ਮੋਹਾਲੀ ਪੁਲਸ ਨੂੰ ਵੱਡੀ ਸਫ਼ਲਤਾ : ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 2 ਗੈਂਗਸਟਰ ਹਥਿਆਰਾਂ ਸਣੇ ਗ੍ਰਿਫ਼ਤਾਰ

06/14/2022 3:19:38 PM

ਮੋਹਾਲੀ (ਪਰਦੀਪ, ਨਿਆਮੀਆਂ, ਰਮਨਦੀਪ) : ਐੱਸ. ਏ. ਐੱਸ. ਨਗਰ ਪੁਲਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਲਾਰੈਂਸ ਬਿਸ਼ਨੋਈ ਗੈਂਗ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਮੋਹਾਲੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਗਗਨਦੀਪ ਸਿੰਘ ਉਰਫ਼ ਗਾਗੀ ਪੁੱਤਰ ਮਲਕੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਲਖਵਿੰਦਰ ਸਿੰਘ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਪਿੰਡ ਕਿੰਗਰਾ, ਡੱਬਵਾਲੀ, ਜ਼ਿਲ੍ਹਾ ਸਿਰਸਾ ਹਰਿਆਣਾ ਦੇ ਵਸਨੀਕ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 31 ਜੁਲਾਈ ਤੋਂ ਬਿਲਕੁਲ ਬੰਦ ਹੋ ਜਾਣਗੇ 'ਅਸ਼ਟਾਮ ਪੇਪਰ', ਈ-ਸਟੈਂਪਿੰਗ ਰਾਹੀਂ ਹੋਵੇਗਾ ਕੰਮ

ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਦਾਰਾ ਸਟੂਡੀਓ, ਜੁਝਾਰ ਨਗਰ, ਮੋਹਾਲੀ ਨੇੜਿਓਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ ਦੋ 32 ਕੈਲੀਬਰ ਪਿਸਤੌਲ, 08 ਜ਼ਿੰਦਾ ਕਾਰਤੂਸ ਅਤੇ ਇੱਕ ਸਕਾਰਪੀਓ ਗੱਡੀ ਬਰਾਮਦ ਕੀਤੀ ਗਈ ਹੈ। ਵਿਵੇਕ ਸ਼ੀਲ ਸੋਨੀ ਨੇ ਅੱਗੇ ਦੱਸਿਆ ਕਿ ਗਗਨਦੀਪ ਉਰਫ਼ ਗਾਗੀ ਅਤੇ ਗੁਰਪ੍ਰੀਤ ਉਰਫ਼ ਗੋਪੀ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨਾ ਰਾਹੀਂ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ, ਜਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਹਮਲਾਵਰਾਂ ਨੂੰ ਟੋਇਟਾ ਕੋਰੋਲਾ ਕਾਰ ਮੁਹੱਈਆ ਕਰਵਾਈ ਸੀ। ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਨਪ੍ਰੀਤ ਸਿੰਘ ਉਰਫ਼ ਮੰਨਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਜ਼ੀਰਕਪੁਰ 'ਚ ਰੌਂਗਟੇ ਖੜ੍ਹੇ ਕਰਨ ਵਾਲੀ ਵਾਰਦਾਤ, ਪਤਨੀ ਨਾਲ ਝਗੜੇ ਮਗਰੋਂ 6 ਮਹੀਨੇ ਦੇ ਪੁੱਤ ਦੀ ਲਈ ਜਾਨ

ਦੋਵੇਂ ਦੋਸ਼ੀ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਕੰਮ ਕਰਦੇ ਸਨ ਅਤੇ ਪੰਜਾਬ ਅਤੇ ਰਾਜਸਥਾਨ ਦੇ ਸਰਹੱਦੀ ਖੇਤਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦੇ ਸਨ ਅਤੇ ਵਿਦੇਸ਼ੀ ਹੈਂਡਲਰ ਗੋਡਲੀ ਬਰਾੜ ਦੇ ਨਿਰਦੇਸ਼ਾਂ 'ਤੇ ਇਸ ਨੂੰ ਸ਼ੂਟਰਾਂ ਤੱਕ ਪਹੁੰਚਾਉਂਦੇ ਸਨ। ਸੋਨੀ ਨੇ ਦੱਸਿਆ ਕਿ ਗੁਪਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਮੋਹਾਲੀ ਪੁਲਸ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਨਾਲ ਮਿਲ ਕੇ ਮੁਹਿੰਮ ਚਲਾਈ ਗਈ। ਗਗਨਦੀਪ ਉਰਫ਼ ਗਾਗੀ ਅਤੇ ਗੁਰਪ੍ਰੀਤ ਉਰਫ਼ ਗੋਪੀ ਦੋਹਾਂ ਨੂੰ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਉਹ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਹੇ ਸਨ।  
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita