263 ਇਮੀਗ੍ਰੇਸ਼ਨ ਕੰਸਲਟੈਂਸੀ ਤੇ ਆਇਲੈਟਸ ਸੈਂਟਰਾਂ ਖ਼ਿਲਾਫ਼ ਜਲੰਧਰ ਪ੍ਰਸ਼ਾਸਨ ਦੀ ਵੱਡੀ ਕਾਰਵਾਈ

Saturday, Mar 11, 2023 - 01:31 PM (IST)

263 ਇਮੀਗ੍ਰੇਸ਼ਨ ਕੰਸਲਟੈਂਸੀ ਤੇ ਆਇਲੈਟਸ ਸੈਂਟਰਾਂ ਖ਼ਿਲਾਫ਼ ਜਲੰਧਰ ਪ੍ਰਸ਼ਾਸਨ ਦੀ ਵੱਡੀ ਕਾਰਵਾਈ

ਜਲੰਧਰ (ਚੋਪੜਾ)–ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਨਿਰਧਾਰਿਤ ਨਿਯਮਾਂ ਦਾ ਉਲੰਘਣ ਕਰਨ ’ਤੇ ਡੀ. ਸੀ. ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਨਾਲ ਸਬੰਧਤ 263 ਇਮੀਗ੍ਰੇਸ਼ਨ ਕੰਸਲਟੈਂਸੀ ਅਤੇ ਆਇਲੈਟਸ ਸੈਂਟਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ। ਵਰਣਨਯੋਗ ਹੈ ਕਿ ‘ਜਗ ਬਾਣੀ’ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਯਮਾਂ ਦਾ ਪਾਲਣ ਨਾ ਕਰਨ ਵਾਲੇ ਇਮੀਗ੍ਰੇਸ਼ਨ ਕੰਸਲਟੈਂਸੀ ਅਤੇ ਆਇਲੈਟਸ ਸੈਂਟਰਾਂ ਦੇ ਲਾਇਸੈਂਸ ਰੱਦ ਕਰਨ ਸਬੰਧੀ 5 ਮਾਰਚ ਨੂੰ ਹੀ ਖ਼ੁਲਾਸਾ ਕਰ ਦਿੱਤਾ ਸੀ। ਇਸ ਸਬੰਧ ਵਿਚ ਜ਼ਿਆਦਾ ਜਾਣਕਾਰੀ ਦਿੰਦਿਆਂ ਡੀ. ਸੀ. ਨੇ ਕਿਹਾ ਕਿ ਇਸ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਜਾਰੀ ਕਾਰਨ ਦੱਸੋ ਨੋਟਿਸ ਦਾ ਲਿਖਤੀ ਜਵਾਬ ਨਾ ਦੇਣ ਕਾਰਨ 495 ਇਮੀਗ੍ਰੇਸ਼ਨ ਕੰਸਲਟੈਂਟ ਅਤੇ ਟਿਕਟਿੰਗ ਏਜੰਟ ਅਤੇ ਆਇਲੈਟਸ ਸੈਂਟਰਾਂ ਦੇ ਲਾਇਸੈਂਸ ਸਸਪੈਂਡ ਕਰ ਦਿੱਤੇ ਸਨ। ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਕਾਰਵਾਈ ਤੋਂ ਬਾਅਦ 232 ਕੰਸਲਟੈਂਟਸ ਨੇ ਆਪਣੀ ਮਹੀਨਾਵਾਰ ਕਾਰਵਾਈ ਰਿਪੋਰਟ ਦੇ ਨਾਲ ਆਪਣਾ ਜਵਾਬ ਜਮ੍ਹਾ ਕਰਵਾ ਦਿੱਤਾ ਸੀ, ਜਦਕਿ ਬਾਕੀਆਂ ਨੇ ਉਨ੍ਹਾਂ ਨੂੰ ਜਾਰੀ ਕੀਤੇ ਗਏ ਨੋਟਿਸਾਂ ਦਾ ਕੋਈ ਜਵਾਬ ਨਹੀਂ ਦਿੱਤਾ, ਜਿਸ ਨੂੰ ਵੇਖਦੇ ਹੋਏ ਅਜਿਹੇ ਸਾਰੇ ਇਮੀਗ੍ਰੇਸ਼ਨ ਕੰਸਲਟੈਂਸੀ ਅਤੇ ਆਇਲੈਟਸ ਸੈਂਟਰਾਂ ਦੇ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ :  ਹੋਲੇ ਮਹੱਲੇ ਦੌਰਾਨ ਕਤਲ ਕੀਤੇ ਪ੍ਰਦੀਪ ਸਿੰਘ ਦਾ ਪਰਿਵਾਰ ਪਹੁੰਚਿਆ ਸ੍ਰੀ ਅਨੰਦਪੁਰ ਸਾਹਿਬ, ਕੀਤੀ ਇਹ ਮੰਗ

ਡੀ. ਸੀ. ਨੇ ਸਾਰੇ ਲਾਇਸੈਂਸ ਪ੍ਰਾਪਤ ਕੰਸਲਟੈਂਸੀ ਅਤੇ ਆਇਲੈਟਸ ਸੈਂਟਰਾਂ ਨੂੰ ਐਕਟ ਦੇ ਤਹਿਤ ਨਿਰਧਾਰਿਤ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜਿਹੜੇ ਇਮੀਗ੍ਰੇਸ਼ਨ ਕੰਸਲਟੈਂਸੀ ਅਤੇ ਆਈਲੈਟਸ ਸੈਂਟਰਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ, ਉਨ੍ਹਾਂ ਦੀ ਸੂਚੀ ਐੱਨ. ਆਈ. ਸੀ. ਜਲੰਧਰ ਦੀ ਅਧਿਕਾਰਤ ਵੈੱਬਸਾਈਟ ’ਤੇ ਵੀ ਦੇਖੀ ਜਾ ਸਕਦੀ ਹੈ।

ਵਰਣਨਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਬੀਤੀ 7 ਜਨਵਰੀ ਨੂੰ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੇ 495 ਇਮੀਗ੍ਰੇਸ਼ਨ ਕੰਸਲਟੈਂਸੀ ਅਤੇ ਆਇਲੈਟਸ ਸੈਂਟਰਾਂ ਦੇ ਲਾਇਸੈਂਸ ਸਸਪੈਂਡ ਕੀਤੇ ਸਨ, ਜਿਨ੍ਹਾਂ ਵਿਚ 239 ਇਮੀਗ੍ਰੇਸ਼ਨ ਕੰਸਲਟੈਂਟਸ ਅਤੇ 129 ਆਇਲੈਟਸ ਸੈਂਟਰਾਂ ਦੇ ਨਾਂ ਸ਼ਾਮਲ ਸਨ। ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਨਿਯਮਾਂ ਦੀ ਉਲੰਘਣ ਕਰਨ ਵਾਲੇ ਕੁੱਲ 1320 ਇਮੀਗ੍ਰੇਸ਼ਨ ਕੰਸਲਟੈਂਸੀ, ਟਿਕਟਿੰਗ ਏਜੰਟ ਅਤੇ ਆਇਲੈਟਸ ਸੈਂਟਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ ਅਤੇ ਉਨ੍ਹਾਂ ਵਿਚੋਂ 495 ਲਿਖਤੀ ਜਵਾਬ ਦੇਣ ਵਿਚ ਅਸਫ਼ਲ ਰਹੇ। ਇਸੇ ਕਾਰਨ ਉਨ੍ਹਾਂ ਦੇ ਕਾਰੋਬਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤੇ ਗਏ ਸਨ।

ਇਹ ਵੀ ਪੜ੍ਹੋ :  ਜਲੰਧਰ 'ਚ ਸ਼ਰਮਨਾਕ ਘਟਨਾ, ਗੈਸ ਸਿਲੰਡਰ ਡਿਲਿਵਰ ਕਰਨ ਵਾਲੇ ਨੇ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News