2 ਕਰੋੜ 50 ਲੱਖ ਦੀ ਹੈਰੋਇਨ ਸਣੇ 2 ਕਾਬੂ

04/19/2018 5:06:06 AM

ਤਰਨਤਾਰਨ,   (ਰਾਜੂ, ਬਲਵਿੰਦਰ ਕੌਰ)-  ਸੀ. ਆਈ. ਏ. ਸਟਾਫ ਤਰਨਤਾਰਨ ਦੀ ਪੁਲਸ ਨੇ 510 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀਆਂ ਨੂੰ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ, ਜਿਨ੍ਹਾਂ ਵਿਚ ਇਕ ਔਰਤ ਵੀ ਸ਼ਾਮਲ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 2 ਕਰੋੜ 50 ਲੱਖ ਰੁਪਏ ਦੱਸੀ ਜਾ ਰਹੀ ਹੈ।
 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਨੇ ਦੱਸਿਆ ਕਿ ਸੀ. ਆਈ. ਏ. ਪੁਲਸ ਟੀਮ ਵੱਲੋਂ ਦੌਰਾਨੇ ਗਸ਼ਤ ਮੋੜ ਗੁਰਦੁਆਰਾ ਰਾਠੀਕੇ ਮਰਹਾਣਾ ਤੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ। ਇਸ ਦੌਰਾਨ ਡੀ. ਐੱਸ. ਪੀ ਪ੍ਰਹਿਲਾਦ ਸਿੰਘ ਦੀ ਅਗਵਾਈ ਵਿਚ ਉਸ ਦੇ ਕਬਜ਼ੇ 'ਚੋਂ 255 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਦੋਸ਼ੀ ਦੀ ਪਛਾਣ ਰਾਜਬੀਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬੁਰਜ ਦੇਵਾ ਸਿੰਘ ਵਜੋਂ ਹੋਈ ਹੈ, ਜਿਸ ਦੇ ਖਿਲਾਫ ਥਾਣਾ ਹਰੀਕੇ ਪੱਤਣ ਵਿਖੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।  ਐੱਸ. ਐੱਸ. ਪੀ ਦਰਸ਼ਨ ਸਿੰਘ ਮਾਨ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਏ. ਐੱਸ. ਆਈ. ਬਲਦੇਵ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਨੇੜੇ ਬੱਸ ਸਟੈਂਡ ਗੋਇੰਦਵਾਲ ਸਾਹਿਬ ਵਿਖੇ ਗਸ਼ਤ ਕੀਤੀ ਜਾ ਰਹੀ ਸੀ, ਜਿਸ ਦੌਰਾਨ ਪੂਜਾ ਉਰਫ ਰੂਪਾ ਪਤਨੀ ਸੁੱਖਾ ਸਿੰਘ ਵਾਸੀ ਲਾਟੀਵਾਲ ਥਾਣਾ ਸੁਲਤਾਨਪੁਰ ਲੋਧੀ ਨੂੰ 255 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਤਲਾਸ਼ੀ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਸਤਪਾਲ ਸਿੰਘ ਦੀ ਹਾਜ਼ਰੀ ਵਿਚ ਮਹਿਲਾ ਕਾਂਸਟੇਬਲ ਵੱਲੋਂ ਲਈ ਗਈ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐੱਸ. ਐੱਸ. ਪੀ. ਮਾਨ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਜਾਰੀ ਹੈ।


Related News