ਕੋਵਿਡ ਮਹਾਮਾਰੀ ਦੀ ਸਥਿਤੀ ਨੂੰ ਵੇਖਦਿਆਂ 192 ਡਾਕਟਰ ਨਿਯੁਕਤ : ਬਲਬੀਰ ਸਿੱਧੂ

Thursday, May 13, 2021 - 10:21 PM (IST)

ਕੋਵਿਡ ਮਹਾਮਾਰੀ ਦੀ ਸਥਿਤੀ ਨੂੰ ਵੇਖਦਿਆਂ 192 ਡਾਕਟਰ ਨਿਯੁਕਤ : ਬਲਬੀਰ ਸਿੱਧੂ

ਚੰਡੀਗੜ੍ਹ, (ਸ਼ਰਮਾ)- ਪੰਜਾਬ ਵਿਚ ਕੋਵਿਡ ਮਹਾਮਾਰੀ ਦੀ ਮੌਜ਼ੂਦਾ ਚਿੰਤਾਜਨਕ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਅੱਜ 192 ਮੈਡੀਕਲ ਅਧਿਕਾਰੀ ਨਿਯੁਕਤ ਕੀਤੇ ਗਏ।
ਇਸ ਭਰਤੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਾਲਾਂਕਿ ਸਿਹਤ ਵਿਭਾਗ ਇਸ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਕੁਸਲਤਾ ਨਾਲ ਕੰਮ ਕਰ ਰਿਹਾ ਹੈ ਪਰ ਕੋਵਿਡ ਕੇਸਾਂ ਦੀ ਵਧ ਰਹੀ ਗਿਣਤੀ ਕਾਰਨ ਸਾਨੂੰ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਧੇਰੇ ਸਟਾਫ ਦੀ ਲੋੜ ਹੈ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ’ਤੇ ਸਿਹਤ ਵਿਭਾਗ ਆਪਣੇ ਆਪ ਨੂੰ ਲੋੜੀਂਦੇ ਸਟਾਫ਼ ਨਾਲ ਲੈਸ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਹੈ ਤਾਂ ਜੋ ਅਸੀਂ ਜਿੰਨੀ ਜਲਦੀ ਹੋ ਸਕੇ ਕੋਵਿਡ ਵਿਰੁੱਧ ਇਹ ਲੜਾਈ ਜਿੱਤ ਸਕੀਏ ਅਤੇ ਮਿਸਨ ਫਤਹਿ ਨੂੰ ਸਫਲ ਬਣਾ ਸਕੀਏ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸਾਲ 2017 ਤੋਂ 2021 ਤੱਕ ਪੈਰਾ ਮੈਡੀਕਲ ਅਤੇ ਹੋਰ ਸਟਾਫ਼ ਦੀਆਂ 10,000 ਤੋਂ ਵੱਧ ਅਸਾਮੀਆਂ ਦੀ ਭਰਤੀ ਮੁਕੰਮਲ ਕੀਤੀ ਜਾ ਚੁੱਕੀ ਹੈ।

ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਵਿਚ ਨਵ ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੂਬੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਲਈ ਉਤਸਾਹਿਤ ਕੀਤਾ। ਉਨ੍ਹਾਂ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਸੰਕਟ ਦੇ ਇਸ ਸਮੇਂ ਵਿਚ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ।

ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜੀ.ਬੀ. ਸਿੰਘ ਨੇ ਸਿਹਤ ਵਿਭਾਗ ਵਿਚ ਨੌਕਰੀਆਂ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਸਟਾਫ ਦਾ ਸਵਾਗਤ ਕੀਤਾ। ਉਨ੍ਹਾਂ ਨੇ ਨਵ-ਨਿਯੁਕਤ ਡਾਕਟਰਾਂ ਨੂੰ ਇਸ ਮਹਾਂਮਾਰੀ ਦੌਰਾਨ ਕੁਸਲਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਪਰਡੈਂਟ ਨਿਰਲੇਪ ਕੌਰ ਅਤੇ ਹੋਰ ਅਧਿਕਾਰੀ ਵੀ ਮੌਜ਼ੂਦ ਸਨ।


author

Bharat Thapa

Content Editor

Related News