25 ਲੱਖ ਤੋਂ ਵੱਧ ਲੋਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੁੱਕੀ ਆਵਾਜ਼, 27 ਨੂੰ ਗਵਰਨਰ ਨੂੰ ਸੌਂਪੇ ਜਾਣਗੇ ਪ੍ਰੋਫ਼ਾਰਮੇ

04/23/2023 11:52:32 AM

ਅੰਮ੍ਰਿਤਸਰ (ਦੀਪਕ)- ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰੇ ਗਏ ਪ੍ਰੋਫ਼ਾਰਮੇ 27 ਅਪ੍ਰੈਲ ਨੂੰ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ।

ਇਹ ਵੀ ਪੜ੍ਹੋ- ਅਰੁਣਾਚਲ ਪ੍ਰਦੇਸ਼ ’ਚ ਗੁਰਦੁਆਰੇ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨਾ ਸਿੱਖਾਂ ’ਤੇ ਹਮਲਾ : ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਪ੍ਰੋਫ਼ਾਰਮੇ ਭਰੇ ਹਨ, ਜੋ 27 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਗਵਰਨਰ ਪੰਜਾਬ ਦੇ ਸਪੁਰਦ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਗਵਰਨਰ ਬਨਵਾਰੀ ਲਾਲ ਪੁਰੋਹਿਤ ਕੋਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਚਾਰ ਮੈਂਬਰੀ ਵਫ਼ਦ ਜਾਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਸ਼ਾਮਲ ਹੋਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ 27 ਅਪ੍ਰੈਲ ਨੂੰ ਹੀ ਸਵੇਰੇ 7 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਇਕੱਠ ਕਰਕੇ ਅਰਦਾਸ ਕੀਤੀ ਜਾਵੇਗੀ।

ਇਹ ਵੀ ਪੜ੍ਹੋ- SGPC ਦਾ ਵੱਡਾ ਫ਼ੈਸਲਾ, ਸੰਗਤ ਨੂੰ ਰਹਿਤ ਮਰਿਆਦਾ ਦੀ ਜਾਣਕਾਰੀ ਦੇਣ ਲਈ ਚੁੱਕਣ ਜਾ ਰਹੀ ਇਹ ਕਦਮ

ਇਸ ਪੰਥਕ ਇਕੱਠ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਮੁਖੀਆਂ ਸਮੇਤ ਸ਼੍ਰੋਮਣੀ ਕਮੇਟੀ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ- ਸ਼ਹੀਦ ਹਰਕ੍ਰਿਸ਼ਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਸਰਕਾਰੀ ਸਨਮਾਨਾਂ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan