ਹੈਰੋਇਨ ਤੇ ਹਜ਼ਾਰਾਂ ਰੁਪਏ ਦੀ ਡਰੱਗ ਮਨੀ ਨਾਲ ਔਰਤ ਸਣੇ 2 ਨਸ਼ਾ ਤਸਕਰ ਕਾਬੂ

06/20/2024 4:58:10 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਜ਼ਿਲ੍ਹੇ 'ਚ ਪੁਲਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਦੇ ਤਹਿਤ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਸਬ ਇੰਸਪੈਕਟਰ ਵਿਪਨ ਕੁਮਾਰ ਦੀ ਅਗਵਾਈ ਹੇਠ ਇੱਕ ਔਰਤ ਸਮੇਤ 2 ਕਥਿਤ ਨਸ਼ਾ ਤਸਕਰਾਂ ਨੂੰ ਐਕਟਿਵਾ ਸਕੂਟਰ ’ਤੇ ਆਉਂਦਿਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ ਹੈਰੋਇਨ ਅਤੇ ਹਜ਼ਾਰਾਂ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਜਦੋਂ ਏ. ਐੱਸ. ਆਈ. ਵਿਪਨ ਕੁਮਾਰ ਦੀ ਅਗਵਾਈ ਹੇਠ ਥਾਣਾ ਕੁਲਗੜ੍ਹੀ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਪਿੰਡ ਸਾਂਦੇ ਹਾਸ਼ਮ ਨੇੜੇ ਪੁੱਜੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸੌਰਵ ਉਰਫ਼ ਸੰਨੀ ਅਤੇ ਰਾਜ ਪਤਨੀ ਗੁਰਮੀਤ ਹੈਰੋਇਨ ਵੇਚਣ ਦਾ ਧੰਦਾ ਕਰਦੇ ਹੈ। ਉਹ ਪੰਜਾਬ ਨੰਬਰ ਦੀ ਐਕਟਿਵਾ ਸਕੂਟੀ ’ਤੇ ਸਵਾਰ ਹੋ ਕੇ ਪਿੰਡ ਸ਼ੇਰਖਾਂ ਦੇ ਏਰੀਆ ਵਿੱਚ ਹੈਰੋਇਨ ਵੇਚਣ ਜਾਂ ਖਰੀਦਣ ਲਈ ਆਏ ਹੋਏ ਹਨ।

ਪੁਲਸ ਪਾਰਟੀ ਨੇ ਤੁਰੰਤ ਉੱਥੇ ਨਾਕਾਬੰਦੀ ਕਰਦੇ ਹੋਏ ਦੋਹਾਂ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਲੈਣ ’ਤੇ ਸੌਰਵ ਕੋਲੋਂ 15 ਗ੍ਰਾਮ ਹੈਰੋਇਨ ਅਤੇ 11 ਹਜ਼ਾਰ 320 ਰੁਪਏ ਦੀ ਡਰੱਗ ਮਨੀ ਅਤੇ ਔਰਤ ਰਾਜ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਥਿਤ ਤਸਕਰਾਂ ਖ਼ਿਲਾਫ਼ ਥਾਣਾ ਕੁਲਗੜ੍ਹੀ ਮਾਮਲਾ ਦਰਜ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


Babita

Content Editor

Related News