ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ ਸਮੇਤ 3 ਗ੍ਰਿਫ਼ਤਾਰ

Tuesday, Aug 11, 2026 - 04:32 PM (IST)

ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ ਸਮੇਤ 3 ਗ੍ਰਿਫ਼ਤਾਰ

ਜਲਾਲਾਬਾਦ (ਟੀਨੂੰ/ਸੁਮਿਤ, ਸੋਨੂੰ ਚੋਪੜਾ) : ਨਸ਼ਾ ਤਸਕਰੀ ਖ਼ਿਲਾਫ਼ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ ’ਤੇ ਹਰਿਕ੍ਰਿਸ਼ਨ ਸਿਨੇਮਾ ਦੇ ਸਾਹਮਣੇ ਤੋਂ 30 ਕਿੱਲੋ 672 ਗ੍ਰਾਮ ਹੈਰੋਇਨ ਦੀ ਵੱਡੀ ਖ਼ੇਪ ਬਰਾਮਦ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਮਾਤਰਾ ਨੂੰ ਦੇਖਦਿਆਂ ਇਸ ਕਾਰਵਾਈ ਨੂੰ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਡੀ. ਐੱਸ. ਪੀ. ਸਤਪਾਲ ਸਿੰਘ ਨੇ ਦੱਸਿਆ ਕਿ ਟੈਕਨੀਕਲ ਇਨਪੁੱਟ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੰਸਪ੍ਰੀਤ ਸਿੰਘ, ਆਕਾਸ਼ ਸਿੰਘ ਅਤੇ ਅਨਮੋਲਪ੍ਰੀਤ ਸਿੰਘ ਵਜੋਂ ਹੋਈ ਹੈ। ਅਧਿਕਾਰੀਆਂ ਅਨੁਸਾਰ ਬੀਤੀ ਰਾਤ ਟੀਮ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ ’ਤੇ ਹਰਿਕ੍ਰਿਸ਼ਨ ਸਿਨੇਮਾ ਦੇ ਸਾਹਮਣੇ ਕਾਰਵਾਈ ਕੀਤੀ ਗਈ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 30 ਕਿਲੋ 672 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।

ਪੁਲਸ ਵੱਲੋਂ ਅਦਾਲਤ ਤੋਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਨ ਦੀ ਮੰਗ ਕੀਤੀ ਜਾਵੇਗੀ, ਤਾਂ ਜੋ ਨਸ਼ੇ ਦੀ ਇਸ ਵੱਡੀ ਖ਼ੇਪ ਸਬੰਧੀ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਬਰਾਮਦ ਹੋਈ ਹੈਰੋਇਨ ਮੁਲਜ਼ਮਾਂ ਤੱਕ ਕਿੱਥੋਂ ਪਹੁੰਚੀ ਸੀ ਅਤੇ ਇਸ ਦੀ ਸਪਲਾਈ ਅੱਗੇ ਕਿਹੜੇ ਵਿਅਕਤੀਆਂ ਤੱਕ ਕੀਤੀ ਜਾਣੀ ਸੀ। ਇਸ ਦੇ ਨਾਲ ਹੀ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿੱਚ ਲਿਆਂਦੀ ਜਾਵੇਗੀ। 30 ਕਿੱਲੋ ਤੋਂ ਵੱਧ ਹੈਰੋਇਨ ਦੀ ਬਰਾਮਦਗੀ ਤੋਂ ਬਾਅਦ ਪੁਲਸ ਲਈ ਹੁਣ ਇਸ ਖ਼ੇਪ ਦੇ ਸਰੋਤ ਅਤੇ ਅੰਤਿਮ ਟਿਕਾਣੇ ਦਾ ਪਤਾ ਲਗਾਉਣਾ ਅਹਿਮ ਚੁਣੌਤੀ ਹੈ।

ਰਿਮਾਂਡ ਦੌਰਾਨ ਪੁਲਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਉਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਖੰਗਾਲੇਗੀ। ਜਾਂਚ ਵਿੱਚ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਮੁਲਜ਼ਮਾਂ ਨੇ ਇਹ ਖੇਪ ਕਿਸ ਵਿਅਕਤੀ ਤੋਂ ਹਾਸਲ ਕੀਤੀ ਸੀ ਅਤੇ ਇਸ ਨੂੰ ਅੱਗੇ ਕਿਸ ਨੂੰ ਸੌਂਪਣਾ ਸੀ। ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਨਸ਼ੇ ਦੀ ਸਪਲਾਈ ਚੇਨ ਨਾਲ ਜੁੜੇ ਹੋਰ ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਉਨ੍ਹਾਂ ਦੀ ਭੂਮਿਕਾ ਦਾ ਵੀ ਪਤਾ ਲਗਾਇਆ ਜਾਵੇਗਾ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਪਹਿਲਾਂ ਤੋਂ ਕਿਸੇ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਹੋਏ ਸਨ ਜਾਂ ਇਸ ਵੱਡੀ ਖ਼ੇਪ ਨੂੰ ਲੈ ਕੇ ਕਿਸੇ ਵੱਡੇ ਨੈੱਟਵਰਕ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਇਸ ਕਾਰਵਾਈ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਮੰਨਿਆ ਜਾ ਰਿਹਾ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਨਸ਼ਾ ਤਸਕਰੀ ਦੇ ਨੈੱਟਵਰਕ ਸਬੰਧੀ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
 


author

Babita

Content Editor

Related News