ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ
Monday, Jan 15, 2024 - 06:14 PM (IST)
ਬਨੂੜ (ਗੁਰਪਾਲ) - ਮੋਹਾਲੀ ਦੇ ਨੇੜਲੇ ਪਿੰਡ ਨੰਦਗੜ੍ਹ ਦੇ ਵਸਨੀਕ (22 ਸਾਲਾ) ਮਨਜੀਤ ਸਿੰਘ ਦੀ ਸੜਕ ਹਾਦਸੇ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਮਨਜੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੰਦਗੜ੍ਹ ਦੇ ਪ੍ਰਧਾਨ ਵਰਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਰਵਿੰਦਰ ਸਿੰਘ ਰਾਜਪੁਰਾ ਤੋਂ ਆਪਣੇ ਮੋਟਰਸਾਈਕਲ ’ਤੇ ਦੋਸਤ ਨਾਲ ਆਪਣੇ ਪਿੰਡ ਨੰਦਗੜ੍ਹ ਨੂੰ ਵਾਪਸ ਆ ਰਿਹਾ ਸੀ। ਜਦੋਂ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਕੌਮੀ ਮਾਰਗ ’ਤੇ ਸਥਿਤ ਪਿੰਡ ਚਮਾਰੁ ਦੇ ਸਾਹਮਣੇ ਪਹੁੰਚੇ ਤਾਂ ਸੰਘਣੀ ਧੁੰਦ ਕਾਰਨ ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਨੌਜਵਾਨ ਸੜਕ ’ਤੇ ਡਿੱਗ ਗਏ ਅਤੇ ਹੋਰ ਵਾਹਨਾਂ ਨੇ ਦੋਵੇਂ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ ਅਤੇ ਦੋਹਾਂ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਇਸ ਘਟਨਾ ਬਾਰੇ ਪਿੰਡ ’ਚ ਪਤਾ ਲੱਗਾ ਤਾਂ ਸਾਰੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਘਟਨਾ ਵਾਪਰਨ ਕਾਰਨ ਪਿੰਡ ਵਾਸੀਆਂ ਵੱਲੋਂ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਗਾਇਆ ਜਾ ਰਿਹਾ ਖੂਨਦਾਨ ਕੈਂਪ ਰੱਦ ਕਰ ਦਿੱਤਾ ਗਿਆ ਹੈ।