ਬਿਜਲੀ ਲਾਈਨਾਂ ਵਿਛਾਉਣ 'ਚ ਬੇਨਿਯਮੀਆਂ 'ਤੇ ਐਕਸ਼ਨ, ਸੁਪਰਡੈਂਟ ਇੰਜੀਨੀਅਰ ਸਮੇਤ 3 ਅਧਿਕਾਰੀ ਮੁਅੱਤਲ

10/01/2022 5:06:06 AM

ਚੰਡੀਗੜ੍ਹ (ਬਿਊਰੋ) : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਬਿਜਲੀ ਦੀਆਂ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਪਾਏ ਜਾਣ 'ਤੇ ਸੁਪਰਡੈਂਟ ਇੰਜੀਨੀਅਰ ਸਮੇਤ 3 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦਿੱਤੀ। ਮੁਅੱਤਲ ਕੀਤੇ ਗਏ ਅਧਿਕਾਰੀਆਂ 'ਚ ਡਿਸਟਰੀਬਿਊਸ਼ਨ ਸਰਕਲ ਫਿਰੋਜ਼ਪੁਰ ਦੇ ਸੁਪਰਡੈਂਟ ਇੰਜੀਨੀਅਰ (ਐੱਸ.ਈ.) ਭੁਪਿੰਦਰ ਸਿੰਘ, ਡਵੀਜ਼ਨਲ ਲੇਖਾਕਾਰ ਜਸਵਿੰਦਰ ਸਿੰਘ ਅਤੇ ਸਰਕਲ ਅਸਿਸਟੈਂਟ ਅਸ਼ੋਕ ਕੁਮਾਰ ਸ਼ਾਮਲ ਹਨ। ਇਸ ਤੋਂ ਇਲਾਵਾ ਵਿਭਾਗ ਨੇ ਇਨ੍ਹਾਂ ਬੇਨਿਯਮੀਆਂ ਵਿੱਚ ਸ਼ਾਮਲ ਇਕ ਕੰਪਿਊਟਰ ਆਪ੍ਰੇਟਰ ਦੀਆਂ ਸੇਵਾਵਾਂ ਵੀ ਖ਼ਤਮ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ : ਗੁ. ਸ੍ਰੀ ਬੇਰ ਸਾਹਿਬ ਦੇ ਦਰਬਾਰ ਹਾਲ 'ਚੋਂ ਸ਼ੱਕੀ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ

ਜਾਣਕਾਰੀ ਅਨੁਸਾਰ ਮੰਤਰੀ ਨੇ ਪੀ.ਐੱਸ.ਪੀ.ਸੀ.ਐੱਲ. ਦੀ ਮਮਦੋਟ ਸਬ-ਡਵੀਜ਼ਨ 'ਚ ਕੁਨੈਕਸ਼ਨ ਦੇਣ ਅਤੇ ਸੁਧਾਰ ਦੇ ਕੰਮਾਂ ਲਈ ਬਿਜਲੀ ਲਾਈਨਾਂ ਵਿਛਾਉਣ ਸਬੰਧੀ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਦੀ ਸ਼ਿਕਾਇਤ ਮਿਲਣ ਉਪਰੰਤ ਜਾਂਚ ਦੇ ਹੁਕਮ ਦਿੱਤੇ ਸਨ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਤਕਨੀਕੀ ਆਡਿਟ ਵਿੰਗ ਵੱਲੋਂ ਮੁੱਢਲੀ ਜਾਂਚ ਕੀਤੀ ਗਈ ਤੇ ਇਹ ਪਾਇਆ ਗਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਉਨ੍ਹਾਂ ਕੰਮਾਂ ਲਈ ਵਰਕ ਆਰਡਰ ਜਾਰੀ ਕਰਨ ਲਈ ਮਿਲੀਭੁਗਤ ਕੀਤੀ ਸੀ, ਜੋ ਕਿ ਪਿਛਲੇ ਸਾਲਾਂ ਵਿੱਚ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਸਨ।

ਇਹ ਵੀ ਪੜ੍ਹੋ : CIA ਪੁਲਸ ਨੇ 4 ਨਸ਼ਾ ਤਸਕਰ ਕੀਤੇ ਕਾਬੂ, ਹੈਰੋਇਨ ਸਣੇ ਬਰਾਮਦ ਕੀਤੀ ਹਥਿਆਰਾਂ ਦੀ ਖੇਪ

ਉਨ੍ਹਾਂ ਕਿਹਾ ਕਿ 2017-18, 2018-19 ਅਤੇ 2019-20 ਵਿੱਤੀ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਦੇ 41.88 ਲੱਖ ਰੁਪਏ ਦੇ ਵਰਕ ਆਰਡਰ 2020-21 ਤੇ 2021-22 ਵਿੱਚ ਦਿੱਤੇ ਗਏ ਸਨ। ਇਸ ਤੋਂ ਇਲਾਵਾ ਇਹ ਵਰਕ ਆਰਡਰ ਪਿਛਲੇ ਸਾਲਾਂ, ਜਦੋਂ ਇਹ ਕੰਮ ਕੀਤੇ ਗਏ ਸਨ, ਦੀ ਕੀਮਤ ਨਾਲੋਂ ਵੱਧ ਕੀਮਤ 'ਤੇ ਦਿੱਤੇ ਗਏ ਸਨ, ਜਿਸ ਨਾਲ ਪੀ.ਐੱਸ.ਪੀ.ਸੀ.ਐੱਲ. ਨੂੰ ਕਾਫੀ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਇਹ ਵੀ ਦੇਖਿਆ ਗਿਆ ਕਿ ਕੁਝ ਮਾਮਲਿਆਂ ਵਿੱਚ ਇਕੋ ਕੰਮ ਲਈ ਵੱਖ-ਵੱਖ ਠੇਕੇਦਾਰਾਂ ਨੂੰ 2 ਵਰਕ ਆਰਡਰ ਦਿੱਤੇ ਗਏ ਸਨ ਤੇ ਅਦਾਇਗੀਆਂ ਵੀ ਜਾਰੀ ਕੀਤੀਆਂ ਗਈਆਂ ਸਨ।

ਇਹ ਵੀ ਪੜ੍ਹੋ : ਸਮੁੰਦਰੀ ਰਸਤੇ ਨਸ਼ਾ ਤਸਕਰੀ ਰੋਕਣ ਲਈ ਪੰਜਾਬ ਆਉਣ ਵਾਲੇ ਕੰਟੇਨਰਾਂ 'ਤੇ ਪੁਲਸ ਰੱਖੇਗੀ ਪੈਨੀ ਨਜ਼ਰ

ਉਨ੍ਹਾਂ ਕਿਹਾ ਕਿ ਮੁੱਢਲੀ ਰਿਪੋਰਟ ਦੇ ਆਧਾਰ 'ਤੇ ਪੀ.ਐੱਸ.ਪੀ.ਸੀ.ਐੱਲ. ਨੇ ਇਸ ਮਾਮਲੇ ਵਿੱਚ ਸ਼ਾਮਲ ਪਾਏ ਗਏ ਅਧਿਕਾਰੀਆਂ/ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਇਸ ਮਾਮਲੇ ਵਿੱਚ ਹੋਰ ਵਿਸਥਾਰਤ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਹ ਜਾਂਚ ਮੁੱਖ ਇੰਜੀਨੀਅਰ/ਇਨਫੋਰਸਮੈਂਟ ਅਤੇ ਪੀ.ਐੱਸ.ਪੀ.ਸੀ.ਐੱਲ. ਦੇ ਮੁੱਖ ਵਿੱਤ ਅਫ਼ਸਰ ਦੀ ਇਕ ਉੱਚ-ਪੱਧਰੀ ਕਮੇਟੀ ਦੁਆਰਾ ਕਰਵਾਈ ਜਾਵੇਗੀ ਤਾਂ ਜੋ ਸਬ-ਡਵੀਜ਼ਨ ਪੱਧਰ ਤੋਂ ਲੈ ਕੇ ਚੀਫ਼ ਇੰਜੀਨੀਅਰ ਦਫ਼ਤਰ ਤੱਕ ਸਾਰੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵਿਆਪਕ ਜਾਂਚ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 10 IPS ਤੇ PPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਲਿਸਟ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh