2 ਵੱਖ-ਵੱਖ ਮਾਮਲਿਆਂ ''ਚ 20, 250 ਮਿਲੀਲੀਟਰ ਨਾਜਾਇਜ਼ ਸ਼ਰਾਬ ਸਣੇ 2 ਗ੍ਰਿਫ਼ਤਾਰ

01/18/2018 1:48:56 AM

ਨਵਾਂਸ਼ਹਿਰ, (ਤ੍ਰਿਪਾਠੀ)- 2 ਵੱਖ-ਵੱਖ ਮਾਮਲਿਆਂ 'ਚ ਪੁਲਸ ਨੇ 20, 250 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਨਵਾਂਸ਼ਹਿਰ ਦੇ ਐੱਸ.ਐੱਚ.ਓ. ਸ਼ਹਿਬਾਜ਼ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਾ ਤਸਕਰਾਂ ਤੇ ਅਪਰਾਧਿਕ ਕਿਸਮ ਦੇ ਲੋਕਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਏ.ਐੱਸ.ਆਈ. ਬਲਵਿੰਦਰ ਸਿੰਘ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਚੰਡੀਗੜ੍ਹ ਚੌਕ ਤੋਂ ਲਿੰਕ ਰੋਡ ਬਰਨਾਲਾ ਕਲਾਂ ਵੱਲ ਜਾ ਰਹੀ ਸੀ ਕਿ ਰਸਤੇ 'ਚ ਸਾਹਮਣਿਓਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਪੜਤਾਲ ਕੀਤੀ ਤਾਂ ਉਸ ਕੋਲੋਂ 18 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ । ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਬਲਵਿੰਦਰ ਪੁੱਤਰ ਮਹਿੰਗਾ ਸਿੰਘ ਨਿਵਾਸੀ ਪਿੰਡ ਲੰਗੜੋਆ ਦੇ ਤੌਰ 'ਤੇ ਕੀਤੀ ਗਈ ।  
ਇਕ ਹੋਰ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ 'ਚ ਤੈਨਾਤ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਨਵਾਂਸ਼ਹਿਰ ਤੋਂ ਪਿੰਡ ਖਟਕੜਕਲਾਂ ਹੁੰਦੇ ਹੋਏ ਪਿੰਡ ਹੀਓ ਵੱਲ ਜਾ ਰਹੀ ਸੀ ਤਾਂ ਪਿੰਡ ਵੱਲੋਂ ਪਲਾਸਟਿਕ ਦੀ ਕੇਨੀ ਚੁੱਕੀ ਆ ਰਹੇ ਇਕ ਵਿਅਕਤੀ ਨੂੰ ਰੋਕ ਕੇ ਪੜਤਾਲ ਕੀਤੀ ਤਾਂ ਉਸ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਪ੍ਰੇਮਲਾਲ ਪੁੱਤਰ ਜੋਗਿੰਦਰ ਰਾਮ ਨਿਵਾਸੀ ਖਟਕੜ ਖੁਰਦ ਦੇ ਤੌਰ 'ਤੇ ਕੀਤੀ ਗਈ । ਉਕਤ ਦੋਵਾਂ ਮਾਮਲਿਆਂ 'ਚ ਸਬੰਧਤ ਥਾਣਿਆਂ ਦੀ ਪੁਲਸ ਨੇ ਦਿ ਪੰਜਾਬ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।