ਨਸ਼ੇ ਦੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 3 ਗ੍ਰਿਫ਼ਤਾਰ
Monday, Mar 23, 2026 - 12:36 PM (IST)
ਤਲਵੰਡੀ ਸਾਬੋ (ਮੁਨੀਸ਼) : ਪੰਜਾਬ ਪੁਲਸ ਵੱਲੋਂ ਚਲਾਈ ਜਾ ਰਹੀ ‘ਨਸ਼ੇ ਵਿਰੁੱਧ ਜੰਗ’ ਮੁਹਿੰਮ ਤਹਿਤ ਤਲਵੰਡੀ ਸਾਬੋ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਤਿੰਨ ਵਿਅਕਤੀਆਂ ਨੂੰ ਨਸ਼ੇ ਦੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬਠਿੰਡਾ ਦੇ ਜ਼ਿਲਾ ਪੁਲਸ ਮੁਖੀ ਅਤੇ ਹਰਪ੍ਰੀਤ ਸਿੰਘ (ਡੀ. ਐੱਸ. ਪੀ. ਤਲਵੰਡੀ ਸਾਬੋ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਤਲਵੰਡੀ ਸਾਬੋ ਦੇ ਮੁਖੀ ਅਮਰੀਕ ਸਿੰਘ ਗਰੇਵਾਲ ਦੀ ਅਗਵਾਈ ਵਿਚ ਕਾਰਵਾਈ ਕੀਤੀ ਗਈ। ਪਹਿਲੇ ਮਾਮਲੇ ਵਿਚ ਹੌਲਦਾਰ ਸੁੰਦਰ ਸਿੰਘ ਦੀ ਪੁਲਸ ਪਾਰਟੀ ਵੱਲੋਂ ਅਨਾਜ ਮੰਡੀ ਵਿਚ ਗਸ਼ਤ ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਗਿਆ, ਜਿਨ੍ਹਾਂ ਨੇ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 12 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਸਰੂਪ ਸਿੰਘ (ਵਾਸੀ ਤਲਵੰਡੀ ਸਾਬੋ) ਅਤੇ ਠੰਡੂ ਰਾਮ ਪੁੱਤਰ ਬਖ਼ਤੌਰ ਸਿੰਘ (ਵਾਸੀ ਨਸੀਬਪੁਰਾ) ਵਜੋਂ ਹੋਈ ਹੈ। ਇਸੇ ਤਰ੍ਹਾਂ ਇਕ ਹੋਰ ਮਾਮਲੇ 'ਚ ਹੌਲਦਾਰ ਕੁਲਦੀਪ ਸਿੰਘ ਦੀ ਪੁਲਸ ਪਾਰਟੀ ਨੇ ਪੁਰਾਣੇ ਟੈਕਸੀ ਸਟੈਂਡ ਦੇ ਨਜ਼ਦੀਕ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਕੋਲੋਂ 30 ਨਸ਼ੇ ਵਾਲੇ ਕੈਪਸੂਲ (ਪ੍ਰੈਗਾਬਾਲਿਨ) ਬਰਾਮਦ ਕੀਤੇ ਗਏ। ਫੜੇ ਗਏ ਮੁਲਜ਼ਮ ਦੀ ਪਛਾਣ ਗਗਨ ਕੁਮਾਰ ਪੁੱਤਰ ਸੁਰੇਸ਼ ਕੁਮਾਰ (ਵਾਸੀ ਤਲਵੰਡੀ ਸਾਬੋ) ਵਜੋਂ ਹੋਈ ਹੈ। ਪੁਲਸ ਨੇ ਨਸ਼ੀਲਾ ਪਦਾਰਥ ਕਬਜ਼ੇ 'ਚ ਲੈ ਕੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
