ਪੁਲਸ ਨੇ 208 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਕਾਰ ਸਣੇ 2 ਨੂੰ ਕੀਤਾ ਕਾਬੂ

09/13/2017 1:05:32 PM


ਬਰਨਾਲਾ/ਧਨੌਲਾ/ਤਪਾ ਮੰਡੀ, 12 ਸਤੰਬਰ (ਵਿਵੇਕ ਸਿੰਧਵਾਨੀ, ਰਵੀ, ਰਵਿੰਦਰ, ਸ਼ਾਮ, ਗਰਗ, ਮਾਰਕੰਡਾ, ਮੇਸ਼ੀ)-ਪੁਲਸ ਨੇ 2 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਕਾਰ ਸਮੇਤ 208 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। 
ਸਬ-ਇੰਸਪੈਕਟਰ ਮਲਕੀਤ ਸਿੰਘ ਚੀਮਾ ਨੇ ਦੱਸਿਆ ਕਿ ਹੌਲਦਾਰ ਬਲਜੀਤ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਅਸਪਾਲ ਖੁਰਦ ਹੱਦ 'ਤੇ ਨਾਕਾਬੰਦੀ ਕਰ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਸਖਤੀ ਨਾਲ ਚੈਕਿੰਗ ਕਰ ਰਹੀ ਸੀ ਤਾਂ ਇਕ ਸਵਿਫਟ ਕਾਰ ਨੰਬਰ ਪੀ. ਬੀ.19-ਏ. ਐੱਚ.-7640 ਜਿਸ ਨੂੰ ਰਣਜੋਧ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕੁੱਬੇ ਚਲਾ ਰਿਹਾ ਸੀ ਦੀ ਚੈਕਿੰਗ ਕੀਤੀ ਤਾਂ ਉਸ ਵਿਚੋਂ 108 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਦੋਸ਼ੀ ਨੇ ਮੰਨਿਆ ਕਿ 24 ਬੋਤਲਾਂ ਹੋਰ ਉਸਦੇ ਘਰ ਤੂੜੀ ਵਾਲੇ ਕਮਰੇ 'ਚ ਦੱਬ ਕੇ ਰੱਖੀਆਂ ਹੋਈਆਂ ਹਨ ਕੁਲ 132 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਕੇਸ ਦਰਜ ਕਰ ਲਿਆ ਹੈ।  ਇਸੇ ਤਰ੍ਹਾਂ ਸਹਾਇਕ ਥਾਣੇਦਾਰ ਭੋਲਾ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਜਸਵੀਰ ਸਿੰਘ ਉਰਫ ਸੀਰਾ ਪੁੱਤਰ ਜਰਨੈਲ ਸਿੰਘ ਵਾਸੀ ਅਸਪਾਲ ਕਲਾਂ ਨੂੰ ਕਾਬੂ ਕਰ ਕੇ ਉਸ ਕੋਲੋਂ 72 ਬੋਤਲਾਂ ਸ਼ਰਾਬ ਬਰਾਮਦ ਕਰ ਕੇ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਦੋਵਾਂ ਦੋਸ਼ੀਆਂ ਖਿਲਾਫ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।