ਚੋਰੀ ਦੇ ਮੋਟਰਸਾਈਕਲਾਂ ਸਣੇ 2 ਕਾਬੂ
Saturday, Sep 09, 2017 - 08:10 AM (IST)
ਕੋਟਕਪੂਰਾ (ਨਰਿੰਦਰ) - ਜ਼ਿਲਾ ਪੁਲਸ ਮੁਖੀ ਡਾ. ਨਾਨਕ ਸਿੰਘ ਵੱਲੋਂ ਦਿੱਤੀਆਂ ਹਦਾਇਤਾਂ 'ਤੇ ਯਾਦਵਿੰਦਰ ਸਿੰਘ ਬਾਜਵਾ ਡੀ. ਐੱਸ. ਪੀ. ਕੋਟਕਪੂਰਾ ਤੇ ਇੰਸਪੈਕਟਰ ਮੁਖਤਿਆਰ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਕੋਟਕਪੂਰਾ ਦੀ ਅਗਵਾਈ ਹੇਠ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਪੁਲਸ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ 2 ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਕੋਟਕਪੂਰਾ ਦੇ ਬੱਸ ਸਟੈਂਡ ਕੋਲ ਮੌਜੂਦ ਸੀ ਤਾਂ ਇਸ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਭੁਪਿੰਦਰ ਸਿੰਘ, ਅਨਮੋਲ ਸਿੰਘ, ਬਿੱਟਾ ਤੇ ਜਗਨਦੀਪ ਸਿੰਘ ਵਾਸੀਆਨ ਕੋਟਕਪੂਰਾ, ਜੋ ਕਿ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ ਅਤੇ ਅੱਜ ਵੀ ਮੋਟਰਸਾਈਕਲ ਵੇਚਣ ਦੀ ਤਾਕ ਵਿਚ ਸ਼ਹਿਰ ਕੋਟਕਪੂਰਾ ਅੰਦਰ ਘੁੰਮ ਰਹੇ ਹਨ, ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਇਹ ਸਮੇਤ ਮੋਟਰਸਾਈਕਲ ਦੇ ਕਾਬੂ ਆ ਸਕਦੇ ਹਨ। ਸੂਚਨਾ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਵੱਲੋਂ ਕੀਤੀ ਨਾਕਾਬੰਦੀ ਦੌਰਾਨ ਭੁਪਿੰਦਰ ਸਿੰਘ ਤੇ ਜਗਨਦੀਪ ਸਿੰਘ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਚੋਰੀ ਦੇ 2 ਮੋਟਰਸਾਈਕਲ ਬਰਾਮਦ ਕੀਤੇ ਗਏ। ਇਸ ਸਬੰਧ ਵਿਚ ਉਕਤ ਵਿਅਕਤੀਆਂ ਖਿਲਾਫ਼ ਥਾਣਾ ਸਿਟੀ ਕੋਟਕਪੂਰਾ ਵਿਖੇ ਕੇਸ ਦਰਜ ਕਰ ਲਿਆ ਹੈ।
