ਮੋਹਾਲੀ ਤੋਂ ਚੰਗੀ ਖਬਰ, 3 ਹੋਰ ਮਰੀਜ਼ ਹੋਏ ਨੋਂ-ਬਰ-ਨੌਂ, ਹੁਣ ਤੱਕ ਠੀਕ ਹੋਏ 33 ਮਰੀਜ਼

05/02/2020 4:51:55 PM

ਮੋਹਾਲੀ (ਰਾਣਾ) : ਮੋਹਾਲੀ 'ਚ 'ਕੋਰੋਨਾ ਵਾਇਰਸ' ਤੋਂ ਪੀੜਤ ਤਿੰਨ ਹੋਰ ਮਰੀਜ਼ ਸ਼ਨੀਵਾਰ ਨੂੰ ਪੂਰੀ ਤਰ੍ਹਾਂ ਠੀਕ ਹੋ ਗਏ। ਜ਼ਿਲ੍ਹੇ 'ਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ ਹੁਣ 33 ਹੋ ਗਈ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰੇਨੂੰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਨੂੰ ਠੀਕ ਹੋਏ ਤਿੰਨੇ ਮਰੀਜ਼ ਪਿੰਡ ਜਵਾਹਰਪੁਰ ਨਾਲ ਸਬੰਧਤ ਹਨ। ਇਨ੍ਹਾਂ ਸਾਰਿਆਂ ਦਾ ਬਨੂੜ ਲਾਗਲੇ ਗਿਆਨ ਸਾਗਰ ਹਸਪਤਾਲ ਦੇ 'ਕੋਵਿਡ ਕੇਅਰ ਸੈਂਟਰ' 'ਚ ਇਲਾਜ ਚੱਲ ਰਿਹਾ ਸੀ। ਤੰਦਰੁਸਤ ਹੋਣ ਵਾਲਿਆਂ 'ਚ 35 ਸਾਲਾ ਸੀਮਾ, 53 ਸਾਲਾ ਅਵਤਾਰ ਸਿੰਘ ਅਤੇ 35 ਸਾਲਾ ਮਨਪ੍ਰੀਤ ਸਿੰਘ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਤਿੰਨਾਂ ਮਰੀਜ਼ਾਂ ਦੇ 14 ਦਿਨਾਂ ਮਗਰੋਂ ਕੀਤੇ ਗਏ ਲਗਾਤਾਰ ਦੋ ਟੈਸਟਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ, ਜਿਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਹੈ। ਇਕੱਲੇ ਜਵਾਹਰਪੁਰ ਨਾਲ ਸਬੰਧਤ ਕੁੱਲ 20 ਮਰੀਜ਼ ਅੱਜ ਤਕ ਠੀਕ ਹੋ ਚੁੱਕੇ ਹਨ। ਇਨ੍ਹਾਂ ਤਿੰਨਾਂ ਮਰੀਜ਼ਾਂ ਨੂੰ ਅਹਿਤਿਆਤ ਵਜੋਂ 14 ਦਿਨਾਂ ਲਈ ਡੇਰਾਬੱਸੀ ਦੇ ਨਿਰੰਕਾਰੀ ਭਵਨ 'ਚ ਬਣਾਏ ਗਏ 'ਇਕਾਂਤਵਾਸ ਕੇਂਦਰ' 'ਚ ਰਖਿਆ ਜਾਵੇਗਾ। ਡਾ. ਰੇਨੂੰ ਸਿੰਘ ਨੇ ਦੱਸਿਆ ਕਿ ਬਾਕੀ ਸਾਰੇ ਪੀੜਤਾਂ ਦਾ ਵਧੀਆ ਢੰਗ ਨਾਲ ਇਲਾਜ ਚੱਲ ਰਿਹਾ ਹੈ ਅਤੇ ਸਾਰਿਆਂ ਦੀ ਹਾਲਤ ਸਥਿਰ ਹੈ। ਠੀਕ ਹੋਏ ਮਰੀਜ਼ਾਂ ਨੇ ਉਨ੍ਹਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਤੇ ਹੋਰ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਸਪਤਾਲ 'ਚ ਉਨ੍ਹਾਂ ਦੀਆਂ ਜ਼ਰੂਰੀ ਲੋੜਾਂ ਦਾ ਪੂਰਾ ਖ਼ਿਆਲ ਰਖਿਆ ਗਿਆ ਅਤੇ ਉਨ੍ਹਾਂ ਨੂੰ ਚੰਗਾ ਤੇ ਮਿਆਰੀ ਇਲਾਜ ਮਿਲਿਆ।

ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕਿਹਾ ਕਿ ਗਿਆਨ ਸਾਗਰ ਹਸਪਤਾਲ 'ਚ ਬਣਾਏ ਗਏ 'ਕੋਵਿਡ ਕੇਅਰ ਸੈਂਟਰ' 'ਚ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰ, ਨਰਸਾਂ, ਪੈਰਾਮੈਡੀਕਲ ਸਟਾਫ਼ ਪ੍ਰਸ਼ੰਸਾ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਉਹ ਅਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਪੂਰੀ ਨਿਡਰਤਾ, ਮਿਹਨਤ ਅਤੇ ਲਗਨ ਨਾਲ ਡਿਊਟੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤਯਾਬ ਹੋਏ ਮਰੀਜ਼ਾਂ ਨੂੰ ਫ਼ਿਲਹਾਲ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਨੂੰ ਇਕ-ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਣ, ਮਾਸਕ ਪਾਉਣ ਅਤੇ ਵਾਰ-ਵਾਰ ਹੱਥ ਧੋਣ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

      


Babita

Content Editor

Related News