ਅੰਮ੍ਰਿਤਸਰ: ਬਾਬਾ ਬਕਾਲਾ ''ਚ ਦੋ ਹੋਰ ਕੋਰੋਨਾ ਪਾਜ਼ੇਟਿਵ ਮਾਮਲੇ ਆਏ ਸਾਹਮਣੇ
Tuesday, May 12, 2020 - 04:14 PM (IST)
ਬਾਬਾ ਬਕਾਲਾ ਸਾਹਿਬ (ਰਾਕੇਸ਼) : ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਨਾਲ ਲੱਗਦੇ ਪਿੰਡਾਂ 'ਚ ਪਿਛਲੇ ਕੁਝ ਦਿਨਾਂ ਤੋਂ ਕੋਈ ਵੀ ਮਰੀਜ਼ ਪਾਜ਼ੇਟਿਵ ਨਾ ਆਉਣ ਕਰਕੇ ਇਸ ਖੇਤਰ ਦੇ ਲੋਕਾਂ ਨੂੰ ਕਾਫੀ ਰਾਹਤ ਪ੍ਰਾਪਤ ਹੋ ਰਹੀ ਸੀ। ਇਸਦੇ ਚਲਦਿਆਂ ਹੀ ਬੀਤੇ ਕੱਲ ਦੋ ਹੋਰ ਨਵੇਂ ਕੇਸ ਪਾਜ਼ੇਟਿਵ ਪਾਏ ਜਾਣ ਨਾਲ ਮੁੜ ਤੋਂ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਖਿਲਚੀਆਂ ਦੇ ਪਿੰਡ ਬਾਣੀਆਂ 'ਚ ਇਕ ਵਿਅਕਤੀ ਅਤੇ ਕਸਬਾ ਬੁਤਾਲਾ 'ਚ ਇਕ ਔਰਤ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੀ ਸੂਚਨਾ ਮਿਲੀ ਹੈ। ਹੁਣ ਤੱਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 31 ਹੋ ਗਈ ਹੈ।
ਇਹ ਵੀ ਪੜ੍ਹੋ ► ਕੋਰੋਨਾ ਸੰਕਟ ਦਰਮਿਆਨ ਅੰਮ੍ਰਿਤਸਰ ਤੋਂ ਆਈ ਚੰਗੀ ਖਬਰ
ਅੰਮ੍ਰਿਤਸਰ ਜ਼ਿਲੇ ਵਿਚ ਚੌਥੀ ਮੌਤ
ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ 34 ਸਾਲਾ ਕੋਰੋਨਾ ਪਾਜ਼ੇਟਿਵ ਮਰੀਜ਼ ਮਿਠਾਨ ਸਵਾਮੀ ਦੀ ਅੱਜ ਮੌਤ ਹੋ ਗਈ। ਸਵਾਮੀ ਦੀ ਹਾਲਤ ਬੇਹੱਦ ਗੰਭੀਰ ਹੋਣ ਕਾਰਨ ਪਿਛਲੇ 48 ਘੰਟਿਆਂ ਤੋਂ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਡਾਕਟਰਾਂ ਅਨੁਸਾਰ ਮਰੀਜ਼ ਐੱਚ. ਆਈ. ਵੀ. ਪਾਜ਼ੇਟਿਵ ਤੋਂ ਇਲਾਵਾ ਟੀ. ਵੀ. ਦਾ ਸ਼ਿਕਾਰ ਵੀ ਸੀ, ਜ਼ਿਲ੍ਹੇ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ ਵੱਧ ਕੇ 4 ਹੋ ਗਈ ਹੈ। ਇਸ ਤੋਂ ਇਲਾਵਾ ਪੂਰੇ ਪੰਜਾਬ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 33 ਹੋ ਗਈ ਹੈ।
ਇਹ ਵੀ ਪੜ੍ਹੋ ► ਹੈਰਾਨੀਜਨਕ: ਸਰਕਾਰੀ ਲੈਬਜ਼ ''ਚ ''ਕੋਰੋਨਾ'' ਪਾਜ਼ੇਟਿਵ ਹੋ ਰਹੀਆਂ ਨੈਗੇਟਿਵ ਮਰੀਜ਼ਾਂ ਦੀਆਂ ਰਿਪੋਰਟਾਂ
ਦੁਨੀਆ ਭਰ 'ਚ ਕੋਰੋਨਾ ਦੀ ਸਥਿਤੀ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 42,15,496 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,84, 680 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 15,06, 240 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 67424 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 2215 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1950 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 33 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 160 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।