ਚਿੱਟੇ ਸਮੇਤ ਦੋ ਨੌਜਵਾਨ ਕਾਬੂ
Wednesday, Sep 16, 2026 - 02:52 PM (IST)
ਬਠਿੰਡਾ (ਮਨਜੀਤ) : ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਕਾਰਵਾਈ ਤਹਿਤ ਪਿੰਡ ਰਾਏਕੇ ਕਲਾਂ ਵਿਖੇ ਦੋ ਨੌਜਵਾਨਾਂ ਨੂੰ 3.7 ਗ੍ਰਾਮ ਚਿੱਟੇ ਸਮੇਤ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੋਵੇਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਹਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖਣ ਲਈ ਗਸ਼ਤ ਕੀਤੀ ਜਾ ਰਹੀ ਸੀ। ਪੁਲਿਸ ਪਾਰਟੀ ਜਦੋਂ ਪਿੰਡ ਰਾਏਕੇ ਕਲਾਂ ਦੇ ਨਜ਼ਦੀਕ ਪਹੁੰਚੀ ਤਾਂ ਇਸ ਦੌਰਾਨ ਦੋ ਨੌਜਵਾਨ ਪਿੰਡ ਵੱਲੋਂ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਦੀਆਂ ਹਰਕਤਾਂ ਪੁਲਸ ਨੂੰ ਸ਼ੱਕੀ ਲੱਗੀਆਂ। ਪੁਲਸ ਮੁਲਾਜ਼ਮਾਂ ਨੇ ਦੋਵੇਂ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਅਤੇ ਕਾਨੂੰਨੀ ਪ੍ਰਕਿਰਿਆ ਤਹਿਤ ਉਨ੍ਹਾਂ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਦੋਵੇਂ ਨੌਜਵਾਨਾਂ ਕੋਲੋਂ ਕੁੱਲ 3.7 ਗ੍ਰਾਮ ਚਿੱਟਾ ਬਰਾਮਦ ਹੋਇਆ।
ਇਸ ਤੋਂ ਬਾਅਦ ਪੁਲਸ ਨੇ ਦੋਵੇਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਸ ਵੱਲੋਂ ਫੜ੍ਹੇ ਗਏ ਨੌਜਵਾਨਾਂ ਦੀ ਪਛਾਣ ਦਿਲਖੁਸ਼ ਸਿੰਘ ਪੁੱਤਰ ਜਸਕਰਨ ਸਿੰਘ ਅਤੇ ਜਸ਼ਨਦੀਪ ਸਿੰਘ ਪੁੱਤਰ ਸਤਨਾਮ ਸਿੰਘ, ਦੋਵੇਂ ਵਾਸੀ ਰਾਏਕੇ ਕਲਾਂ ਵਜੋਂ ਹੋਈ ਹੈ। ਪੁਲਸ ਵੱਲੋਂ ਬਰਾਮਦ ਕੀਤੇ ਨਸ਼ੀਲੇ ਪਦਾਰਥ ਨੂੰ ਕਬਜ਼ੇ ਵਿੱਚ ਲੈ ਕੇ ਦੋਵੇਂ ਨੌਜਵਾਨਾਂ ਖ਼ਿਲਾਫ਼ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਹਰਿੰਦਰ ਕੁਮਾਰ ਨੇ ਦੱਸਿਆ ਕਿ ਇਲਾਕੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਪੁਲਸ ਵੱਲੋਂ ਲਗਾਤਾਰ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਜਾਂ ਇਸ ਨਾਲ ਸਬੰਧਿਤ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਪੁਲਸ ਵੱਲੋਂ ਦਰਜ ਕੀਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੋਵੇਂ ਨੌਜਵਾਨਾਂ ਨੂੰ ਕਾਨੂੰਨੀ ਕਾਰਵਾਈ ਤੋਂ ਬਾਅਦ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।
