ਇੱਕ ਕਿੱਲੋ ਹੈਰੋਇਨ ਸਣੇ 3 ਨਸ਼ਾ ਤਸਕਰ ਕਾਬੂ, ਵਿਦੇਸ਼ੀ ਆਨਲਾਈਨ ਨੰਬਰਾਂ ਰਾਹੀਂ ਚੱਲ ਰਿਹਾ ਸੀ ਨੈੱਟਵਰਕ
Wednesday, Jul 22, 2026 - 05:23 PM (IST)
ਬਠਿੰਡਾ (ਵਿਜੈ ਵਰਮਾ) : ਬਠਿੰਡਾ ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਥਾਣਾ ਰਾਮਪੁਰਾ ਸਿਟੀ ਖੇਤਰ ਵਿੱਚੋਂ ਤਿੰਨ ਨੌਜਵਾਨਾਂ ਨੂੰ ਇੱਕ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਸ ਨੂੰ ਸ਼ੱਕ ਹੈ ਕਿ ਮੁਲਜ਼ਮ ਵਿਦੇਸ਼ੀ ਆਨਲਾਈਨ ਨੰਬਰਾਂ ਰਾਹੀਂ ਆਪਣਾ ਨੈੱਟਵਰਕ ਚਲਾ ਰਹੇ ਸਨ ਅਤੇ ਨਸ਼ੇ ਦੀ ਵੱਡੀ ਖ਼ੇਪ ਦੀ ਸਪਲਾਈ ਕਰਨ ਦੀ ਤਿਆਰੀ 'ਚ ਸਨ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪਰਵਿੰਦਰ ਸਿੰਘ ਵਾਸੀ ਰਾਮਪੁਰਾ ਮੰਡੀ, ਮਨਪ੍ਰੀਤ ਸਿੰਘ ਅਤੇ ਸਰਬਜੀਤ ਸਿੰਘ ਵਾਸੀ ਲਹਿਰਾ ਮੁਹੱਬਤ (ਜ਼ਿਲ੍ਹਾ ਬਠਿੰਡਾ) ਵਜੋਂ ਹੋਈ ਹੈ। ਐੱਸ. ਪੀ. (ਡੀ) ਜਸਮੀਤ ਸਿੰਘ ਨੇ ਦੱਸਿਆ ਕਿ ਥਾਣਾ ਰਾਮਪੁਰਾ ਸਿਟੀ ਪੁਲਸ ਦੀ ਟੀਮ ਰਜਵਾਹੇ ਦੀ ਪਟੜੀ 'ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮੋਟਰਸਾਈਕਲ 'ਤੇ ਆ ਰਹੇ ਤਿੰਨ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਉਨ੍ਹਾਂ ਕੋਲੋਂ ਇੱਕ ਕਿੱਲੋ ਹੈਰੋਇਨ ਬਰਾਮਦ ਹੋਈ।
ਇਸ ਤੋਂ ਬਾਅਦ ਤਿੰਨਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਮਨਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਮੋਹਾਲੀ ਵੱਲੋਂ ਨਸ਼ਾ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਹ ਕੁੱਝ ਸਮਾਂ ਪਹਿਲਾਂ ਹੀ ਜੇਲ੍ਹ ਤੋਂ ਜ਼ਮਾਨਤ 'ਤੇ ਬਾਹਰ ਆਇਆ ਸੀ ਅਤੇ ਬਾਹਰ ਆਉਂਦੇ ਹੀ ਮੁੜ ਨਸ਼ਾ ਤਸਕਰੀ 'ਚ ਸਰਗਰਮ ਹੋ ਗਿਆ। ਸੂਤਰਾਂ ਅਨੁਸਾਰ ਮੁਲਜ਼ਮ ਵਿਦੇਸ਼ੀ ਆਨਲਾਈਨ ਨੰਬਰਾਂ ਦੀ ਵਰਤੋਂ ਕਰਕੇ ਆਪਣੇ ਸੰਪਰਕ ਬਣਾਈ ਰੱਖਦੇ ਸਨ। ਪੁਲਸ ਨੇ ਉਨ੍ਹਾਂ ਕੋਲੋਂ ਦੋ ਮੋਬਾਇਲ ਫੋਨ ਵੀ ਬਰਾਮਦ ਕੀਤੇ ਹਨ।
ਐੱਸ. ਪੀ. ਜਸਮੀਤ ਸਿੰਘ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਹੈਰੋਇਨ ਦੀ ਖ਼ੇਪ ਕਿੱਥੋਂ ਲਿਆਂਦੀ ਗਈ ਸੀ, ਇਸ ਦੇ ਪਿੱਛੇ ਕਿਹੜਾ ਗਿਰੋਹ ਕੰਮ ਕਰ ਰਿਹਾ ਸੀ ਅਤੇ ਇਹ ਖ਼ੇਪ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਪੁਲਸ ਨੂੰ ਉਮੀਦ ਹੈ ਕਿ ਰਿਮਾਂਡ ਦੌਰਾਨ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਕਈ ਅਹਿਮ ਖ਼ੁਲਾਸੇ ਹੋਣਗੇ।
