ਰੋਜ਼ਗਾਰ ਮੇਲਿਆਂ ਦੌਰਾਨ ਲਗਭਗ 3500 ਬੇਰੁਜ਼ਗਾਰਾਂ ਨੂੰ ਮਿਲੇਗਾ ਰੋਜ਼ਗਾਰ

Tuesday, Aug 06, 2019 - 08:28 PM (IST)

ਤਰਨ ਤਾਰਨ/ਚੋਹਲਾ ਸਾਹਿਬ,(ਰਾਕੇਸ਼ ਨਈਅਰ) : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆਂ ਕਰਵਾਉਣ ਹਿੱਤ ਮਹੀਨਾ ਸਤੰਬਰ, 2019 ਦੌਰਾਨ ਜ਼ਿਲੇ 'ਚ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ 'ਚ ਇਹ ਰੋਜ਼ਗਾਰ ਮੇਲੇ 19, 20, ਤੇ 24, 25, 26 ਸਤੰਬਰ ਨੂੰ ਮਾਈ ਭਾਗੋ ਕਾਲਜ ਆਫ ਨਰਸਿੰਗ, ਤਰਨ ਤਾਰਨ ਵਿਖੇ ਲਗਾਏ ਜਾਣਗੇ। 
ਸੱਭਰਵਾਲ ਨੇ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦੌਰਾਨ ਜ਼ਿਲ੍ਹੇ ਦੇ ਲਗਭਗ 3500 ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਲਗਭਗ 3500 ਉਮੀਦਵਾਰਾਂ ਨੂੰ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਤਹਿਤ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਸਬੰਧੀ ਵੱਖ-ਵੱਖ ਉਦਯੋਗਿਕ ਯੂਨਿਟਾਂ, ਸਰਵਿਸ ਸੈਕਟਰ ਤੇ ਬੈਂਕਾ ਆਦਿ ਤੋਂ ਖਾਲੀ ਅਸਾਮੀਆਂ ਸਬੰਧੀ ਸੂਚਨਾ ਇਕੱਤਰ ਕੀਤੀ ਜਾ ਚੁੱਕੀ ਹੈ, ਜੋ ਕਿ ਆਉਣ ਵਾਲੇ ਰੋਜ਼ਗਾਰ ਮੇਲਿਆਂ 'ਚ ਭਰੀਆ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਮਹੀਨਾ ਜੁਲਾਈ, 2019 ਦੌਰਾਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਤਰਨ ਤਰਨ ਰਾਹੀਂ ਜ਼ਿਲ੍ਹੇ ਦੇ ਬਲਾਕ ਪੱਧਰ 'ਤੇ ਲਗਾਏ ਪਲੇਸਮੈਂਟ ਕੈਂਪਾਂ ਦੌਰਾਨ 369 ਉਮੀਦਵਾਰਾਂ ਦੀ ਪਲੇਸਮੈਂਟ ਕਰਵਾਈ ਜਾ ਚੁੱਕੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗਗਨਦੀਪ ਸਿੰਘ ਵਿਰਕ, ਐੱਸ. ਡੀ. ਐੱਮ. ਤਰਨ ਤਾਰਨ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਪੱਟੀ ਨਵਰਾਜ ਸਿੰਘ ਬਰਾੜ, ਐੱਸ. ਡੀ. ਐੱਮ. ਖਡੂਰ ਸਾਹਿਬ ਕੁਲਪ੍ਰੀਤ ਸਿੰਘ ਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
 


Related News