1925 ਕਾਲਜ ਅਧਿਆਪਕ ਫਰੰਟ ਪੰਜਾਬ ਵੱਲੋਂ ਕਿਸਾਨ ਜੱਥੇਬੰਦੀਆਂ ਦੀ ਹਮਾਇਤ ਦਾ ਐਲਾਨ

9/24/2020 2:59:38 PM

ਜਲੰਧਰ(ਹਰਨੇਕ ਸਿੰਘ ਸੀਚੇਵਾਲ) 1925 ਕਾਲਜ ਅਧਿਆਪਕ ਫਰੰਟ ਪੰਜਾਬ ਨੇ ਕਿਸਾਨ ਵਿਰੋਧੀ, ਮਜ਼ਦੂਰ ਵਿਰੋਧੀ ਅਤੇ ਲੋਕ ਵਿਰੋਧੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦੀਆਂ ਕਿਸਾਨ ਅਤੇ ਖੇਤ ਮਜ਼ਦੂਰ ਜੱਥੇਬੰਦੀਆਂ ਵੱਲੋਂ ਵਿੱਢੇ ਹੱਕੀ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਬੁਲਾਰੇ ਨੇ ਅੱਜ ਉਕਤ ਕਿਸਾਨ ਅਤੇ ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੰਚ ਨੂੰ ਆਪਣਾ ਸਮਰਥਨ ਪੱਤਰ ਜਾਰੀ ਕਰਦੇ ਹੋਏ ਆਪਣੇ ਸਮੂਹ ਸਾਥੀਆਂ ਨੂੰ ਵੀ ਅਪੀਲ ਕੀਤੀ ਕਿ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਕਿਸਾਨ ਅੰਦੋਲਨ ਦੀ ਸੂਬੇ ਦੇ ਨਿਊ ਗ੍ਰਾਂਟ ਇਨ ਏਡ ਕਾਲਜ ਅਧਿਆਪਕਾਂ ਵੱਲੋਂ ਬੇਹੱਦ ਸ਼ਾਂਤੀਮਈ ਢੰਗ ਨਾਲ ਹਿਮਾਇਤ ਕੀਤੀ ਜਾਵੇਗੀ।   
ਪ੍ਰੋਫੈਸਰ ਡਾ. ਚਮਕੌਰ ਸਿੰਘ ਨੇ ਇਸ ਮੌਕੇ ਆਖਿਆ ਕਿ ਸੂਬੇ ਦੇ 136 ਏਡਿਡ ਕਾਲਜਾਂ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਸੰਬੰਧਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਉਚੇਰੀ ਸਿੱਖਿਆ ਹਾਸਲ ਕਰ ਰਹੇ ਹਨ, ਪਰ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਕਾਰਨ ਉਕਤ ਵਿਦਿਆਰਥੀ ਜੋ ਕਿ ਪਹਿਲਾਂ ਹੀ ਆਰਥਿਕ ਅਤੇ ਸਮਾਜਿਕ ਤੌਰ ਉੱਤੇ ਵੱਡੀਆਂ ਚੁਣੌਤੀਆਂ ਵਾਲੇ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ, ਲਈ ਇਹ ਖੇਤੀ ਆਰਡੀਨੈਂਸ ਨਵੀਆਂ ਦੁਸ਼ਵਾਰੀਆਂ ਪੈਦਾ ਕਰ ਸਕਦੇ ਹਨ। ਇੱਥੇ ਇਹ ਜ਼ਿਕਰਯੋਗ ਹੈ ਕਿ ਕੋਵਿਡ-19 ਲਾਗ ਦੀ ਬੀਮਾਰੀ ਨੇ ਪਹਿਲਾਂ ਹੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਹਾਸ਼ੀਏ ਉੱਤੇ ਧੱਕ ਦਿੱਤਾ ਹੈ, ਜਿਸ ਕਾਰਨ ਇਨ੍ਹਾਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਉੱਚ ਸਿੱਖਿਆ ਹਾਸਲ ਕਰਨ ਦੇ ਇਛੁੱਕ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਉੱਤੇ ਵੱਡਾ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।
ਪ੍ਰੋਫੈਸਰ ਡਾ. ਰਮਨ ਸ਼ਰਮਾ ਨੇ ਕੇਂਦਰ ਸਰਕਾਰ ਨੂੰ ਨਵੇਂ ਖੇਤੀ ਆਰਡੀਨੈਂਸ ਲਾਗੂ ਕਰਨ ਦੇ ਫੈਸਲੇ ਦੀ ਮੁੜ ਨਜ਼ਰਸਾਨੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਖੇਤੀ ਆਰਡੀਨੈਂਸਾਂ ਨੂੰ ਲਾਗੂ ਕਰਨ ਦੇ ਫੈਸਲੇ ਨੂੰ ਵਾਪਸ ਨਾ ਲਿਆ ਤਾਂ ਇਸਦਾ ਸੂਬੇ ਦੀ ਕਿਸਾਨੀ ਦੇ ਨਾਲ ਨਾਲ ਸੂਬੇ ਦੀ ਖੇਤੀ ਆਧਾਰਿਤ ਆਰਥਿਕਤਾ ਉੱਤੇ ਵੀ ਦੂਰਗਾਮੀ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਵਾਤਾਵਰਨ ਵਿੱਚ ਸਿੱਖਿਆ ਢਾਂਚਾ ਖਾਸਕਰ ਉੱਚ ਸਿੱਖਿਆ ਨਾਲ ਜੁੜੇ ਵਿੱਦਿਅਕ ਅਦਾਰਿਆਂ ਨੂੰ ਇਸਦਾ ਵੱਡਾ ਖਮਿਆਜਾ ਭੁਗਤਣਾ ਪਵੇਗਾ। ਉਨ੍ਹਾਂ ਹੋਰ ਕਿਹਾ ਕਿ ਇਸ ਨੂੰ ਮੱਦੇਨਜ਼ਰ ਰੱਖਦਿਆਂ 1925 ਕਾਲਜ ਅਧਿਆਪਕ ਫਰੰਟ ਪੰਜਾਬ ਆਪਣੇ ਕਾਲਜਾਂ ਦੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਉੱਜਵਲ ਭਵਿੱਖ ਲਈ ਹਰ ਮੁਹਾਜ਼ ਉੱਤੇ ਕਿਸਾਨ ਅਤੇ ਖੇਤ ਮਜ਼ਦੂਰ ਜੱਥੇਬੰਦੀਆਂ ਦੇ ਸੰਘਰਸ਼ ਦੀ ਡੱਟ ਕੇ ਹਮਾਇਤ ਕਰੇਗਾ


Anuradha

Content Editor Anuradha