ਬਠਿੰਡਾ ਸ਼ਹਿਰ ਲਈ ਅਹਿਮ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ, ਇਸ ਪ੍ਰਾਜੈਕਟ ''ਤੇ ਖ਼ਰਚ ਕਰੇਗੀ 88.94 ਕਰੋੜ ਰੁਪਏ

Wednesday, Mar 22, 2023 - 06:10 PM (IST)

ਬਠਿੰਡਾ ਸ਼ਹਿਰ ਲਈ ਅਹਿਮ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ, ਇਸ ਪ੍ਰਾਜੈਕਟ ''ਤੇ ਖ਼ਰਚ ਕਰੇਗੀ 88.94 ਕਰੋੜ ਰੁਪਏ

ਚੰਡੀਗੜ੍ਹ/ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਬਠਿੰਡਾ ਸ਼ਹਿਰ ਵਿਚਲੀ ਆਵਾਜਾਈ ਨੂੰ ਹੋਰ ਸਚਾਰੂ ਬਣਾਉਣ ਲਈ 88.94 ਕਰੋੜ ਦੀ ਲਾਗਤ ਨਾਲ ਦੋ ਰੇਲਵੇ ਓਵਰ ਬ੍ਰਿਜ ਉਸਾਰੇ ਜਾਣਗੇ। ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਜਨਤਾ ਨਗਰ ਬਠਿੰਡਾ ਵਿਖੇ ਉਸਾਰੇ ਜਾਣ ਵਾਲੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ‘ਤੇ 50.86 ਕਰੋੜ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਬ੍ਰਿਜ ਦਾ ਕੰਮ ਵਿੱਤੀ ਸਾਲ 2023-24 ਦੇ ਬਜਟ ਉਪਬੰਧ ਅਨੁਸਾਰ ਸ਼ੁਰੂ ਕਰਕੇ 3 ਸਾਲਾਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਮੋਗਾ 'ਚ ਦਿਨ ਚੜ੍ਹਦੇ ਹੀ ਅਧਿਆਪਕਾ ਨਾਲ ਵਾਪਰਿਆ ਦਰਦਨਾਕ ਹਾਦਸਾ, ਮੌਕੇ 'ਤੇ ਹੀ ਟੁੱਟ ਗਈ ਸਾਹਾਂ ਦੀ ਡੋਰ

ਮੁਲਤਾਨੀਆ ਬ੍ਰਿਜ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਇਸ ਬ੍ਰਿਜ ਦੀ ਤਜਵੀਜ਼ ਨੂੰ ਘੋਖਣ ਸਬੰਧੀ 3 ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਬਣਾਈ ਗਈ ਸੀ, ਜਿਨ੍ਹਾਂ ਦੀ ਰਿਪੋਰਟ ਮਿਲਣ ਮਗਰੋਂ ਇਹ ਪ੍ਰਾਜੈਕਟ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਇਸ ਬ੍ਰਿਜ ਦੀ ਉਸਾਰੀ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਹ ਬ੍ਰਿਜ 38.08 ਕਰੋੜ ਰੁਪਏ ਦੀ ਲਾਗਤ ਨਾਲ 3 ਸਾਲਾਂ ਦੇ ਨਿਰਧਾਰਿਤ ਸਮੇਂ ਅੰਦਰ ਉਸਾਰਿਆ ਜਾਵੇਗਾ। ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਪੁੱਲਾਂ ਦੀ ਉਸਾਰੀ ਦੌਰਾਨ ਆਵਾਜਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਲੋਕਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਸਾਰੀ ਦੌਰਾਨ ਆਵਾਜਾਈ ਨੂੰ ਅਮਰਪੁਰਾ ਬਸਤੀ ਅਤੇ ਬਠਿੰਡਾ ਬਾਦਲ ਘੁੱਦਾ ਰੋਡ ਉਪਰ ਬਣੇ ਰੇਲਵੇ ਓਵਰ ਬ੍ਰਿਜਾਂ ਰਾਹੀਂ ਚੱਲਦਾ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ- ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਖੁੱਲ੍ਹੀ ਚਿੱਠੀ 'ਤੇ ਸਿਮਰਜੀਤ ਬੈਂਸ ਦੀ ਤਿੱਖੀ ਪ੍ਰਤੀਕਿਰਿਆ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News