ਪਟਿਆਲਾ 'ਚ ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਸੂਆ ਮਾਰ ਕੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ
Sunday, Dec 04, 2022 - 04:48 PM (IST)

ਪਟਿਆਲਾ (ਕੰਵਲਜੀਤ ਕੰਬੋਜ) : ਪਟਿਆਲਾ 'ਚ ਇਕ ਮਾਮੂਲੀ ਤਕਰਾਰ ਦੇ ਚੱਲਦਿਆਂ ਵਿਅਕਤੀ ਦਾ ਸੁਆ ਮਾਰ ਕੇ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ (35) ਵਾਸੀ ਪਿੰਡ ਚੋਰੇ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦਵਿੰਦਰ ਸਿੰਘ ਪਟਿਆਲਾ ਦੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਪੈਂਦੇ ਠੇਕੇ ਦੇ ਕੋਲ ਆਇਆ ਸੀ ,ਜਿੱਥੇ ਉਸ ਦੇ 2 ਸਾਥੀ ਵੀ ਮੌਜੂਦ ਸਨ। ਇਸੇ ਦੌਰਾਨ ਉਸ ਦੀ ਕੁਝ ਅਣਪਛਾਤੇ ਵਿਅਕਤੀਆਂ ਨਾਲ ਮਾਮੂਲੀ ਤਕਰਾਰ ਹੋ ਗਈ ਅਤੇ ਦੇਖਦੇ-ਹੀ-ਦੇਖਦੇ ਇਸ ਲੜ੍ਹਾਈ ਨੇ ਖ਼ੂਨੀ ਰੂਪ ਧਾਰ ਲਿਆ। ਜਿਸ 'ਤੇ ਇਕ ਵਿਅਕਤੀ ਨੇ ਤੈਸ਼ 'ਚ ਆ ਕੇ ਦਵਿੰਦਰ 'ਤੇ ਬਰਫ਼ ਤੋੜਨ ਵਾਲੇ ਸੂਏ ਨਾਲ ਹਮਲਾ ਕਰ ਦਿੱਤਾ। ਸੂਆ ਦਵਿੰਦਰ ਦੀ ਛਾਤੀ 'ਚ ਲੱਗ ਗਿਆ , ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਅਸੀਂ ਨਾ ਤਾਂ ਸਰਕਾਰ ਦੀ ਚਾਪਲੂਸੀ ਕਰਦੇ ਹਾਂ ਤੇ ਨਾ ਪੁਲਸ ਦੀ
ਇਸ ਸਬੰਧੀ ਗੱਲ ਕਰਦਿਆਂ ਐੱਸ. ਐੱਚ. ਓ. ਅਮਨਦੀਪ ਬਰਾੜ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਸਾਰੀ ਕਾਰਵਾਈ ਕਰਨ ਤੋਂ ਬਾਅਦ ਹੀ ਕਤਲ ਦੇ ਅਸਲ ਕਾਰਨਾਂ ਦੇ ਪਤਾ ਲੱਗ ਸਕੇਗਾ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸ ਦੇਈਏ ਕਿ ਮ੍ਰਿਤਕ ਡਰਾਇਵਰੀ ਦਾ ਕੰਮ ਕਰਦਾ ਸੀ ਅਤੇ ਉਸ ਦੀ 2 ਮਹੀਨਿਆਂ ਦੀ ਬੱਚੀ ਵੀ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।