ਸ਼ਾਮਚੁਰਾਸੀ ''ਚ ਬਣਨਗੀਆਂ 272 ਕਿਲੋਮੀਟਰ ਸੜਕਾਂ : ਪਵਨ ਆਦੀਆ

Saturday, Jan 13, 2018 - 02:20 AM (IST)

ਹੁਸ਼ਿਆਰਪੁਰ, (ਘੁੰਮਣ)- ਕਾਂਗਰਸ ਸਰਕਾਰ ਨੇ ਪੰਜਾਬ ਦੀਆਂ ਸੜਕਾਂ ਦੀ ਕਾਇਆ-ਕਲਪ ਲਈ ਜਿਥੇ 16000 ਕਿਲੋਮੀਟਰ ਸੜਕਾਂ ਦੇ ਨਿਰਮਾਣ ਦੀ ਮਨਜ਼ੂਰੀ ਦਿੱਤੀ ਹੈ, ਉਥੇ ਹੀ ਹਲਕਾ ਸ਼ਾਮਚੁਰਾਸੀ ਅੰਦਰ 272 ਕਿਲੋਮੀਟਰ ਸੜਕਾਂ ਬਣਨਗੀਆਂ। ਇਹ ਜਾਣਕਾਰੀ ਦਿੰਦਿਆਂ ਪਵਨ ਕੁਮਾਰ ਆਦੀਆ ਵਿਧਾਇਕ ਹਲਕਾ ਸ਼ਾਮਚੁਰਾਸੀ ਅਤੇ ਜ਼ਿਲਾ ਪ੍ਰਧਾਨ ਕਾਂਗਰਸ ਕਮੇਟੀ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਦਿੰਦਿਆਂ ਦੱਸਿਆ ਕਿ ਕੈਪ. ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬ ਅੰਦਰ ਲੋਕਾਂ ਲਈ ਆਉਣ-ਜਾਣ ਵਾਸਤੇ ਆਵਾਜਾਈ ਦੀਆਂ ਵਧੀਆ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦਾ ਕੰਮ 31 ਮਾਰਚ 2018 ਤੋਂ ਆਰੰਭ ਹੋ ਕੇ 31 ਮਾਰਚ 2019 ਤੱਕ ਮੁਕੰਮਲ ਕਰ ਲਿਆ ਜਾਵੇਗਾ। 
ਆਦੀਆ ਨੇ ਕਿਹਾ ਕਿ ਹਲਕਾ ਸ਼ਾਮਚੁਰਾਸੀ ਅੰਦਰ ਸੜਕਾਂ ਦੀ ਆਰੰਭਤਾ ਬੁੱਲ੍ਹੋਵਾਲ ਤੋਂ ਜਲੰਧਰ ਜ਼ਿਲੇ ਦੀ ਹੱਦ ਤੱਕ ਕੀਤੀ ਜਾਵੇਗੀ। ਹਲਕਾ ਸ਼ਾਮਚੁਰਾਸੀ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਇਕ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਉਨ੍ਹਾਂ ਅਕਾਲੀ-ਭਾਜਪਾ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਇਨ੍ਹਾਂ ਪੰਜਾਬ ਨੂੰ ਦਿੱਤਾ ਕੁਝ ਨਹੀਂ, ਸਿਰਫ ਲੋਕਾਂ ਨੂੰ ਗੁੰਮਰਾਹ ਕਰ ਕੇ ਵੋਟਾਂ ਹੀ ਪ੍ਰਾਪਤ ਕੀਤੀਆਂ ਅਤੇ ਆਪਣੇ-ਆਪ ਦਾ ਹੀ ਵਿਕਾਸ ਕੀਤਾ। ਇਸ ਦੇ ਉਲਟ ਕੈਪ. ਅਮਰਿੰਦਰ ਸਿੰਘ ਦੀ ਕਹਿਣੀ ਅਤੇ ਕਰਨੀ 'ਚ ਕੋਈ ਫਰਕ ਨਹੀਂ ਹੈ। ਉਨ੍ਹਾਂ ਆਪਣੇ ਵਾਅਦੇ ਅਨੁਸਾਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ, ਜਿਸ ਨਾਲ ਉਨ੍ਹਾਂ 'ਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾ ਕਿਸਾਨ ਤੇ ਮਜ਼ਦੂਰ ਵਰਗ ਦਾ ਖਿਆਲ ਰੱਖਿਆ ਹੈ। ਕੇਂਦਰ 'ਚ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਸਮੇਂ ਸਾਰੇ ਸੂਬਿਆਂ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਗਿਆ ਸੀ ਅਤੇ ਹੁਣ ਕੈਪ. ਅਮਰਿੰਦਰ ਸਿੰਘ ਵੱਲੋਂ ਵੀ ਪੰਜਾਬ ਅੰਦਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ 'ਚ ਖੁਸ਼ੀ ਦੀ ਲਹਿਰ ਹੈ।


Related News