ਪੰਜਾਬ ਪੁਲਸ ਵਿੱਚ ਭਰਤੀਆਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ

Thursday, Nov 16, 2023 - 05:38 PM (IST)

ਪੰਜਾਬ ਪੁਲਸ ਵਿੱਚ ਭਰਤੀਆਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ

ਲੁਧਿਆਣਾ (ਰਮਨਦੀਪ ਸੋਢੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕੰਮਲ ਤੌਰ ’ਤੇ ਮੁਕਤ ਕਰਨ ਲਈ ਸਮੂਹ ਪੰਜਾਬੀਆਂ ਨੂੰ ਪੰਜਾਬ ਵਿਰੋਧੀ ਤਾਕਤਾਂ ਦੀ ਸ਼ਹਿ ਪ੍ਰਾਪਤ ਨਸ਼ਾ-ਅੱਤਵਾਦ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ :  ਟਰੂਡੋ ਵੱਲੋਂ ਲਾਏ ਇਲਜ਼ਾਮ 'ਤੇ ਭਾਰਤ ਨੇ ਮੁੜ ਘੇਰਿਆ ਕੈਨੇਡਾ, ਦਿੱਤੀ ਇਹ ਚੁਣੌਤੀ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਉਨ੍ਹਾਂ ਦੀ ਯਾਦ ਵਿੱਚ ਅੱਜ ਪੰਜਾਬ ਪੁਲਸ ਵੱਲੋਂ ਕਰਵਾਈ ਵਿਸ਼ਾਲ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਉਤੇ ਮੁੱਢ ਤੋਂ ਧਾੜਵੀ ਹਮਲੇ ਕਰਦੇ ਰਹੇ ਹਨ ਪਰ ਪੰਜਾਬੀਆਂ ਨੇ ਹਮੇਸ਼ਾ ਹੀ ਇਨ੍ਹਾਂ ਹਮਲਿਆਂ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੁਣ ਨਸ਼ਾ-ਅੱਤਵਾਦ ਦੇ ਖ਼ਿਲਾਫ਼ ਜੰਗ ਲੜਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ੇ ਫੈਲਾਉਣ ਲਈ ਪੰਜਾਬ ਵਿਰੋਧੀ ਤਾਕਤਾਂ ਫੰਡ ਦੇ ਰਹੀਆਂ ਹਨ ਜੋ ਸੂਬੇ ਨੂੰ ਪਟੜੀ ਤੋਂ ਲਾਹੁਣਾ ਚਾਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਨਸ਼ਿਆਂ ਤੋਂ ਮੁਕਤ ਹੋਵੇਗਾ ਜਿਸ ਲਈ ਹਰੇਕ ਪੰਜਾਬੀ ਨੂੰ ਤਹੱਈਆ ਕਰਨਾ ਚਾਹੀਦਾ ਹੈ। 

ਇਹ ਵੀ ਪੜ੍ਹੋ :  ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਾਪਰੀ ਘਟਨਾ 'ਤੇ ਬਾਬਾ ਬਲਬੀਰ ਸਿੰਘ ਦਾ ਬਿਆਨ ਆਇਆ ਸਾਹਮਣੇ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਨਸ਼ੇੜੀਆਂ ਵਜੋਂ ਪੰਜਾਬੀਆਂ ਦਾ ਕੂੜ ਪ੍ਰਚਾਰ ਕਰਨ ਲਈ ਪੱਬਾਂ ਭਾਰ ਹਨ ਤਾਂ ਕਿ ਦੇਸ਼ ਸਾਹਮਣੇ ਸੂਬੇ ਦੀ ਗ਼ਲਤ ਤਸਵੀਰ ਪੇਸ਼ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਦੀਆਂ ਤੋਂ ਪੰਜਾਬ ਦੇਸ਼ ਦੀ ਖੜਗਭੁਜਾ ਰਿਹਾ ਹੈ ਅਤੇ ਇਸ ਨੂੰ ਦੇਸ਼ ਦਾ ਰਿਜ਼ਕ ਦੇਣ ਵਾਲਾ ਸੂਬਾ ਕਿਹਾ ਜਾਂਦਾ ਹੈ ਪਰ ਪੰਜਾਬੀਆਂ ਦੇ ਇਸ ਮਹਾਨ ਯੋਗਦਾਨ ਨੂੰ ਦਰਕਿਨਾਰ ਕਰਕੇ ਕੁਝ ਸਿਆਸੀ ਪਾਰਟੀਆਂ ਸੱਚੇ ਸਪੂਤਾਂ ਨੂੰ ਨਸ਼ੇੜੀ ਗਰਦਾਨ ਕੇ ਘਟੀਆ ਪ੍ਰਾਪੇਗੰਡਾ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਪੰਜਾਬ ਨੇ ਨਸ਼ਿਆਂ ਦੇ ਖ਼ਿਲਾਫ਼ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ ਜਿਸ ਦੀ ਸ਼ੁਰੂਆਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਤੋਂ ਅਰਦਾਸ ਕਰਕੇ ਕੀਤੀ ਗਈ ਸੀ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮਾਈਕ ’ਤੇ ਬੋਲਣ ਵਾਲੇ ਨਿਹੰਗ ਸਿੰਘਾਂ ਦਾ ਪਹਿਲਾ ਬਿਆਨ ਆਇਆ ਸਾਹਮਣੇ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ 'ਤੇ ਵੱਡਾ ਜ਼ੋਰ ਦਿੱਤਾ ਹੈ ਜਿਸ ਨਾਲ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਅਗਾਊਂ ਫੰਡ ਦਿੱਤੇ ਗਏ ਹਨ ਤਾਂ ਜੋ ਉਹ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ।

ਇਹ ਵੀ ਪੜ੍ਹੋ : ਰੇਤ ਮਾਫੀਆ ਨੇ ਟਰੈਕਟਰ ਹੇਠ ਦਰੜ ਕੇ ਮਾਰ 'ਤਾ ਇੰਸਪੈਕਟਰ, ਮੰਤਰੀ ਬੋਲੇ-ਕੋਈ ਨਵੀਂ ਗੱਲ ਨਹੀਂ

ਮੁੱਖ ਮੰਤਰੀ ਨੇ ਕਿਹਾ ਕਿ ਉਹ ਭਲੀਭਾਂਤ ਜਾਣਦੇ ਹਨ ਕਿ ‘ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ’, ਇਸੇ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵਿੱਚ ਹਰੇਕ ਸਾਲ 2100 ਅਸਾਮੀਆਂ ਦੀ ਰੈਗੂਲਰ ਭਰਤੀ ਲਈ ਇਸ਼ਤਿਹਾਰ ਦਿੱਤਾ ਜਾ ਰਿਹਾ ਹੈ ਜਿਸ ਨਾਲ ਨੌਜਵਾਨਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਪੁਲਸ ਅਫ਼ਸਰ ਬਣਨ ਲਈ ਤਿਆਰੀ ਕਰਨ ਦੀ ਪ੍ਰੇਰਨਾ ਮਿਲਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ ਅਤੇ ਸਮੱਗਲਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harnek Seechewal

Content Editor

Related News