ਬਠਿੰਡਾ ’ਚ ਡੇਂਗੂ ਦੇ 15 ਮਾਮਲੇ ਆਏ ਪਾਜ਼ੇਟਿਵ
Wednesday, Sep 10, 2025 - 01:08 PM (IST)

ਬਠਿੰਡਾ (ਸੁਖਵਿੰਦਰ) : ਬਰਸਾਤ ਦੇ ਮੌਸਮ ਦੌਰਾਨ ਮੱਛਰਾਂ ਦੀ ਬਹੁਤਾਤ ਕਾਰਨ ਡੇਂਗੂ ਦਾ ਖ਼ਤਰਾ ਲਗਾਤਾਰ ਵੱਧਦਾ ਜਾ ਰਿਹਾ ਹੈ, ਜਦੋਂ ਕਿ ਜ਼ਿਲ੍ਹਾ ਸਿਹਤ ਵਿਭਾਗ ਵੀ ਡੇਂਗੂ ਨਾਲ ਨਜਿੱਠਣ ਲਈ ਪ੍ਰਬੰਧ ਕਰ ਰਿਹਾ ਹੈ। ਸਿਹਤ ਵਿਭਾਗ ਵੱਲੋਂ ਡੇਂਗੂ ਦੇ ਸ਼ੱਕ ’ਤੇ ਕੁੱਲ 496 ਲੋਕਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 15 ਲੋਕ ਪਾਜ਼ੇਟਿਵ ਪਾਏ ਗਏ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਰੀਬ 200 ਚਿਕਨਗੁਨੀਆ ਟੈਸਟ ਕੀਤੇ ਗਏ, ਜਿਨ੍ਹਾਂ ’ਚੋਂ 2 ਲੋਕ ਪਾਜ਼ੇਟਿਵ ਪਾਏ ਗਏ।
ਸਿਹਤ ਵਿਭਾਗ ਵੱਲੋਂ ਡੇਂਗੂ ਦੇ ਮਰੀਜ਼ਾਂ ਦੇ ਇਲਾਜ ਲਈ ਸਿਵਲ ਹਸਪਤਾਲ ’ਚ 47 ਬੈੱਡਾਂ ਦਾ ਡੇਂਗੂ ਵਾਰਡ ਬਣਾਇਆ ਗਿਆ ਹੈ, ਜਿਸ ’ਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਸਿਹਤ ਵਿਭਾਗ ਦੀਆਂ ਟੀਮਾਂ ਡੇਂਗੂ ਦੇ ਲਾਰਵੇ ਦੀ ਭਾਲ ’ਚ ਲਗਾਤਾਰ ਸਰਵੇਖਣ ਕਰ ਰਹੀਆਂ ਹਨ ਅਤੇ ਜੇਕਰ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਨ੍ਹਾਂ ਨੂੰ ਨਸ਼ਟ ਕਰ ਦਿੱਤਾ ਜਾਂਦਾ ਹੈ। ਸਿਹਤ ਵਿਭਾਗ ਵੱਲੋਂ ਮਿਲੇ ਡੇਂਗੂ ਦੇ ਲਾਰਵੇ ਦੇ 237 ਕੇਸ ਚਲਾਨ ਲਈ ਨਿਗਮ ਨੂੰ ਭੇਜੇ ਗਏ ਸਨ, ਜਿਨ੍ਹਾਂ ’ਚੋਂ ਨਿਗਮ ਨੇ 195 ਕੇਸਾਂ ਦਾ ਚਲਾਨ ਕੀਤਾ ਹੈ।
ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਸਿਵਲ ਹਸਪਤਾਲ ਬਠਿੰਡਾ ਅਤੇ ਸਿਵਲ ਹਸਪਤਾਲ ਰਾਮਪੁਰਾ ’ਚ ਡੇਂਗੂ ਦੇ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਮਨਾਇਆ ਜਾਣਾ ਚਾਹੀਦਾ ਹੈ ਅਤੇ ਉਸ ਦਿਨ ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ ਆਦਿ ਤੋਂ ਪਾਣੀ ਕੱਢਿਆ ਜਾਣਾ ਚਾਹੀਦਾ ਹੈ ਤਾਂ ਜੋ ਡੇਂਗੂ ਮੱਛਰਾਂ ਦੀ ਪੈਦਾਵਾਰ ਦੀ ਲੜੀ ਨੂੰ ਤੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਡੇਂਗੂ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।