ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ 1170 ਪਿੰਡਾਂ ਲਈ 242 ਨੋਡਲ ਅਫ਼ਸਰ : ਅਪਨੀਤ ਰਿਆਤ

09/28/2020 9:57:33 PM

ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ 1170 ਪਿੰਡਾਂ ਵਿੱਚ 52 ਕਲੱਸਟਰ ਅਧਿਕਾਰੀ ਅਤੇ 242 ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ, ਜੋ ਕਿਸਾਨਾਂ ਨੂੰ ਇਸ ਰੁਝਾਨ ਨਾਲ ਹੋਣ ਵਾਲੇ ਨੁਕਸਾਨ ਤੋਂ ਸੁਚੇਤ ਕਰਨਗੇ। 
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਇਥੇ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਾਤਾਵਰਣ ਅਤੇ ਮਨੁੱਖੀ ਸਿਹਤ ਦੀ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਤਾਂ ਜੋ ਉਹ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਜੇਕਰ ਕਿਤੇ ਸਰਕਾਰ ਵਲੋਂ ਜਾਰੀ ਹੁਕਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਅਪਨੀਤ ਰਿਆਤ ਨੇ ਨੋਡਲ ਅਧਿਕਾਰੀ ਨਿਯੁਕਤ ਕਰਦਿਆਂ ਸਮੂਹ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਕੋਈ ਮਾਮਲਾ ਸਾਹਮਣੇ ਨਾ ਆਵੇ ਕਿਉਂਕਿ ਇਹ ਮਨੁੱਖੀ ਸਿਹਤ ਅਤੇ ਆਬੋ-ਹਵਾ ਲਈ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਇਹ ਅੱਗ ਮਨੁੱਖੀ ਫੇਫੜਿਆਂ ਲਈ ਹਾਨੀਕਾਰਕ ਹੈ ਜੋ ਕਿ ਕੋਰੋਨਾ ਦੇ ਇਸ ਦੌਰ ਵਿੱਚ ਬੇਹੱਦ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਸ ਬੁਰਾਈ ਨੂੰ ਖਤਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਧਾਰਾ 144 ਤਹਿਤ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ’ਤੇ ਪਾਬੰਦੀ ਦੇ ਨਾਲ-ਨਾਲ ਝੋਨੇ ਦੀ ਰਹਿੰਦ-ਖੂਹੰਦ ਨੂੰ ਵੀ ਅੱਗ ਲਾਉਣ ’ਤੇ ਮਨਾਹੀ ਹੈ। ਉਨ੍ਹਾਂ ਦੱਸਿਆ ਕਿ ਕੰਬਾਇਨਾਂ ਬਿਨ੍ਹਾਂ ਸੁਪਰ ਐਸ.ਐਮ.ਐਸ. ਲਗਾਏ ਨਹੀਂ ਚੱਲ ਸਕਦੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਦੇ ਤਹਿਸਲੀਦਾਰ, ਸਕੱਤਰ ਆਰ.ਟੀ.ਏ., ਨਾਇਬ ਤਹਿਸੀਲਦਾਰ, ਮੁੱਖ ਖੇਤੀਬਾੜੀ ਅਫ਼ਸਰ ਅਤੇ ਖੇਤੀ ਵਿਕਾਸ ਅਫ਼ਸਰ ਨੂੰ ਵੀ ਚਲਾਨ ਕਰਨ ਦੇ ਅਧਿਕਾਰ ਦੇ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਐਸ.ਪੀ. (ਤਫਤੀਸ਼) ਰਵਿੰਦਰ ਪਾਲ ਸਿੰਘ ਸੰਧੂ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਨੂੰ ਕਿਹਾ ਕਿ ਉਹ ਪਿੰਡਾਂ ਦੀਆਂ ਪੰਚਾਇਤਾਂ ਰਾਹੀਂ ਜਾਗਰੂਕਤਾ ਮੁਹਿੰਮ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਵਾਉਣ ਤਾਂ ਜੋ ਕਿਸਾਨ ਇਸ ਕਾਰਵਾਈ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪੰਚਾਇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਉਂਦਾ ਤਾਂ ਉਨ੍ਹਾਂ ਪੰਚਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਸਰਕਾਰੀ ਗਰਾਂਟਾਂ ਦਿੱਤੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਐਨ.ਜੀ.ਟੀ. ਦੀਆਂ ਹਦਾਇਤਾਂ ਮੁਤਾਬਕ ਜ਼ੁਰਮਾਨਾ ਕੀਤਾ ਜਾਵੇਗਾ ਜਿਸ ਤਹਿਤ 2 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ 2500 ਰੁਪਏ, 2 ਤੋਂ 5 ਏਕੜ ਤੱਕ ਵਾਲੇ ਕਿਸਾਨਾਂ ਨੂੰ 5000 ਹਜ਼ਾਰ ਰੁਪਏ ਅਤੇ 5 ਏਕੜ ਤੋਂ ਵੱਧ ਵਾਲੇ ਕਿਸਾਨਾਂ ਨੂੰ 15 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਕੰਬਾਈਨਾਂ ਬਿਨ੍ਹਾਂ ਸੁਪਰ ਐਸ.ਐਮ.ਐਸ. ਤੋਂ ਚੱਲਦੀਆਂ ਪਾਈਆਂ ਗਈਆਂ, ਉਨ੍ਹਾਂ ਨੂੰ ਪਹਿਲੀ ਵਾਰ 50 ਹਜ਼ਾਰ ਰੁਪਏ, ਦੂਜੀ ਵਾਰ 75 ਹਜ਼ਾਰ ਰੁਪਏ ਅਤੇ ਤੀਜੀ ਵਾਰ ਉਲੰਘਣਾ ਕਰਨ ’ਤੇ 1 ਲੱਖ ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।
ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਤੋਂ ਇਸ ਕਾਰਜ ਲਈ ਮੁਕੰਮਲ ਸਹਿਯੋਗ ਦੀ ਆਸ ਕਰਦਿਆਂ ਕਿਹਾ ਕਿ ਜ਼ਿਲ੍ਹੇ ਅਤੇ ਸੂਬੇ ਦੇ ਵਾਤਾਵਰਣ ਨੂੰ ਸਿਹਤਮੰਦ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੋਂ ਰੋਕਣਾ ਸਮੇਂ ਦੀ ਮੁੱਖ ਮੰਗ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ.ਪੀ. ਰਵਿੰਦਰ ਪਾਲ ਸਿੰਘ ਸੰਧੂ, ਐਸ.ਡੀ.ਐਮ. ਅਮਿਤ ਮਹਾਜਨ, ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ, ਐਸ.ਡੀ.ਐਮ. ਮੁਕੇਰੀਆਂ ਅਸ਼ੋਕ ਕੁਮਾਰ, ਐਸ.ਡੀ.ਐਮ. ਦਸੂਹਾ ਰਣਬੀਰ ਸਿੰਘ, ਕਮਿਸ਼ਨਰ ਨਗਰ ਨਿਗਮ ਬਲਵੀਰ ਰਾਜ ਸਿੰਘ ਅਤੇ ਡੀ.ਡੀ.ਪੀ.ਓ. ਸਰਬਜੀਤ ਸਿੰਘ ਬੈਂਸ ਵੀ ਮੌਜੂਦ ਸਨ।
 


Bharat Thapa

Content Editor

Related News