ਗਊਸ਼ਾਲਾ ’ਚ 21 ਗਊਆਂ ਦੀ ਭੇਤਭਰੇ ਹਾਲਾਤ ’ਚ ਮੌਤ, ਹਿੰਦੂ ਸੰਗਠਨਾਂ ਨੇ ਦਿੱਤੀ ਇਹ ਚਿਤਾਵਨੀ

09/29/2023 1:39:23 AM

ਬਟਾਲਾ (ਬੇਰੀ, ਵਿਪਨ) : ਬੀਤੀ ਰਾਤ ਬਟਾਲਾ ਸਥਿਤ ਗਊਸ਼ਾਲਾ ’ਚ ਅਚਾਨਕ 21 ਗਊਆਂ ਦੀ ਭੇਦਭਰੇ ਹਾਲਾਤ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਹਿੰਦੂ ਸੰਗਠਨਾਂ ਦੇ ਆਗੂ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਪੁਲਸ ਅਧਿਕਾਰੀ ਗਊਸ਼ਾਲਾ ’ਚ ਪੁੱਜੇ ਤੇ ਸਥਿਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ : ਗਣਪਤੀ ਮਹਾਉਤਸਵ ਦੀ ਸ਼ੋਭਾ ਯਾਤਰਾ ਦੌਰਾਨ ਖੂਨੀ ਲੜਾਈ, ਨੌਜਵਾਨ ਦਾ ਚਾਕੂ ਮਾਰ ਕੇ ਕਤਲ

PunjabKesari

ਇਸ ਸਬੰਧੀ ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਊਸ਼ਾਲਾ ’ਚ 21 ਗਊਆਂ ਦੀ ਅਚਾਨਕ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਪਸ਼ੂ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਮਰੀਆਂ ਗਾਵਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਗਾਵਾਂ ਦੇ ਚਾਰੇ ’ਚ ਕੋਈ ਜ਼ਹਿਰੀਲਾ ਪਦਾਰਥ ਹੋ ਸਕਦਾ ਹੈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੀ ਰਾਤ ਗਊਸ਼ਾਲਾ ਦਾ ਦੌਰਾ ਕੀਤਾ ਸੀ ਅਤੇ ਪੁਲਸ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਹ ਘਟਨਾ ਬਹੁਤ ਹੀ ਦੁਖਦਾਈ ਹੈ ਅਤੇ ਉਹ ਜਲਦ ਇਸ ਮਾਮਲੇ ਦੀ ਸੱਚਾਈ ਸਭ ਦੇ ਸਾਹਮਣੇ ਲਿਆਉਣ ਦੀ ਪੂਰੀ ਕੋਸ਼ਿਸ਼ ਕਰਨਗੇ।

ਇਹ ਵੀ ਪੜ੍ਹੋ : ਹੈਰਾਨੀਜਨਕ ਢੰਗ ਨਾਲ ਵਧ ਰਹੀ ਹੈ ਬਜ਼ੁਰਗਾਂ ਦੀ ਆਬਾਦੀ, ਤੇਜ਼ੀ ਨਾਲ 'ਬੁੱਢੇ ਸਮਾਜ' ’ਚ ਬਦਲ ਜਾਵੇਗਾ 'ਨੌਜਵਾਨ ਭਾਰਤ'

PunjabKesari

ਹਿੰਦੂ ਸੰਗਠਨਾਂ ਨੇ ਗਊਸ਼ਾਲਾ ਪ੍ਰਸ਼ਾਸਨ ਖ਼ਿਲਾਫ਼ ਦਿੱਤਾ ਧਰਨਾ

ਘਟਨਾ ਤੋਂ ਗੁੱਸੇ ’ਚ ਆਏ ਵੱਖ-ਵੱਖ ਹਿੰਦੂ ਸੰਗਠਨਾਂ ਨੇ ਵਿਨੇ ਮਹਾਜਨ, ਹਨੀ ਮਿੱਤਲ, ਮਹੰਤ ਅਮਿਤ ਸ਼ਾਹ ਕਾਲੀ ਦੁਆਰਾ ਆਦਿ ਦੀ ਅਗਵਾਈ ’ਚ ਨਹਿਰੂ ਗੇਟ ਵਿਖੇ ਗਊਸ਼ਾਲਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਉਕਤ 21 ਗਊਆਂ ਦਾ ਕਤਲ ਕੀਤਾ ਗਿਆ ਹੈ, ਜਿਸ ਕਾਰਨ ਹਿੰਦੂ ਜਥੇਬੰਦੀਆਂ ’ਚ ਭਾਰੀ ਰੋਸ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੁਲਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਸੱਚਾਈ ਸਭ ਦੇ ਸਾਹਮਣੇ ਲਿਆਏ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਸ ਵੱਲੋਂ ਇਸ ਮਾਮਲੇ ਦੀ ਸੱਚਾਈ ਸਾਰਿਆਂ ਦੇ ਸਾਹਮਣੇ ਨਹੀਂ ਲਿਆਂਦੀ ਜਾਂਦੀ, ਉਦੋਂ ਤੱਕ ਹਿੰਦੂ ਸੰਗਠਨਾਂ ਵੱਲੋਂ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News