‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ’ਚ ਸ਼ਾਨਦਾਰ ਪ੍ਰਦਰਸ਼ਨ ਲਈ 18 ਪੁਲਸ ਅਧਿਕਾਰੀ ਸਨਮਾਨਿਤ
Wednesday, Aug 27, 2025 - 02:30 AM (IST)

ਜਲੰਧਰ (ਸੁਧੀਰ, ਧਵਨ) – ਸਥਾਨਕ ਪੁਲਸ ਲਾਈਨ ਵਿਚ ਆਯੋਜਿਤ ਇਕ ਇਨਾਮ ਵੰਡ ਸਮਾਰੋਹ ਦੌਰਾਨ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ 18 ਪੁਲਸ ਅਧਿਕਾਰੀਆਂ ਨੂੰ ਕਲਾਸ-1 (ਸੀ. ਸੀ.1) ਅਤੇ 1.46 ਲੱਖ ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ। ਇਨ੍ਹਾਂ ਇਨਾਮਾਂ ਨੂੰ ਪ੍ਰਾਪਤ ਕਰਨ ਵਾਲਿਆਂ ਵਿਚ 2 ਸਬ-ਇੰਸਪੈਕਟਰ ਅਤੇ 16 ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਸ਼ਾਮਲ ਹਨ।
ਇਸ ਮੌਕੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ‘ਯੁੱਧ ਨਸ਼ੇ ਵਿਰੁੱਧ’ ਵਿਚ ਇਨ੍ਹਾਂ ਅਧਿਕਾਰੀਆਂ ਦੀ ਸਖ਼ਤ ਮਿਹਨਤ ਬਹੁਤ ਮਹੱਤਵਪੂਰਨ ਰਹੀ ਹੈ। ਉਨ੍ਹਾਂ ਕਿਹਾ ਕਿ ਲਗਨ, ਈਮਾਨਦਾਰੀ ਅਤੇ ਦਲੇਰੀ ਸ਼ਲਾਘਾਯੋਗ ਹਨ, ਜੋ ਜਲੰਧਰ ਪੁਲਸ ਵੱਲੋਂ ਨਸ਼ਾ-ਮੁਕਤ ਸਮਾਜ ਬਣਾਉਣ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਨੂੰ ਹੋਰ ਬਲ ਦਿੰਦਾ ਹੈ।
ਇਸ ਪ੍ਰੋਗਰਾਮ ਵਿਚ ਡੀ. ਸੀ. ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ ਅਤੇ ਏ. ਡੀ. ਸੀ. ਪੀ. ਹੈੱਡਕੁਆਰਟਰ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਵੀ ਇਨ੍ਹਾਂ ਅਧਿਕਾਰੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।