ਵਿਰੋਧੀ ਧਿਰ ਦੇ 2 ਹੋਰ ਵਿਧਾਇਕਾਂ ਨੇ CM ਮਾਨ ਨਾਲ ਕੀਤੀ ਮੁਲਾਕਾਤ, ''ਆਪ'' ''ਚ ਜਾਣ ਦੀਆਂ ਚਰਚਾਵਾਂ ਤੇਜ਼

03/19/2024 6:34:00 PM

ਜਲੰਧਰ: ਵਿਰੋਧੀ ਧਿਰ ਦੇ 2 ਵਿਧਾਇਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ। ਇਸ ਨਾਲ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਅਤੇ ਅਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਐਤਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ 'ਚ CM ਮਾਨ ਨਾਲ ਮੁਲਾਕਾਤ ਕੀਤੀ। ਇਸ ਨਾਲ ਉਨ੍ਹਾਂ ਦੇ ਲੋਕ ਸਭਾ ਚੋਣਾਂ ਤੋਂ ਪਹਿਲਾਂ 'ਆਪ' ਵਿਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਸ਼ੁਰੂ ਹੋ ਗਈਆਂ। ਹਾਲਾਂਕਿ ਦੋਹਾਂ ਆਗੂਆਂ ਨੇ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਉਹ ਸਿਰਫ਼ ਆਪਣੇ ਹਲਕੇ ਦੀਆਂ ਸਮੱਸਿਆਵਾਂ ਲੈ ਕੇ ਮੁੱਖ ਮੰਤਰੀ ਕੋਲ ਗਏ ਸਨ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਸੀਟ ਤੋਂ ਇਸ ਕੇਂਦਰੀ ਮੰਤਰੀ 'ਤੇ ਦਾਅ ਖੇਡ ਸਕਦੀ ਹੈ ਭਾਜਪਾ, ਚੋਣ ਮੈਦਾਨ 'ਚ ਉਤਾਰਨ ਦੀ ਤਿਆਰੀ

ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸੁੱਖੀ ਅਤੇ ਅਤੇ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਮੁਲਾਕਾਤ ਨੇ ਸਿਆਸੀ ਗਲਿਆਰਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਇੱਥੇ ਦੱਸ ਦਈਏ ਕਿ ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਰਾਜ ਕੁਮਾਰ ਚੱਬੇਵਾਲ ਨੇ ਵੀ 'ਆਪ' ਦਾ ਪੱਲਾ ਫੜ੍ਹ ਲਿਆ ਹੈ। ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਫ਼ਤਿਹਗੜ੍ਹ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਇਲਾਵਾ ਰਾਜ ਕੁਮਾਰ ਚੱਬੇਵਾਲ ਨੂੰ ਵੀ ਹੁਸ਼ਿਆਰਪੁਰ ਤੋਂ ਟਿਕਟ ਦੇਣ ਦੀਆਂ ਚਰਚਾਵਾਂ ਹਨ। ਇਸ ਲਈ ਸੁਖਵਿੰਦਰ ਸਿੰਘ ਸੁੱਖੀ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। 

ਸਵਾ ਘੰਟਾ ਚੱਲੀ ਮੀਟਿੰਗ, ਨਹੀਂ ਹੋਈ ਸਿਆਸੀ ਚਰਚਾ : ਸੁੱਖੀ

ਮੀਡੀਆ ਰਿਪੋਰਟਾਂ ਮੁਤਾਬਕ ਵਿਧਾਇਕ ਸੁੱਖੀ ਨੇ ਇਹ ਗੱਲ ਮੰਨੀ ਕਿ ਉਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੀਟਿੰਗ ਤਕਰੀਬਨ ਸਵਾ ਘੰਟਾ ਚੱਲੀ। ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਦੌਰਾਨ ਕੋਈ ਸਿਆਸੀ ਗੱਲਬਾਤ ਨਹੀਂ ਹੋਈ ਤੇ ਉਹ ਸਿਰਫ਼ ਆਪਣੇ ਹਲਕੇ ਦੀਆਂ ਮੰਗਾਂ ਲੈ ਕੇ ਉੱਥੇ ਗਏ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸੰਬੋਧਨ ਦੌਰਾਨ ਇਲਾਕੇ ਵਿਚ ਮੈਡੀਕਲ ਕਾਲਜ ਦਾ ਐਲਾਨ ਕੀਤਾ ਗਿਆ ਸੀ। ਇਸ ਮੀਟਿੰਗ ਵਿਚ ਉਸ ਨੂੰ ਲੈ ਕੇ ਹੀ ਚਰਚਾ ਹੋਈ। ਇਸ ਤੋਂ ਇਲਾਵਾ ਸਿਹਤ ਬੀਮਾ ਯੋਜਨਾ ਬਾਰੇ ਵੀ ਗੱਲਬਾਤ ਹੋਈ ਸੀ। ਹਾਲਾਂਕਿ ਉਨ੍ਹਾਂ ਨੇ ਪਾਰਟੀ ਬਦਲਣ ਦੀਆਂ ਚਰਚਾਵਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ 'ਆਪ' ਦੇ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਇਸ ਲਈ ਪੁੱਛਿਆ ਤਾਂ ਜਾ ਰਿਹਾ ਹੈ, ਪਰ ਮੈਂ ਉਨ੍ਹਾਂ ਨੂੰ ਸਾਫ਼ ਕਹਿ ਦਿੱਤਾ ਹੈ ਕਿ ਮੇਰੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਗਾਤਾਰ ਮੇਰੀ ਹਮਾਇਤ ਕਰ ਰਹੇ ਹਨ, ਤਾਂ ਮੈਨੂੰ ਪਾਰਟੀ ਬਦਲਣ ਬਾਰੇ ਸੋਚਣ ਵੀ ਲੋੜ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ 'ਕ੍ਰਿਕਟ' 'ਚ ਵਾਪਸੀ! IPL 'ਚ ਕਰਨਗੇ ਕਮੈਂਟਰੀ

ਹਲਕੇ ਦੀਆਂ ਸਮੱਸਿਆਵਾਂ ਬਾਰੇ ਹੋਈ ਚਰਚਾ: ਰਾਣਾ ਇੰਦਰ ਪ੍ਰਤਾਪ ਸਿੰਘ

ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਜੋ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਵੱਲੋਂ ਟਿਕਟ ਨਾ ਮਿਲਣ ਕਾਰਨ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਦੀ ਚੋਣ ਲੜੇ ਸਨ ਤੇ ਜਿੱਤੇ ਵੀ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਬਾਰੇ ਉਨ੍ਹਾਂ ਕਿਹਾ ਕਿ ਉਹ ਸਿਰਫ਼ ਆਪਣੇ ਹਲਕੇ ਦੀਆਂ ਸਮੱਸਿਆਵਾਂ ਲੈ ਕੇ ਉਨ੍ਹਾਂ ਕੋਲ ਗਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਤਕਰੀਬਨ 15 ਮਿੰਟ ਤਕ ਮੀਟਿੰਗ ਕੀਤੀ ਤੇ ਹਲਕੇ ਦੇ ਮੁੱਦਿਆਂ ਬਾਰੇ ਦੱਸਿਆ। ਇਸ ਵਿਚ ਅਵਾਰਾ ਕੁੱਤਿਆਂ ਕਾਰਨ 3 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਅਤੇ ਸਮਾਰਟ ਸਿਟੀ ਫੰਡ ਮੁੱਖ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News