ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ 1 ਲੱਖ 40 ਹਜ਼ਾਰ ਡਰੱਗ ਮਨੀ ਸਮੇਤ 3 ਕਾਬੂ

06/30/2024 2:58:13 PM

ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਨਸ਼ਿਆ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 30 ਗ੍ਰਾਮ ਹੈਰੋਇਨ, 300 ਨਸ਼ੇ ਵਾਲੀਆਂ ਗੋਲੀਆਂ ਅਤੇ 1 ਲੱਖ 40 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਾਘਾ ਪੁਰਾਣਾ ਦੇ ਮੁੱਖ ਅਫ਼ਸਰ ਇੰਸਪੈਕਟਰ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਗੁਰਬਿੰਦਰ ਸਿੰਘ ਪੁਲਸ ਪਾਰਟੀ ਸਮੇਤ ਦੇਰ ਸ਼ਾਮ ਪਿੰਡ ਨੱਥੂਵਾਲਾ ਗਰਬੀ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਮਨਪ੍ਰੀਤ ਸਿੰਘ ਉਰਫ਼ ਮੰਗਾ ਨਿਵਾਸੀ ਪਿੰਡ ਰੋਡੇ ਨੂੰ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੇ ਖ਼ਿਲਾਫ਼ ਥਾਣਾ ਬਾਘਾ ਪੁਰਾਣਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ।

ਇਸੇ ਤਰ੍ਹਾਂ ਥਾਣਾ ਸਮਾਲਸਰ ਦੇ ਮੁੱਖ ਅਫ਼ਸਰ ਦਿਲਬਾਗ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਅਤੇ ਥਾਣੇਦਾਰ ਰਾਜ ਸਿੰਘ ਪੁਲਸ ਪਾਰਟੀ ਸਮੇਤ ਦੇਰ ਰਾਤ ਇਲਾਕੇ ਵਿਚ ਗਸ਼ਤ ਕਰ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਇਕ ਮਹਿੰਦਰਾ ਥਾਰ ਗੱਡੀ ਨੂੰ ਰੋਕਿਆ ਅਤੇ ਅਮਨਦੀਪ ਸਿੰਘ ਉਰਫ਼ ਅਮਨਾ ਨਿਵਾਸੀ ਪਿੰਡ ਸੁਖਾਨੰਦ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 20 ਗ੍ਰਾਮ ਹੈਰੋਇਨ ਅਤੇ 1 ਲੱਖ 40 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ, ਜਿਸ ਦੇ ਖ਼ਿਲਾਫ਼ ਥਾਣਾ ਸਮਾਲਸਰ ਵਿਚ ਮਾਮਲਾ ਦਰਜ ਕੀਤਾ ਗਿਆ ਹੈ।

ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦਾ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਬੱਧਨੀ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਮੇਲ ਸਿੰਘ ਨੇ ਕਿਹਾ ਕਿ ਜਦੋਂ ਥਾਣੇਦਾਰ ਬਲਧੀਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਲਿੰਕ ਰੋਡ ਬੱਧਨੀ ਕਲਾਂ ਕੋਲ ਜਾ ਰਹੇ ਸੀ ਤਾਂ ਗੁਰਬਿੰਦਰ ਸਿੰਘ ਉਰਫ ਗੁਰੀ ਨੂੰ ਕਾਬੂ ਕਰ ਕੇ ਉਸ ਕੋਲੋਂ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਂਦੀਆਂ 300 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ, ਜਿਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਉਕਤ ਗੋਲੀਆਂ ਗੁਰਪ੍ਰੀਤ ਸਿੰਘ ਗੋਪੀ ਨਿਵਾਸੀ ਰਾਊਕੇ ਰੋਡ ਬੱਧਣੀ ਕਲਾਂ ਤੋਂ ਲਈਆਂ ਸਨ। ਪੁਲਸ ਨੇ ਦੋਹਾਂ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
 


Babita

Content Editor

Related News