2600 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਜ਼ਬਤ, ਹੋਇਆ ਭਾਰੀ ਜ਼ੁਰਮਾਨਾ

06/27/2019 8:07:16 PM

ਚੰਡੀਗੜ੍ਹ (ਰਮਨਜੀਤ)— ਡਾਇਰੈਟੋਰੇਟ, ਵਾਤਾਵਰਨ ਅਤੇ ਜਲਵਾਯੂ ਪਰਿਵਰਤਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਭਰ 'ਚ ਚਲ ਰਹੀਆਂ ਛਾਪੇਮਾਰੀਆਂ ਦੌਰਾਨ ਬੁੱਧਵਾਰ ਸ਼ਾਮ ਨੂੰ ਪਲਾਸਟਿਕ ਦੇ ਲਿਫਾਫਿਆਂ ਦਾ ਭੰਡਾਰਨ, ਟਰਾਂਸਪੋਰਟ ਤੇ ਵਿਕਰੀ ਕਰਨ ਵਾਲਿਆਂ ਤੋਂ 2600 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਜ਼ਬਤ ਕੀਤੇ ਗਏ। ਸਭ ਤੋਂ ਵੱਧ 1350 ਕਿਲੋ ਪਲਾਸਟਿਕ ਦੇ ਲਿਫਾਫੇ ਬਟਾਲੇ ਤੋਂ ਜ਼ਬਤ ਕੀਤੇ ਗਏ ਹਨ।

ਡਾਇਰੈਕਟਰ, ਵਾਤਾਵਰਨ ਅਤੇ ਜਲਵਾਯੂ ਪਰਿਵਰਤਨ, ਕੇ.ਐਸ. ਪਨੂੰ ਨੇ ਦੱਸਿਆ ਕਿ ਮਿਉਂਸੀਪਲ ਕਾਰਪੋਰੇਸ਼ਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ 282 ਸੰਸਥਾਵਾਂ 'ਤੇ ਸਾਂਝੀ ਛਾਪੇਮਾਰੀ ਦੌਰਾਨ, 153 ਉਲੰਘਣਾ ਦੇ ਮਾਮਲੇ ਪਾਏ ਗਏ। ਉਨ੍ਹਾਂ ਕਿਹਾ ਕਿ ਅਸੀਂ 144 ਉਲੰਘਣਾ ਕਰਨ ਵਾਲਿਆਂ ਵਿਰੁੱਧ ਚਲਾਨ ਜਾਰੀ ਕੀਤੇ ਗਏ ਅਤੇ ਮੌਕੇ 'ਤੇ ਹੀ 12,000 ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਜਦੋਂ ਕਿ ਬਾਕੀ ਮਾਮਲਿਆਂ ਵਿੱਚ ਨਗਰ ਨਿਗਮ/ਕਮੇਟੀ ਵਲੋਂ ਸੁਣਵਾਈ ਪਿਛੋਂ ਜ਼ੁਰਮਾਨਾ ਲਗਾਇਆ ਜਾਵੇਗਾ।

ਨਿਯਮਾਂ ਦੀ ਵੱਧ ਤੋਂ ਵੱਧ ਪਾਲਣਾ ਨੂੰ ਯਕੀਨੀ ਬਣਾਉਣ ਲਈ, ਪਨੂੰ ਨੇ ਲੋਕਾਂ ਅਤੇ ਕਾਰੋਬਾਰੀ ਭਾਈਚਾਰੇ ਨੂੰ ਸੂਬੇ 'ਚੋਂ ਪਲਾਸਟਿਕ ਦੀ ਵਰਤੋਂ ਨੂੰ ਠੱਲ੍ਹ ਪਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਡਾਇਰੈਕਟਰ, ਵਾਤਾਵਰਨ ਅਤੇ ਜਲਵਾਯੂ ਪਰਿਵਰਤਨ ਨੇ ਕਿਹਾ ਕਿ ਲੋਕ ਇਸ ਗੰਭੀਰ ਮੁੱਦੇ ਨੂੰ ਨਜ਼ਰਅੰਦਾਜ ਨਹੀਂ ਕਰ ਸਕਦੇ ਅਤੇ ਉਨ੍ਹਾਂ ਨੂੰ ਸਰਕਾਰ ਦੀ ਸਹਾਇਤਾ ਕਰਨ ਦੀ ਲੋੜ ਹੈ। ਕਈ ਵਾਰ ਛੋਟੇ ਵਿਕਰੇਤਾ ਪਲਾਸਟਿਕ ਦੇ ਲਿਫਾਫਿਆਂ ਦਾ ਵਿਕਲਪ ਵਰਤਣ ਦੇ ਸਮਰੱਥ ਨਹੀਂ ਹੁੰਦੇ ਅਤੇ ਉਪਭੋਗਤਾਵਾਂ ਦੀ ਮੰਗ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮੀਡੀਆ ਜ਼ਰੀਏ ਲੋਕਾਂ ਨੂੰ ਪਲਾਸਟਿਕ ਦੇ ਲਿਫਾਫੇ ਨਾ ਵਰਤਣ ਲਈ ਜਾਗਰੂਕ ਕਰ ਰਹੇ ਹਾਂ ਕਿਉਂ ਜੋ ਇਹ ਵਾਤਾਵਰਣ ਲਈ ਬਹੁਤ ਹਾਨੀਕਾਰਕ ਹਨ। ਲੋਕਾਂ ਨੂੰ ਆਪਣੀਆਂ ਖਰੀਦਦਾਰੀ ਸਬੰਧੀ ਆਦਤਾਂ 'ਚ ਤਬਦੀਲੀ ਲਿਆਉਂਦਿਆਂ ਖਰੀਦਦਾਰੀ ਲਈ ਕੱਪੜੇ/ਜੂਟ ਦਾ ਬੈਗ ਆਪਣੇ ਨਾਲ ਲੈ ਕੇ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ 2016 'ਚ ਨਗਰ ਨਿਗਮ, ਕੌਂਸਲ, ਨਗਰ ਪੰਚਾਇਤ ਅਤੇ ਗ੍ਰਾਮ ਪੰਚਾਇਤਾਂ ਦੇ ਅਧਿਕਾਰ ਖੇਤਰ 'ਚ ਪਲਾਸਟਿਕ ਦੇ ਲਿਫਾਫਿਆਂ ਦੇ ਨਿਰਮਾਣ, ਭੰਡਾਰਨ, ਵੰਡ, ਮੁੜ ਵਰਤੋਂ, ਵਿਕਰੀ ਅਤੇ ਵਰਤੋਂ ਦੀ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੋਈ ਹੈ।

Baljit Singh

This news is Content Editor Baljit Singh