ਪੰਜਾਬ ਦੇ ਕਰੀਬ 17 ਹਜ਼ਾਰ ਕਿਸਾਨਾਂ ਨੇ ਖਾਤਿਆਂ ''ਚ ਸਿੱਧੀ ਆਈ ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ

06/30/2023 1:59:53 PM

ਚੰਡੀਗੜ੍ਹ - ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17,673 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਭੇਜ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵਲੋਂ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ 'ਤੇ 33 ਫ਼ੀਸਦੀ ਸਬਸਿਡੀ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਖੇਤੀਬਾੜੀ ਵਿਭਾਗ ਨੇ ਫੰਡ ਟਰਾਂਸਫਰ ਕਰ ਦਿੱਤੇ ਹਨ। 

ਉਨ੍ਹਾਂ ਨੇ ਕਿਹਾ ਕਿ ਪਹਿਲੇ ਪੜਾਅ ਦੇ ਤਹਿਤ ਇਹ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਯੋਗ ਕਿਸਾਨਾਂ ਨੂੰ ਬਾਕੀ ਦੀ ਰਾਸ਼ੀ ਟਰਾਂਸਫਰ ਕਰ ਦਿੱਤੀ ਜਾਵੇਗੀ। ਉਹਨਾਂ ਨੇ ਮੁੱਖ ਮੰਤਰੀ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪਾਣੀ ਦੀ ਵੱਧ ਖਪਤ ਵਾਲੀ ਝੋਨੇ ਦੀ ਫ਼ਸਲ ਵੱਲ ਰੁਝਾਨ ਘਟਾਉਣ ਲਈ ਵੱਧ ਝਾੜ ਦੇਣ ਵਾਲੇ ਨਰਮੇ ਦੇ ਬੀਜ ਕਿਸਾਨਾਂ ਨੂੰ ਸਸਤੇ ਭਾਅ 'ਤੇ ਉਪਲਬਧ ਕਰਵਾਏ ਗਏ ਹਨ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਵੀ ਉਪਾਅ ਕੀਤੇ ਜਾ ਰਹੇ ਹਨ। ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲਗਾਤਾਰ ਖੇਤਾਂ ਦਾ ਨਿਰੀਖਣ ਕਰਨ ਅਤੇ ਕਿਸਾਨਾਂ ਨੂੰ ਇਸ ਬੀਮਾਰੀ ਦੀ ਰੋਕਥਾਮ ਲਈ ਠੋਸ ਕਦਮ ਚੁੱਕਣ ਲਈ ਜਾਗਰੂਕ ਕਰਨ।

ਵਿਭਾਗ ਨੇ ਕਿਸਾਨਾਂ ਨੂੰ ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਅੰਤਰ-ਜ਼ਿਲ੍ਹਾ ਚੈਕਿੰਗ ਲਈ ਉੱਡਣ ਦਸਤਿਆਂ ਦੀਆਂ ਸੱਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਇਸ ਮੌਕੇ ਨਕਲੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵੀ ਗੱਲ ਕਹੀ ਹੈ।
 


rajwinder kaur

Content Editor

Related News