ਗ਼ੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ 2 ਟ੍ਰੈਵਲ ਏਜੰਟ ਗ੍ਰਿਫ਼ਤਾਰ

Thursday, Jul 04, 2024 - 02:09 AM (IST)

ਗ਼ੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ 2 ਟ੍ਰੈਵਲ ਏਜੰਟ ਗ੍ਰਿਫ਼ਤਾਰ

ਜਲੰਧਰ/ਚੰਡੀਗੜ੍ਹ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਦੀ ਸਾਈਬਰ ਕਰਾਈਮ ਡਵੀਜ਼ਨ ਨੇ ਪੰਜਾਬ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਅਤੇ ਹੋਰ ਦੱਖਣੀ ਪੂਰਬੀ ਏਸ਼ੀਆਈ ਦੇਸ਼ਾਂ ’ਚ ਭੇਜਣ ਵਾਲੇ 2 ਟ੍ਰੈਵਲ ਏਜੰਟਾਂ ਨੂੰ ਮਨੁੱਖੀ ਸਮੱਗਲਿੰਗ ਕਰਨ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਜਨਰਲ ਆਫ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ, ਜੋ ਕਿ ਮੋਹਾਲੀ ਸਥਿਤ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦਾ ਮਾਲਕ ਹੈ ਅਤੇ ਉਸ ਦੇ ਸਾਥੀ ਗੁਰਜੋਧ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਮੈਡਮ ਲੈ ਰਹੀ ਸੀ ਕਲਾਸ, ਅਚਾਨਕ ਬਾਥਰੂਮ 'ਚ ਗੂੰਜੀਆਂ ਕਿਲਕਾਰੀਆਂ, ਸਕੂਲ 'ਚ ਪਈਆਂ ਭਾਜੜਾਂ

ਜਾਣਕਾਰੀ ਅਨੁਸਾਰ ਕਾਬੂ ਕੀਤੇ ਟ੍ਰੈਵਲ ਏਜੰਟ ਭੋਲੇ-ਭਾਲੇ ਲੋਕਾਂ ਨੂੰ ਡਾਟਾ ਐਂਟਰੀ ਦੀਆਂ ਨੌਕਰੀਆਂ ਦਾ ਲਾਲਚ ਦੇ ਕੇ ਪੰਜਾਬ ਤੋਂ ਕੰਬੋਡੀਆ ਭੇਜਦੇ ਸੀ। ਕੰਬੋਡੀਆ ’ਚ ਮਿਆਮ ਰੀਪ ਪਹੁੰਚਣ 'ਤੇ ਉਨ੍ਹਾਂ ਦੇ ਪਾਸਪੋਰਟ ਖੋਹ ਲਏ ਜਾਂਦੇ ਸਨ ਅਤੇ ਫਿਰ ਉਨ੍ਹਾਂ ਨੂੰ ਸਾਈਬਰ ਸਕੈਮਿੰਗ ਕਾਲ ਸੈਂਟਰਾਂ ’ਚ ਕੰਮ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ ਜਿਸ ਨਾਲ ਸਾਈਬਰ ਫਾਇਨਾਂਸ਼ੀਅਲ ਫਰਾਡ ਦੇ ਲਈ ਭਾਰਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਸਕੇ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਕੰਬੋਡੀਆ ਸਥਿਤ ਭਾਰਤੀ ਦੂਤਘਰ ਦੇ ਸੰਪਰਕ ’ਚ ਆਉਣ ਵਾਲੇ ਪੀੜਤ ਦੀ ਜਾਣਕਾਰੀ ਪਿੱਛੋਂ ਸਟੇਟ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਨੇ ਐੱਫ.ਆਈ.ਆਰ ਦਰਜ ਕਰ ਕੇ ਇਸ ਕੇਸ ਨਾਲ ਸਬੰਧਤ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਆਈ.ਪੀ.ਸੀ. ਦੀ ਧਾਰਾ 370, 406, 420 ਅਤੇ 120-ਬੀ ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਦੇ ਅਧੀਨ ਸਟੇਟ ਕ੍ਰਾਇਮ ਪੁਲਸ ਸਟੇਸਨ ’ਚ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਕਈ ਵਿਅਕਤੀਆਂ ਨੂੰ ਧੋਖੇ ਨਾਲ ਕੰਬੋਡੀਆ ਅਤੇ ਹੋਰ ਦੱਖਣੀ-ਪੂਰਬੀ ਏਸ਼ੀਆਈ ਦੇਸ਼ਾਂ ’ਚ ਭੇਜਿਆ ਹੈ ਜਿੱਥੇ ਉਨ੍ਹਾਂ ਨੂੰ ਭਾਰਤੀਆਂ ਕੋਲੋਂ ਸਾਈਬਰ ਸਕੈਮਿੰਗ ਵਾਲੇ ਕੇਂਦਰਾਂ ’ਚ ਜ਼ਬਰਦਸਤੀ ਕੰਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਈਬਰ ਗੁਲਾਮੀ ’ਚ ਫਸੇ ਹੋਰ ਵਿਅਕਤੀਆਂ ਦੇ ਵੇਰਵੇ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਏ.ਡੀ.ਜੀ.ਪੀ. ਸਾਈਬਰ ਕ੍ਰਾਈਮ ਡਵੀਜ਼ਨ ਵੀ. ਨੀਰਜਾ ਨੇ ਹੋਰ ਵੇਰਵਾ ਸਾਂਝਾ ਕਰਦੇ ਦੱਸਿਆ ਕਿ ਸਟੇਟ ਸਾਈਬਰ ਕ੍ਰਾਈਮ ਦੀ ਪੁਲਸ ਟੀਮ ਨੇ ਇੰਸਪੈਕਟਰ ਦੀਪਕ ਭਾਟੀਆ ਦੀ ਅਗਵਾਈ ’ਚ ਵੀਜ਼ਾ ਪੈਲੇਸ ਇਮੀਗ੍ਰੇਸ਼ਨ ਦੇ ਦਫਤਰ ’ਤੇ ਛਾਪਾ ਮਾਰਿਆ ਅਤੇ ਦੋਵਾਂ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਨੇ ਅੱਗੇ ਖੁਲਾਸਾ ਕੀਤਾ ਹੈ ਕਿ ਉਹ ਵੱਖ-ਵੱਖ ਸੂਬਿਆਂ ਨਾਲ ਸਬੰਧਤ ਹੋਰ ਏਜੰਟਾਂ ਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਸਰਗਰਮੀਆਂ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਹੋਰ ਟ੍ਰੈਵਲ ਏਜੰਟਾਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਪਛਾਣ ਕਰਨ/ਕਾਬੂ ਕਰਨ ਲਈ ਅੱਗੇ ਵਾਲੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦਿੱਲੀ 'ਚ ਇੰਨੇ ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਸਰਕਾਰ ਨੇ ਜਾਰੀ ਕੀਤੀ ਡਰਾਈ ਡੇ ਦੀ ਲਿਸਟ

ਏ.ਡੀ.ਜੀ.ਪੀ. ਨੇ ਨਾਗਰਿਕਾਂ ਨੂੰ ਅਜਿਹੀ ਧੋਖਾਦੇਹੀ ਵਾਲੀ ਇਮੀਗ੍ਰੇਸ਼ਨ ਸਰਗਰਮੀ ਤੋਂ ਸੁਚੇਤ ਰਹਿਣ ਅਤੇ ਵਿਦੇਸ਼ਾਂ, ਖਾਸ ਕਰ ਕੇ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ’ਚ ਚੰਗੀਆਂ ਨੌਕਰੀਆਂ ਦੇਣ ਦੇ ਮੌਕੇ ਪ੍ਰਦਾਨ ਕਰਨ ਵਾਲੇ ਟ੍ਰੈਵਲ ਏਜੰਟਾਂ ਦੇ ਝੂਠੇ ਵਾਅਦਿਆਂ ਦਾ ਸ਼ਿਕਾਰ ਨਾ ਹੋਣ ਲਈ ਕਿਹਾ। ਇਹ ਵੀ ਸਲਾਹ ਦਿੱਤੀ ਜਾਂਦੀ ਹੈ ਕਿ ਸੰਭਾਵਨੀ ਰੋਜ਼ਗਾਰਦਾਤਾ ਬਾਰੇ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ, ਖਾਸ ਤੌਰ ’ਤੇ ਜਦੋਂ ਡਾਟਾ ਐਂਟਰੀ ਆਪ੍ਰੇਟਰ ਨੌਕਰੀ ਦੇ ਨਾਂ ’ਤੇ ਕੰਮ ਦੀ ਪੇਸ਼ਕਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਦਬਾਅ ’ਚ ਕੋਈ ਵੀ ਗੈਰ-ਕਾਨੂੰਨੀ ਸਾਈਬਰ ਸਰਗਰਮੀਆਂ ਨਾ ਕਰਨ ਅਤੇ ਭਾਰਤੀ ਦੂਤਧਰ ਤੱਕ ਪਹੁੰਚ ਕਰਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

DILSHER

Content Editor

Related News