328 ਸਰੂਪਾਂ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਸਿੱਖ ਕੌਮ ਨਾਲ ਕਰ ਰਹੀ ਬੇਇਨਸਾਫ਼ੀ: ਪੰਥਕ ਆਗੂ
Wednesday, Jan 28, 2026 - 11:15 PM (IST)
ਅੰਮ੍ਰਿਤਸਰ (ਸਰਬਜੀਤ) - ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਅਤੇ ਸਿੱਖ ਸਦਭਾਵਨਾ ਦਲ ਦੇ ਆਗੂ ਭਾਈ ਬਲਦੇਵ ਸਿੰਘ ਵਡਾਲਾ ਅਤੇ ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਅਤੇ ਭਗਵੰਤ ਮਾਨ ਸਰਕਾਰ ਮਿਲੀਭੁਗਤ ਸਾਜ਼ਿਸ਼ ਤਹਿਤ ਸਿੱਖ ਕੌਮ ਨਾਲ ਬੇਇਨਸਾਫ਼ੀ ਕਰ ਰਹੀ ਹੈ, ਜਿਸ ਨਾਲ ਦੋਵਾਂ ਨੂੰ ਕੌਮ ਦੇ ਰੋਹ ਦਾ ਸ਼ਿਕਾਰ ਹੋਣਾ ਪਵੇਗਾ।
ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਨੂੰ ਵੀ ਬਰਗਾੜੀ ਕਾਂਡ ਵਾਂਗ ਠੰਡੇ ਬਸਤੇ ਪਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਅਤੇ ਸਿੱਟ ਵਿਚ ਕੋਈ ਸਪੱਸ਼ਟਤਾ ਨਜ਼ਰ ਨਹੀਂ ਆ ਰਹੀ ਅਤੇ ਬਾਕੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਚੁੱਪੀ ਧਾਰ ਲਈ ਹੈ। ਉਨ੍ਹਾਂ ਕਿਹਾ ਕਿ ‘ਸਿੱਟ’ ਅਦਾਲਤ ਵਿਚ ਆਖ ਰਹੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਸਤਾਵੇਜ਼ ਨਹੀਂ ਦਿੱਤੇ ਗਏ ਤੇ ਦਸਤਾਵੇਜ਼ ਆਉਣ ’ਤੇ ਹੀ ਤਫਤੀਸ਼ ਕੀਤੀ ਜਾ ਸਕੇਗੀ।
ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਸੱਕਤਰ ਦਾ ਕਹਿਣਾ ਹੈ ਕਿ ਅਸੀਂ ਸਿੱਟ ਨੂੰ ਕਈ ਵਾਰ ਰਿਕਾਰਡ ਦੇਣ ਲਈ ਸਿੱਟ ਨਾਲ ਸੰਪਰਕ ਕਰ ਚੁੱਕੇ ਹਾਂ, ਸਿੱਟ ਖ਼ੁਦ ਹੀ ਸਾਡੇ ਨਾਲ ਸੰਪਰਕ ਨਹੀ ਕਰ ਰਹੀ ਅਤੇ ਨਾ ਹੀ ਕੋਈ ਜਵਾਬ ਦੇ ਰਹੀ ਹੈ।
ਪੰਥਕ ਆਗੂਆਂ ਨੇ ਸਵਾਲ ਕੀਤਾ ਕਿ ਇਹ ਦੋਵਾਂ ਧਿਰਾਂ ਵੱਲੋਂ ਰਲ ਕੇ ਸਿਆਸੀ ਖੇਡ ਕਿਉਂ ਖੇਡੀ ਜਾ ਰਹੀ ਏ? ਸਾਫ਼ ਨਜ਼ਰ ਆ ਰਿਹਾ ਹੈ ਕਿ ਦੋਸ਼ੀਆਂ ਨੂੰ ਬਚਾਉਣ ਮਾਮਲੇ ਨੂੰ ਲਟਕਾਉਣ ’ਤੇ ਕਾਨੂੰਨੀ ਕਾਰਵਾਈ ਵਿੱਚ ਵਿਘਨ ਪਾਉਣ ਲਈ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਿਸ ਨੂੰ ਖ਼ਾਲਸਾ ਪੰਥ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਲਾਪਤਾ 328 ਪਾਵਨ ਸਰੂਪਾਂ ਦਾ ਸੱਚ ਸਾਹਮਣੇ ਲਿਆਂਦਾ ਜਾਵੇ ਅਤੇ ਸਾਰੇ ਮੁਲਜ਼ਮਾਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਜਾਣ।
