ਹੈਰੋਇਨ ਤੇ 2 ਮੋਬਾਇਲਾਂ ਸਣੇ 2 ਨੌਜਵਾਨ ਗ੍ਰਿਫ਼ਤਾਰ
Monday, Jan 20, 2025 - 04:55 PM (IST)
ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਜ਼ਿਲ੍ਹਾ ਫਿਰੋਜ਼ਪੁਰ ਵਿਚ ਐੱਸ. ਐੱਸ. ਪੀ. ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਸਬ-ਇੰਸਪੈਕਟਰ ਪਰਮਜੀਤ ਕੌਰ ਦੀ ਅਗਵਾਈ ਹੇਠ ਮਮਦੋਟ ਥਾਣੇ ਦੀ ਪੁਲਸ ਨੇ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਤੋਂ ਵੀਵੋ ਅਤੇ ਰੈੱਡਮੀ ਦੇ ਦੋ ਮੋਬਾਇਲ ਫੋਨ ਵੀ ਬਰਾਮਦ ਹੋਏ ਹਨ। ਇਹ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਬੱਸ ਸਟੈਂਡ ਮੋਹਰੇ ਵਾਲਾ ਨੇੜੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਪਾਰਟੀ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਪੰਜਾਬ ਨੰਬਰ ਦੇ ਹੌਂਡਾ ਮੋਟਰਸਾਈਕਲ ’ਤੇ ਆਉਂਦੇ ਦੇਖਿਆ, ਜੋ ਪੁਲਸ ਨੂੰ ਦੇਖ ਕੇ ਘਬਰਾ ਗਏ ਅਤੇ ਮੋਟਰਸਾਈਕਲ ਪਿੱਛੇ ਵੱਲ ਭਜਾਉਣ ਲੱਗੇ।
ਜਦੋਂ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣਾ ਨਾਂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਅਤੇ ਲਵਪ੍ਰੀਤ ਸਿੰਘ ਉਰਫ਼ ਲਵ ਵਾਸੀ ਸਾਦਿਕ ਰੋਡ ਦੱਸਿਆ ਅਤੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 48 ਗ੍ਰਾਮ ਹੈਰੋਇਨ ਅਤੇ 2 ਮੋਬਾਇਲ ਫੋਨ ਬਰਾਮਦ ਕੀਤੇ ਹੋਏ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਮਮਦੋਟ ’ਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਾਇਆ ਜਾ ਰਿਹਾ ਹੈ।