ਯੂਕ੍ਰੇਨ ਤੋਂ 225 ਵਿਦਿਆਰਥੀਆਂ ਦੀ ਸੁਰੱਖਿਅਤ ਵਤਨ ਵਾਪਸੀ ਹੋਈ : ਮੁੱਖ ਸਕੱਤਰ

Saturday, Mar 05, 2022 - 01:58 AM (IST)

ਯੂਕ੍ਰੇਨ ਤੋਂ 225 ਵਿਦਿਆਰਥੀਆਂ ਦੀ ਸੁਰੱਖਿਅਤ ਵਤਨ ਵਾਪਸੀ ਹੋਈ : ਮੁੱਖ ਸਕੱਤਰ

ਚੰਡੀਗੜ੍ਹ (ਅਸ਼ਵਨੀ)- ਯੂਕ੍ਰੇਨ ਤੋਂ ਹੁਣ ਤੱਕ 225 ਵਿਦਿਆਰਥੀ ਸਹੀ ਸਲਾਮਤ ਪੰਜਾਬ ਪਰਤ ਚੁੱਕੇ ਹਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਦੀ ਪ੍ਰਧਾਨਗੀ ਵਿਚ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਦਫ਼ਤਰ ਵਿਚ ਹੋਈ ਮੀਟਿੰਗ ਦੌਰਾਨ ਦਿੱਤੀ ਗਈ। ਸਬੰਧਤ ਅਧਿਕਾਰੀਆਂ ਨੂੰ ਯੂਕ੍ਰੇਨ ਵਿਚ ਫਸੇ ਬਾਕੀ ਵਿਦਿਆਰਥੀਆਂ ਅਤੇ ਹੋਰ ਆਦਮੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਮੁੱਖ ਸਕੱਤਰ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਦੁਖੀ ਪਰਿਵਾਰਾਂ ਦੀ ਮੱਦਦ ਲਈ ਰਾਜ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਇਹ ਖ਼ਬਰ ਪੜ੍ਹੋ- ਆਸਟਰੇਲੀਆਈ ਕ੍ਰਿਕਟਰ ਸ਼ੇਨ ਵਾਰਨ ਦਾ ਦਿਹਾਂਤ
ਰਾਜ ਸਰਕਾਰ ਵਲੋਂ 24 ਘੰਟੇ ਸੇਵਾ ਉਪਲੱਬਧ ਕਰਵਾਉਣ ਲਈ ਵਿਸ਼ੇਸ਼ ਤੌਰ ’ਤੇ ਸਥਾਪਤ ਕੀਤੇ ਕੰਟਰੋਲ ਰੂਮ ਦੇ ਸੰਪਰਕ ਨੰਬਰ 1100 (ਪੰਜਾਬ ਵਿਚੋਂ ਕਾਲ ਕਰਣਨ ਲਈ) ਅਤੇ 91-172-4111905 (ਭਾਰਤ ਵਿਚੋਂ ਬਾਹਰ ਤੋਂ ਕਾਲ ਕਰਨ ਲਈ) ’ਤੇ ਆਈਆਂ ਕਾਲਜ਼ ਦੀ ਸਥਿਤੀ ਦਾ ਜਾਇਜ਼ਾ ਲੈਣ ਦੌਰਾਨ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਹੁਣ ਤੱਕ ਕੰਟਰੋਲ ਰੂਮ ਨੰਬਰਾਂ ’ਤੇ ਕੁਲ 476 ਕਾਲਜ਼ ਪ੍ਰਾਪਤ ਹੋਈਆਂ ਹਨ ਅਤੇ ਇਹ ਕਾਲ ਤੁਰੰਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲਾ ਨੂੰ ਭੇਜੀਆਂ ਜਾ ਰਹੀਆਂ ਹਨ ਜਿਸ ਨਾਲ ਯੂਕਰੇਨ ਵਿਚ ਫਸੇ ਲੋਕਾਂ ਦੀ ਸੁਰੱਖਿਅਤ ਵਤਨ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਰਾਜ ਸਰਕਾਰ ਦੇ ਅਧਿਕਾਰੀਆਂ ਵਲੋਂ ਵੀ 326 ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚ ਕੀਤੀ ਗਈ।

ਇਹ ਖ਼ਬਰ ਪੜ੍ਹੋ- PAK v AUS : ਪਹਿਲੇ ਦਿਨ ਦੀ ਖੇਡ ਖਤਮ, ਪਾਕਿ ਦਾ ਸਕੋਰ 245/1
ਤਿਵਾੜੀ ਨੇ ਪ੍ਰਭਾਵਿਤ ਆਦਮੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰਾਂ ’ਤੇ ਸੰਪਰਕ ਕਰਨ ਜਿਸ ਨਾਲ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਨੇ ਯੂਕ੍ਰੇਨ ਵਿਚ ਫਸੇ ਹੋਏ ਆਦਮੀਆਂ ਦੇ ਮਾਤਾ-ਪਿਤਾ ਅਤੇ ਰਿਸ਼ਤੇਦਾਰਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਹੱਦੀ ਚੌਕੀਆਂ ’ਤੇ ਦੂਤਾਵਾਸ (ਅੰਬੈਸੀ) ਅਤੇ ਭਾਰਤ ਸਰਕਾਰ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਅਤੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲਾ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਹਿਣ।
ਰੈਜ਼ੀਡੈਂਟ ਕਮਿਸ਼ਨਰ, ਪੰਜਾਬ ਰਾਖੀ ਗੁਪਤਾ ਭੰਡਾਰੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਯੂਕ੍ਰੇਨ 'ਚ ਫਸੇ ਵਿਦਿਆਰਥੀਆਂ ਅਤੇ ਆਦਮੀਆਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਉਹ ਭਾਰਤੀ ਦੂਤਾਵਾਸ ਦੇ ਨਾਲ ਲਗਾਤਾਰ ਸੰਪਰਕ ਵਿਚ ਹਨ ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਕਿਸੇ ਵੀ ਨਿਵਾਸੀ ਨੂੰ ਆਪਣੇ ਘਰ ਪਰਤਣ ਵਿਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਏ. ਡੀ. ਜੀ. ਪੀ. (ਲੋਕ ਸ਼ਿਕਾਇਤ) ਅਤੇ 24 ਘੰਟੇ ਡੈਡੀਕੇਟਡ ਕੰਟਰੋਲ ਰੂਮ ਦੇ ਸਟੇਟ ਨੋਡਲ ਅਧਿਕਾਰੀ ਐੱਮ. ਐੱਫ. ਫਾਰੂਕੀ ਨੇ ਦੱਸਿਆ ਕਿ ਯੂਕ੍ਰੇਨ ਤੋਂ ਵਾਪਿਸ ਪਰਤੇ ਵਿਦਿਆਰਥੀਆਂ ਨੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਕੀਤੇ ਯਤਨਾਂ ਲਈ ਰਾਜ ਸਰਕਾਰ ਦਾ ਧੰਨਵਾਦ ਕੀਤਾ। ਮੀਟਿੰਗ ਵਿਚ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ, ਆਮ ਪ੍ਰਸ਼ਾਸਨ ਅਤੇ ਤਾਲਮੇਲ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਏ. ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਸ੍ਰੀ ਨਰੇਸ਼ ਅਰੋੜਾ, ਸਟੇਟ ਟਰਾਂਸਪੋਰਟ ਕਮਿਸ਼ਨਰ ਨਿਰਮਲ ਸੇਤੀਆ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਿਲ ਹੋਏ।

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 


author

Gurdeep Singh

Content Editor

Related News