ਮੇਲਾ ਦੇਖਣ ਜਾ ਰਹੇ 2 ਨੌਜਵਾਨਾਂ ਦੀ ਸੜਕ ਹਾਦਸੇ ’ਚ ਮੌਤ

Thursday, Nov 13, 2025 - 10:58 PM (IST)

ਮੇਲਾ ਦੇਖਣ ਜਾ ਰਹੇ 2 ਨੌਜਵਾਨਾਂ ਦੀ ਸੜਕ ਹਾਦਸੇ ’ਚ ਮੌਤ

ਬਟਾਲਾ (ਸਾਹਿਲ, ਯੋਗੀ) - ਬਟਾਲਾ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਾਚਾ ਹਰਦਿਆਲ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਜਿੱਜੇਆਣੀ, ਜ਼ਿਲਾ ਅੰਮ੍ਰਿਤਸਰ ਨੇ ਦੱਸਿਆ ਕਿ ਮੇਰੇ ਭਤੀਜੇ ਹਰਪ੍ਰੀਤ ਸਿੰਘ ਪੁੱਤਰ ਜੋਗਾ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਮੱਸਾ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਇਕ ਧਾਰਮਿਕ ਅਸਥਾਨ ’ਤੇ ਮੇਲਾ ਦੇਖਣ ਲਈ ਜਾ ਰਹੇ ਸਨ। 

ਜਦੋਂ ਇਹ ਪਿੰਡ ਥਰੀਏਵਾਲ ਨੇੜੇ ਪਹੁੰਚੇ ਤਾਂ ਇਨ੍ਹਾਂ ਦਾ ਮੋਟਰਸਾਈਕਲ ਸਾਹਮਣਿਓਂ ਆ ਰਹੀ ਸਕਾਰਪੀਓ ਗੱਡੀ ਨਾਲ ਟਕਰਾ ਗਿਆ, ਜਿਸ ਦੇ ਸਿੱਟੇ ਵਜੋਂ ਲਵਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਹਰਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਗੁਰੂ ਰਾਮਦਾਸ ਹਸਪਤਾਲ ਵੱਲਾ ਜ਼ਿਲਾ ਅੰਮ੍ਰਿਤਸਰ ਵਿਖੇ ਲਿਜਾਇਆ ਗਿਆ, ਜਿਥੇ ਜ਼ਖਮਾਂ ਦੀ ਤਾਬ ਨਾ ਸਹਿੰਦਾ ਹੋਇਆ ਉਹ ਵੀ ਦਮ ਤੋੜ ਗਿਆ।

ਉਧਰ, ਪੁਲਸ ਚੌਕੀ ਪੰਜਗਰਾਈਆਂ ਦੇ ਇੰਚਾਰਜ ਏ. ਐੱਸ. ਆਈ ਸਤਨਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਹਰਦਿਆਲ ਸਿੰਘ ਦੇ ਬਿਆਨਾਂ ’ਤੇ ਸਕਾਰਪੀਓ ਦੇ ਡਰਾਈਵਰ ਵਿਰੁੱਧ ਕੇਸ ਦਰਜ ਕਰਨ ਤੋਂ ਬਾਅਦ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ।
 


author

Inder Prajapati

Content Editor

Related News