 4000, ਐੱਸ. ਬੀ. ਐੱਸ. ਨਗਰ ’ਚ 5700 ਅਤੇ ਫ਼ਤਿਹਗੜ੍ਹ ਸਾਹਿਬ ’ਚ 2200 ਪੈਕੇਟ ਵੰਡੇ ਗਏ ਹਨ।
 


Manoj

Content Editor

Related News